ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੀ ਸਿਹਤ ਅੱਜ ਯਾਨੀ ਕਿ ਸੋਮਵਾਰ ਸਵੇਰੇ ਅਚਾਨਕ ਖਰਾਬ ਹੋ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ । ਮਿਲੀ ਜਾਣਕਾਰੀ ਅਨੁਸਾਰ ਅਸ਼ਵਨੀ ਸੇਖੜੀ ਨੂੰ ਛਾਤੀ ਵਿੱਚ ਦਰਦ ਹੋਣ ਦੀ ਸਮੱਸਿਆ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨਾਂ ਤੋਂ ਅਸ਼ਵਨੀ ਸੇਖੜੀ ਕੁਝ ਦਿਨਾਂ ਤੋਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦਰਅਸਲ, ਉਨ੍ਹਾਂ ਵਲੋਂ ਕਾਂਗਰਸ ਪਾਰਟੀ ਨੂੰ ਛੱਡਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ ।
ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਸੀਨੀਅਰ ਪਾਰਟੀ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਬਣੇ ਰਹਿਣਗੇ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ।
ਦੱਸ ਦੇਈਏ ਕਿ ਮੁੱਖ ਮੰਤਰੀ ਨੇ ਬੀਤੇ ਦਿਨ ਸੇਖੜੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਭਰੋਸਾ ਦਿੱਤਾ । ਉਨ੍ਹਾਂ ਕਿਹਾ ਕਿ ਸੇਖੜੀ ਪੱਕੇ ਕਾਂਗਰਸੀ ਹਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਨਾਲ ਬਿਤਾਇਆ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਸਾਰੀਆਂ ਅਫਵਾਹਾਂ ਬੇਬੁਨਿਆਦ ਹਨ । ਕੈਪਟਨ ਅਮਰਿੰਦਰ ਨੇ ਦੱਸਿਆ ਕਿ ਸੇਖੜੀ ਨੇ ਮੀਡੀਆ ਦੇ ਇੱਕ ਹਿੱਸੇ ਵਿੱਚ ਛਪੀਆਂ ਖਬਰਾਂ ਕਿ ਉਹ ਕਾਂਗਰਸ ਪਾਰਟੀ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਜਾ ਰਹੇ ਹਨ, ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।