ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਜਿਸ ਕਾਰਨ ਪੰਜਾਬ ਦੇ ਲੋਕ ਗਰਮੀ ਵਿੱਚ ਝੁਲਸ ਰਹੇ ਹਨ। ਵੀਰਵਾਰ ਨੂੰ ਖੁਸ਼ਕ ਮੌਸਮ ਕਾਰਨ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਅਨੁਸਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਸ਼ੁੱਕਰਵਾਰ ਸਵੇਰੇ 8 ਵਜੇ ਪਾਰਾ 34 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ । ਸਵੇਰੇ ਤੋਂ ਹੀ ਬਹੁਤ ਗਰਮੀ ਪੈ ਰਹੀ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 13 ਤੋਂ 15 ਮਈ ਦੌਰਾਨ ਦੱਖਣੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ‘ਲੂ’ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ। 16 ਮਈ ਤੋਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਮੌਸਮ ਵਿੱਚ ਬਦਲਾਅ ਹੋਵੇਗਾ ਅਤੇ ਅਸਮਾਨ ਵਿੱਚ ਹਲਕੇ ਬੱਦਲ ਛਾਏ ਰਹਿਣਗੇ ਜਿਸ ਨਾਲ ਪਾਰਾ ਡਿੱਗੇਗਾ ਤੇ ਗਰਮੀ ਤੋਂ ਕੁਝ ਰਾਹਤ ਮਿਲੇਗੀ।
ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਐਤਵਾਰ ਸਭ ਤੋਂ ਜ਼ਿਆਦਾ ਗਰਮ ਰਹੇਗਾ। ਮੌਸਮ ਵਿਭਾਗ ਮੁਤਾਬਕ ਅੱਜ ਦੁਪਹਿਰ 12.30 ਤੋਂ ਸ਼ਾਮ 4.39 ਵਜੇ ਤੱਕ ਬਹੁਤ ਗਰਮੀ ਰਹੇਗੀ। ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਧੁੱਪ ਵਿੱਚ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ।
ਜੇਕਰ ਇੱਥੇ ਲੁਧਿਆਣਾ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ । ਇਸਦੇ ਨਾਲ ਹੀ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: