ਪੰਜਾਬ ਵਿਚ ਪੈ ਰਹੀ ਕੜਾਕੇ ਦੀ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਦਿਨੋਂ-ਦਿਨ ਵੱਧ ਰਹੇ ਤਾਪਮਾਨ ਕਾਰਨ ਆਮ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਹੈ, ਜਿਸ ਨਾਲ ਧਰਤੀ ਤੋਂ ਜਿਵੇਂ ਅੱਗ ਉਗਲ ਰਹੀ ਹੈ।
ਉੱਤਰੀ ਭਾਰਤ ਵਿੱਚ ਦੱਖਣ-ਪੱਛਮੀ ਮਾਨਸੂਨ ਦੀ ਹੌਲੀ ਗਤੀਵਿਧੀ ਕਾਰਨ ਪੰਜਾਬ ਵਿੱਚ ਲੰਬੇ ਸਮੇਂ ਤੋਂ ਗਰਮੀ ਬਣੀ ਹੋਈ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ ਨੇ ਇੱਕ ਰਾਹਤ ਭਰੀ ਖ਼ਬਰ ਦਿੱਤੀ ਹੈ ਕਿ 13 ਜੂਨ ਦੀ ਸ਼ਾਮ ਤੋਂ ਮੌਸਮ ਵਿੱਚ ਬਦਲਾਅ ਆਉਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਬੱਦਲਵਾਈ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੇ ਆਸਾਰ ਹੋ ਸਕਦੇ ਹਨ। 14 ਜੂਨ ਨੂੰ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਗਲੇ 2 ਦਿਨਾਂ ਲਈ ‘ਹੀਟ ਵੇਵ’ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਚਿਤਾਵਨੀ ਖਾਸ ਤੌਰ ‘ਤੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਦੇ ਵਿਚਕਾਰ ਦੇ ਸਮੇਂ ਲਈ ਹੈ, ਜਦੋਂ ਤਾਪਮਾਨ ਆਪਣੇ ਸਿਖਰ ‘ਤੇ ਹੁੰਦਾ ਹੈ।
ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਤਿੰਨ ਦਿਨਾਂ ਤੱਕ ਗਰਮੀ ਬਹੁਤ ਜ਼ਿਆਦਾ ਰਹੇਗੀ। 18, 19 ਅਤੇ 20 ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਇੱਥੇ ਕਈ ਥਾਵਾਂ ‘ਤੇ ਤੇਜ਼ ਹੀਟਵੇਵ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ ‘ਤੇ ਗਰਮ ਰਾਤਾਂ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਅਗਲੇ ਦੋ ਦਿਨਾਂ ਤੱਕ ਸੂਬੇ ਦਾ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਅਤੇ ਇਸ ਤੋਂ ਬਾਅਦ ਦੂਰ-ਦੁਰਾਡੇ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। 12 ਅਤੇ 13 ਜੂਨ ਨੂੰ ਕੁਝ ਥਾਵਾਂ ‘ਤੇ ਅਤੇ 14 ਜੂਨ ਨੂੰ ਰਾਜ ਦੇ ਕੁਝ ਥਾਵਾਂ ‘ਤੇ ਹੀਟਵੇਵ ਦੀ ਸੰਭਾਵਨਾ ਹੈ। ਹਾਲਾਂਕਿ, 14 ਤੋਂ 17 ਜੂਨ ਤੱਕ ਕੁਝ ਥਾਵਾਂ ‘ਤੇ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦੀ ਸੰਭਾਵਨਾ ਹੈ। ਰਾਤ ਨੂੰ ਮੌਸਮ ਗਰਮ ਰਹੇਗਾ।
ਇਹ ਵੀ ਪੜ੍ਹੋ : ਅਹਿਮਦਾਬਾਦ ਪਲੇਨ ਕ੍ਰੈਸ਼ : ਹਾਦਸੇ ਦੀ ਖਬਰ ਸੁਣ ਕੇ ਸਲਮਾਨ ਖਾਨ ਨੇ ਕੈਂਸਲ ਕੀਤਾ ਈਵੈਂਟ
ਵਿਭਾਗ ਨੇ ਬਜ਼ੁਰਗਾਂ, ਬੱਚਿਆਂ, ਗਰਭਵਤੀ ਔਰਤਾਂ ਅਤੇ ਬਿਮਾਰ ਲੋਕਾਂ ਨੂੰ ਇਸ ਸਮੇਂ ਦੌਰਾਨ ਘਰ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਹੈ। ਸਿਹਤ ਵਿਭਾਗ ਨੇ ‘ਲੂ’ ਤੋਂ ਬਚਾਅ ਲਈ ਸੁਝਾਅ ਜਾਰੀ ਕੀਤੇ ਹਨ; ਧੁੱਪ ਵਿੱਚ ਬਾਹਰ ਜਾਂਦੇ ਸਮੇਂ ਛੱਤਰੀ ਜਾਂ ਟੋਪੀ ਦੀ ਵਰਤੋਂ ਕਰੋ, ਜਿੰਨਾ ਹੋ ਸਕੇ ਪਾਣੀ ਪੀਓ, ਹਲਕੇ ਅਤੇ ਸੂਤੀ ਕੱਪੜੇ ਪਾਓ ਅਤੇ ਦੁਪਹਿਰ ਵੇਲੇ ਭਾਰੀ ਕਸਰਤ ਅਤੇ ਮਿਹਨਤ ਤੋਂ ਬਚੋ।
ਵੀਡੀਓ ਲਈ ਕਲਿੱਕ ਕਰੋ -: