ਪੰਜਾਬ ਸਰਕਾਰ ਨੇ ਸੂਬੇ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਸਰਕਾਰ ਨੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ECCE) ਦੇ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਪ੍ਰਾਈਵੇਟ ਸਕੂਲਾਂ, ਪਲੇ-ਵੇਅ ਸਕੂਲਾਂ ਅਤੇ ਹੋਰ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਸਹਾਇਕ ਕਮਿਸ਼ਨਰ ਗੁਰਸਿਮਰਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ECCE ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਭਾਗ ਹੁਣ ਇਹ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਇਸ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਨਿੱਜੀ ਅਦਾਰੇ ਸਰਕਾਰੀ ਨਿਯਮਾਂ ਮੁਤਾਬਕ ਕੰਮ ਕਰਨ।

ਇਸ ਮੰਤਵ ਲਈ ਹੁਣ ਇਨ੍ਹਾਂ ਸੰਸਥਾਵਾਂ ਨੂੰ ਰਜਿਸਟਰ ਕਰਨਾ ਜ਼ਰੂਰੀ ਹੋਵੇਗਾ। ਚਾਹਵਾਨ ਸੰਸਥਾਵਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਜਾਂ ਸਬੰਧਤ ਬਲਾਕ ਦੇ ਸੀਡੀਪੀਓ (ਬਾਲ ਵਿਕਾਸ ਪ੍ਰੋਜੈਕਟ ਅਫ਼ਸਰ) ਨਾਲ ਸੰਪਰਕ ਕਰ ਸਕਦੀਆਂ ਹਨ। ਬਿਨੈ ਕਰਨ ਲਈ ਫਾਰਮ ਨੰਬਰ-1 ਅੰਮ੍ਰਿਤਸਰ ਜ਼ਿਲ੍ਹਾ ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੀਨਾ ਦੇਵੀ ਨੇ ਕਿਹਾ ਕਿ ਜੇ ਕਿਸੇ ਵੀ ਸੰਸਥਾ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਜਾਂ ਬਲਾਕ ਪੱਧਰ ਦੇ ਸੀ.ਡੀ.ਪੀ.ਓ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰੇਕ ਪ੍ਰਾਈਵੇਟ ਈਸੀਸੀਈ ਸੰਸਥਾ ਜਾਂ ਪਲੇ-ਵੇਅ ਸਕੂਲ ਸਮੇਂ ਸਿਰ ਰਜਿਸਟਰਡ ਹੋਵੇ।
ਇਹ ਵੀ ਪੜ੍ਹੋ : ਨੀਰਜ ਚੋਪੜਾ ਨੇ ਦੱਖਣੀ ਅਫਰੀਕਾ ‘ਚ ਗੱਡੇ ਝੰਡੇ, ਪੋਟ ਇਨਵੀਟੇਸ਼ਨਲ ਟ੍ਰੈਕ ਟੂਰਨਾਮੈਂਟ ‘ਚ ਜਿੱਤਿਆ ਗੋਲਡ
ਮੀਨਾ ਦੇਵੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲਾਂ, ਸੰਸਥਾਵਾਂ ਅਤੇ ਪਲੇਅ-ਵੇਅ ਸਕੂਲਾਂ ਦਾ ਨਿਰੀਖਣ ਕੀਤਾ ਜਾਵੇਗਾ। ਜੇ ਕੋਈ ਸੰਸਥਾ ਪਾਲਿਸੀ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ ਪਾਈ ਜਾਂਦੀ ਹੈ ਜਾਂ ਬਿਨਾਂ ਰਜਿਸਟ੍ਰੇਸ਼ਨ ਦੇ ਕੰਮ ਕਰਦੀ ਪਾਈ ਜਾਂਦੀ ਹੈ, ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇਗਾ।
ਸਰਕਾਰ ਦਾ ਇਹ ਕਦਮ ਬੱਚਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨੂੰ ਪਹਿਲ ਦੇਣ ਲਈ ਚੁੱਕਿਆ ਗਿਆ ਹੈ। ECCE ਨੀਤੀ ਦੇ ਤਹਿਤ, ਬੱਚਿਆਂ ਨੂੰ ਇੱਕ ਸੁਰੱਖਿਅਤ ਅਤੇ ਸਿੱਖਿਆਦਾਇਕ ਮਾਹੌਲ ਪ੍ਰਦਾਨ ਕਰਨਾ ਲਾਜ਼ਮੀ ਹੈ, ਅਤੇ ਇਹ ਤਾਂ ਹੀ ਸੰਭਵ ਹੈ ਜਦੋਂ ਸਾਰੀਆਂ ਸੰਸਥਾਵਾਂ ਇੱਕ ਨਿਯੰਤ੍ਰਿਤ ਅਤੇ ਰਜਿਸਟਰਡ ਪ੍ਰਣਾਲੀ ਦੇ ਅਧੀਨ ਕੰਮ ਕਰਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
























