ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨ ਤੋਂ ਬਾਅਦ ਵੀ ਕਿਸਾਨ ਇਨ੍ਹਾਂ ਕਾਨੂੰਨਾਂ ਵਿਰੁੱਧ ਡਟੇ ਹੋਏ ਹਨ । ਇਸ ਸੰਘਰਸ਼ ਵਿੱਚ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋਏ ਹਨ। ਇਸੇ ਵਿਚਾਲੇ ਇੱਕ ਹੋਰ ਕਿਸਾਨ ਦੇ ਸ਼ਹੀਦ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ।
ਦਰਅਸਲ, ਰਮਤਾ ਸਿੰਘ ਨਾਮ ਦਾ ਕਿਸਾਨ ਜੋ ਕਿ ਪਿਛਲੇ 40 ਦਿਨਾਂ ਤੋਂ ਦਿੱਲੀ ਦੇ ਟਿਕਰੀ ਬਾਰਡਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਿਹਾ ਸੀ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ।
ਦੱਸਿਆ ਜਾ ਰਿਹਾ ਹੈ ਕਿ ਰਮਤਾ ਸਿੰਘ ਜ਼ਿਲ੍ਹਾ ਸੰਗਰੂਰ ਦੇ ਪਿੰਡ ਖੋਖਰ ਕਲਾਂ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਜਦੋਂ ਰਮਤਾ ਸਿੰਘ ਆਪਣੇ ਪਿੰਡ ਖੋਖਰ ਕਲਾਂ ਨੂੰ ਜਾ ਰਿਹਾ ਸੀ ਤਾਂ ਲਹਿਰਾ ਨੇੜੇ ਗਾਗਾ ਕੈਂਚੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ।
ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਅਤੇ ਗ੍ਰਾਹਕ ਲਹਿਰਾ ਦੇ ਮੀਤ ਪ੍ਰਧਾਨ ਸੁਭਾਸ਼ ਸਿੰਘ ਅਤੇ ਬੀਕੇ ਸਿੰਘ ਨੇ ਦੱਸਿਆ ਕਿ ਕਿਸਾਨ ਰਮਤਾ ਸਿੰਘ 40 ਦਿਨਾਂ ਤੋਂ ਸੰਘਰਸ਼ ਵਿੱਚ ਡਟਿਆ ਹੋਇਆ ਸੀ ਅਤੇ ਜਦੋਂ ਤੋਂ ਦਿੱਲੀ ਵਿੱਚ ਸੰਘਰਸ਼ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਕਿਸਾਨ ਦਿੱਲੀ ਦੇ ਟਿਕਰੀ ਬਾਰਡਰ ‘ਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਲੜਾਈ ਲੜ ਰਹੇ ਸਨ।
ਇਹ ਵੀ ਪੜ੍ਹੋ: ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੂੰ ਵਧਾਈ ਦੇਣ ਪਹੁੰਚੇ ਵਿਧਾਇਕ ਰਾਜਾ ਵੜਿੰਗ ਤੇ ਕੁਲਬੀਰ ਜ਼ੀਰਾ
ਕਿਸਾਨ ਨੇਤਾ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦੀ ਲੜਾਈ ਵਿੱਚ 600 ਤੋਂ ਵੱਧ ਕਿਸਾਨਾਂ ਸ਼ਹੀਦ ਹੋ ਚੁੱਕੇ ਹਨ ਅਤੇ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਬਿਲਕੁਲ ਨਹੀਂ ਸੁਣ ਰਹੀ। ਕਿਸਾਨ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਕਿਸਾਨ ਰਮਤਾ ਸਿੰਘ ਦੇ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ ਤੇ ਇਸ ਦਾ ਕਰਜ਼ਾ ਵੀ ਮੁਆਫ ਕੀਤਾ ਜਾਵੇ।
ਉੱਥੇ ਹੀ ਦੂਜੇ ਪਾਸੇ ਲਹਿਰਾਗਾਗਾ ਪੁਲਿਸ ਵੱਲੋਂ ਕਿਸਾਨ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਰਿਵਾਰ ਵਾਲਿਆਂ ਦੇ ਬਿਆਨਾਂ ‘ਤੇ ਧਾਰਾ 174 ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਦੇਖੋ: ਜਦੋਂ Navjot Singh Sidhu ਦੀ ਪ੍ਰਧਾਨਗੀ ਦਾ ਹੋਇਆ ਐਲਾਨ ਤਾਂ ਸਭ ਤੋਂ ਪਹਿਲਾਂ ਸਿੱਧੂ ਨੇ ਕੀਤਾ ਆਹ ਕੰਮ