Ranjit Singh arrives in Amritsar : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪਿੱਛਲੇ ਸਾਢੇ ਤਿੰਨ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆ ਸਰਹਦਾਂ ‘ਤੇ ਡਟੇ ਹੋਏ ਹਨ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਅੰਦੋਲਨ ਦੇ ਦੌਰਾਨ ਕਿਸਾਨਾਂ ਵਲੋਂ ਲਗਾਤਾਰ ਵੱਖ-ਵੱਖ ਤਰਾਂ ਦੀਆ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ, ਤਾਂ ਕੇ ਸਰਕਾਰ ਤੇ ਕਿਸਾਨਾਂ ਦੀਆ ਮੰਗਾਂ ਮੰਨਣ ਦੇ ਲਈ ਦਬਾਅ ਬਣਾਇਆ ਜਾ ਸਕੇ। ਇਸ ਤਹਿਤ 26 ਜਨਵਰੀ ਵਾਲੇ ਦਿਨ ਕਿਸਾਨਾਂ ਵਲੋਂ ਇੱਕ ਟ੍ਰੈਕਟਰ ਪਰੇਡ ਵੀ ਕੱਢੀ ਗਈ ਸੀ। ਲਾਲ ਕਿਲਾ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਸਿੰਘੂ ਬਾਰਡਰ ਵਿਖੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਵੀ ਕੀਤਾ ਗਿਆ ਸੀ।
ਇਸ ਹਮਲੇ ਦੌਰਾਨ ਮਹਿਲਾਵਾਂ ਅਤੇ ਹੋਰਨਾਂ ਅੰਦੋਲਨਕਾਰੀ ਕਿਸਾਨਾਂ ਨੂੰ ਬਚਾਉਣ ਲਈ ਕੁੱਝ ਨੌਜਵਾਨ ਕਿਸਾਨ ਵੀ ਅੱਗੇ ਸੀ। ਇਸ ਦੌਰਾਨ ਹੀ ਇੱਕ ਗੁਰਸਿੱਖ ਨੌਜਵਾਨ ਰਣਜੀਤ ਸਿੰਘ ਵੀ ਹਮਲਾ ਕਰਨ ਵਾਲੇ ਲੋਕਾਂ ਅੱਗੇ ਢਾਲ ਬਣਿਆ ਸੀ। ਜਿਸ ਤੋਂ ਬਾਅਦ ਰਣਜੀਤ ਨੂੰ ਕਾਫੀ ਤਸ਼ੱਦਦ ਦਾ ਸਾਹਮਣਾ ਵੀ ਕਰਨਾ ਪਿਆ ਸੀ। ਇਸ ਤੋਂ ਬਾਅਦ ਰਣਜੀਤ ਸਿੰਘ ਨੂੰ ਗਿਰਫ਼ਤਾਰ ਵੀ ਕਰ ਲਿਆ ਗਿਆ ਸੀ। ਪਰ ਬੀਤੀ ਰਾਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਨਵਾਂਸ਼ਹਿਰ ਦੇ ਪਿੰਡ ਕਾਜਮਪੁਰ ਦੇ ਰਹਿਣ ਵਾਲੇ ਗੁਰਸਿੱਖ ਨੌਜਵਾਨ ਰਣਜੀਤ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਬੀਤੀ ਦੇਰ ਰਾਤ ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਣੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਪੁੱਜਣ ਤੋਂ ਬਾਅਦ ਲੋਕਾਂ ਨੇ ਨੌਜਵਾਨ ਰਣਜੀਤ ਸਿੰਘ ਦਾ ਫੁੱਲਾਂ ਦੇ ਹਰ ਪਾ ਕੇ ਸਵਾਗਤ ਕੀਤਾ।