ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਮੁੱਖ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਵੋਟਰ ਸੂਚੀ ਵਿੱਚ ਵੱਡੀਆਂ ਬੇਨਿਯਮੀਆਂ ਹੋਈਆਂ ਹਨ। ਕਈ ਹੋਰ ਧਰਮਾਂ ਦੇ ਲੋਕਾਂ ਦੀਆਂ ਵੀ ਵੋਟਾਂ ਬਣੀਆਂ ਹੋਈਆਂ ਹਨ। ਇਹ ਮਾਮਲਾ ਭਲਕੇ ਗੁਰਦੁਆਰਾ ਚੋਣ ਕਮਿਸ਼ਨ ਅੱਗੇ ਉਠਾਇਆ ਜਾਵੇਗਾ।
ਇਹ ਮੀਟਿੰਗ ਦੁਪਹਿਰ 12 ਵਜੇ ਤੋਂ ਸਵਾ 2 ਵਜੇ ਦੇ ਕਰੀਬ ਚੱਲੀ। ਮੀਟਿੰਗ ਤੋਂ ਬਾਅਦ ਦਲਜੀਤ ਚੀਮਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਮੁੱਖ ਏਜੰਡਾ ਸ਼੍ਰੋਮਣੀ ਕਮੇਟੀ ਦੀ ਵੋਟਰ ਸੂਚੀ ਵਿੱਚ ਬੇਨਿਯਮੀਆਂ ਸੀ। ਕਈ ਥਾਵਾਂ ‘ਤੇ ਵੋਟਰ ਸੂਚੀਆਂ ਅਜੇ ਤੱਕ ਉਪਲਬਧ ਨਹੀਂ ਕਰਵਾਈਆਂ ਗਈਆਂ ਹਨ। ਅਸੀਂ ਕਮਿਸ਼ਨ ਤੋਂ ਮੰਗ ਕਰਾਂਗੇ ਕਿ ਇਤਰਾਜ਼ ਦਾਖ਼ਲ ਕਰਨ ਦੀ ਤਰੀਕ ਵਧਾਈ ਜਾਵੇ। ਵੋਟਰ ਸੂਚੀ ਵਿੱਚ ਵੱਡੇ ਪੱਧਰ ‘ਤੇ ਹੇਰਾਫੇਰੀ ਹੋਈ ਹੈ। ਕਈ ਥਾਵਾਂ ’ਤੇ ਪੂਰੇ ਪਿੰਡ ਦੀਆਂ ਵੋਟਾਂ ਗਾਇਬ ਹਨ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਲਈ ਵੀ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਦਲਜੀਤ ਚੀਮਾ ਨੇ ਗੁਰਪ੍ਰਤਾਪ ਬਡਾਲਾ ਦੇ ਬਿਆਨ ‘ਤੇ ਕਿਹਾ ਕਿ ਸਾਡੇ ਵੱਲੋਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਸਾਰਿਆਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਡੱਲੇਵਾਲ ਨੂੰ ਲੈ ਕੇ ਅਹਿਮ ਖ਼ਬਰ, ਟਰਾਲੀ ‘ਚੋਂ ਲਿਆਂਦਾ ਗਿਆ ਬਾਹਰ, ਖਾਸ ਜਗ੍ਹਾ ਕੀਤਾ ਜਾ ਰਿਹਾ ਸ਼ਿਫ਼ਟ
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਨੂੰ 24 ਜਨਵਰੀ ਨੂੰ ਇਸ ਦੀ ਜਾਣਕਾਰੀ ਮਿਲੇਗੀ। ਬੀ.ਐੱਲ.ਓ ਵੱਲੋਂ ਜਾਣਕਾਰੀ ਦਿੱਤੀ ਗਈ ਅਤੇ ਨਾਮ ਵੀ ਅੰਨ੍ਹੇਵਾਹ ਭਰੇ ਗਏ। ਸੂਚੀ ਵਿੱਚ ਅਜਿਹੇ ਲੋਕਾਂ ਦੇ ਨਾਂ ਹਨ ਜੋ ਸਿੱਖ ਵੀ ਨਹੀਂ ਹਨ। ਫੋਟੋ ਪ੍ਰਦਾਨ ਨਹੀਂ ਕੀਤੀ ਗਈ। ਇਤਰਾਜ਼ ਉਠਾਉਣ ਵਾਲੇ ਵਫ਼ਦ ਵਿੱਚ ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਆਗੂ ਸ਼ਾਮਲ ਹੋਣਗੇ।
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ 20 ਜਨਵਰੀ ਤੋਂ ਸ਼ੁਰੂ ਹੋ ਗਈ ਹੈ। ਕਈ ਵੱਡੇ ਆਗੂ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਸੁਖਬੀਰ ਸਿੰਘ ਬਾਦਲ ਸਮੇਤ ਕਈ ਵੱਡੇ ਆਗੂ ਪਾਰਟੀ ਦੀ ਮੈਂਬਰਸ਼ਿਪ ਲੈ ਚੁੱਕੇ ਹਨ। ਅਕਾਲੀ ਦਲ ਨੇ 50 ਲੱਖ ਮੈਂਬਰ ਬਣਾਉਣ ਦਾ ਟੀਚਾ ਰੱਖਿਆ ਹੈ।
ਵੀਡੀਓ ਲਈ ਕਲਿੱਕ ਕਰੋ -:
