ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਾਵਨ ਅਸਥਾਨ ‘ਤੇ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਅਤੇ ਆਲੇ ਦੁਆਲੇ ਦੀ ਸੁਰੱਖਿਆ ਨੂੰ ਮਜ਼ਬੂਤ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਆਪਣਾ ਇਕ ਖੁਫੀਆ ਵਿੰਗ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਸ਼ਾਮ ਵਾਪਰੀ ਮੰਦਭਾਗੀ ਘਟਨਾ ਦੌਰਾਨ ਹੋਈ ਭੁੱਲ ਚੁੱਕ ਬਖਸ਼ਾਉਣ ਲਈ ਸ੍ਰੀ ਦਰਬਾਰ ਸਾਹਿਬ ਦੇ ਮੰਜੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਅਤੇ ਸਮੂਹ ਗੁਰਦੁਆਰਾ ਕਮੇਟੀਆਂ ਨਾਲ ਸਰਗਰਮ ਤਾਲਮੇਲ ਰੱਖਣ ਅਤੇ ਇਹ ਯਕੀਨੀ ਬਣਾਉਣ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਕਿਸੇ ਵੀ ਸਮੇਂ ਅਣਗੌਲਿਆ ਨਾ ਕੀਤਾ ਜਾਵੇ। ਉਨ੍ਹਾਂ ਡੀ.ਜੀ.ਪੀ., ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਸਾਰੇ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਚੌਵੀ ਘੰਟੇ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਸੁਰੱਖਿਆ ਲਈ ਪੁਲੀਸ ਨਾਲੋਂ ਆਪਣੇ ਸੇਵਾਦਾਰਾਂ ’ਤੇ ਜ਼ਿਆਦਾ ਭਰੋਸਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਕੋਲ ਇੱਕ ਸਮਰਪਿਤ ਅਤੇ ਕੁਸ਼ਲ ਸਟਾਫ ਹੈ ਜੋ ਜਾਣਦਾ ਹੈ ਕਿ ਗੁਰਦੁਆਰੇ ਦੀ ਪਵਿੱਤਰਤਾ ਦੀ ਸੰਭਾਲ ਕਿਵੇਂ ਕਰਨੀ ਹੈ। ਉਨ੍ਹਾਂ ਬੇਅਦਬੀ ਕਰਨ ਆਏ ਦੋਸ਼ੀਆਂ ਨੂੰ ਫੜਨ ਲਈ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਸੁਚੇਤਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਵਨ ਅਸਥਾਨ ਦੇ ਅੰਦਰ ਤਾਇਨਾਤ ਸਟਾਫ਼ ਨੇ ਆਪਣੀ ਡਿਊਟੀ ਪੂਰੀ ਚੌਕਸੀ ਨਾਲ ਨਿਭਾਈ ਹੈ। ਕਪੂਰਥਲਾ ਦੇ ਗੁਰੂ ਘਰ ਵਿੱਚ ਬੇਅਦਬੀ ਦੀ ਕੋਸ਼ਿਸ਼ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ, “ਜੇਕਰ ਪੁਲਿਸ ਵੱਲੋਂ ਪਿਛਲੇ ਸਮੇਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਗਈ ਹੁੰਦੀ ਤਾਂ ਕੋਈ ਵੀ ਅਜਿਹੀ ਘਟਨਾ ਦੀ ਕੋਸ਼ਿਸ਼ ਕਰਨ ਦੀ ਹਿੰਮਤ ਨਹੀਂ ਕਰ ਸਕਦਾ ਸੀ।
ਵੀਡੀਓ ਲਈ ਕਲਿੱਕ ਕਰੋ -: