Ruldu Singh Mansa big announcement: ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਗਿੱਦੜਬਾਹਾ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਹੁਣ ਸਾਡਾ ਅੰਦੋਲਨ ਲੰਬੇ ਸਮੇਂ ਲਈ ਚੱਲੇਗਾ।
ਇਸ ਤੋਂ ਇਲਾਵਾ ਰੁਲਦੂ ਸਿੰਘ ਮਾਨਸਾ ਨੇ 26 ਜਨਵਰੀ ਦੀ ਘਟਨਾ ਬਾਰੇ ਗੱਲ ਕਰਦਿਆਂ ਕਿਹਾ ਕਿ ਉਸ ਸਮੇਂ ਕੰਮ ਬਹੁਤ ਜ਼ਿਆਦਾ ਵਿਗੜ ਗਿਆ ਸੀ ਪਰ ਹੁਣ ਅੰਦੋਲਨ ਵਧੀਆ ਚੱਲ ਰਿਹਾ ਹੈ। ਉਨ੍ਹਾਂ ਨੇ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ ਸਰਕਾਰ ਹੁਣ ਬੁਰੀ ਤਰ੍ਹਾਂ ਫਸ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇੱਕ ਹੱਥ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਹੈ ਤੇ ਦੂਜਾ ਹੱਥ ਸਾਡੇ ਹੱਥ ਵਿੱਚ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨਾਂ ਨੂੰ ਡੇਢ ਸਾਲ ਲਈ ਰੋਕਣ ਦੀ ਗੱਲ ਕਰ ਰਹੀ ਹੈ ਪਰ ਅਸੀਂ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਇਸ ਅੰਦੋਲਨ ਨੂੰ ਖਤਮ ਕਰਾਂਗੇ।
ਦੱਸ ਦੇਈਏ ਕਿ ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ 6 ਮਾਰਚ ਨੂੰ ਕਿਸਾਨਾਂ ਵੱਲੋਂ ਦਿੱਲੀ ਦੀਆਂ ਵੱਡੀਆਂ ਸੜਕਾਂ ਜਾਮ ਕੀਤੀਆਂ ਜਾਣਗੀਆਂ । ਆੜ੍ਹਤੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਆੜ੍ਹਤੀਆਂ ਦੀ ਹਾਜ਼ਰੀ ਬਹੁਤ ਘੱਟ ਹੈ । ਉਨ੍ਹਾਂ ਨੇ ਆੜ੍ਹਤੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਜੇਕਰ ਸਰਕਾਰ ਆੜ੍ਹਤੀਆਂ ਨੂੰ ਕਿਸੇ ਤਰੀਕੇ ਨਾਲ ਡਰਾਉਂਦੀ ਹੈ ਤਾਂ ਕਿਸਾਨ ਉਨ੍ਹਾਂ ਦੇ ਨਾਲ ਖੜ੍ਹੇ ਹਨ।