ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਮਰੀਨ ਹਾਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਪ੍ਰਵਾਨ ਕੀਤੀ ਗਈ, ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ ਪਰ ਫੈਸਲਾ ਬਹੁਮਤ ਨਾਲ ਲਿਆ ਗਿਆ। ਗਿਆਨੀ ਜਗਤਾਰ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਗਾਇਆ ਹੈ, ਜੋ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਉਣਗੇ।
ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਚੱਲ ਰਹੀ ਹੈ। ਸ਼੍ਰੋਮਣੀ ਕਮੇਟੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਿਊਟੀਆਂ ਦੀ ਕਥਿਤ ਉਲੰਘਣਾ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ।
ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਸ ਦਾ ਵਿਆਹ ਜਥੇਦਾਰ ਦੀ ਸਾਲੀ ਨਾਲ ਹੋਇਆ ਸੀ। ਉਸ ਨੇ 16 ਦਸੰਬਰ 2024 ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਕੋਲ ਜਥੇਦਾਰ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ : ਸੋਨੂੰ ਸੂਦ ਦੀ Court ‘ਚ ਹੋਈ ਪੇਸ਼ੀ, ਲੁਧਿਆਣਾ ਅਦਾਲਤ ਨੇ ਜਾਰੀ ਕੀਤੇ ਸਨ ਗ੍ਰਿਫ਼ਤਾਰੀ ਵਾਰੰਟ
ਉਸ ਨੇ ਦੋਸ਼ ਲਾਇਆ ਸੀ ਕਿ ਜਥੇਦਾਰ ਨੇ ਉਸ ਦੇ ਵਿਆਹੁਤਾ ਜੀਵਨ ਵਿੱਚ ਦਖ਼ਲਅੰਦਾਜ਼ੀ ਕੀਤੀ ਅਤੇ ਉਸ ਦੀ ਪਤਨੀ ਨੂੰ ਵਰਗਲਾਇਆ, ਜਿਸ ਕਾਰਨ ਉਨ੍ਹਾਂ ਦਾ ਤਲਾਕ ਹੋ ਗਿਆ। ਉਸ ਨੇ ਦਾਅਵਾ ਕੀਤਾ ਕਿ ਜਥੇਦਾਰ ਨੇ ਉਸ ਨੂੰ ਪ੍ਰੇਸ਼ਾਨ ਕਰਨ ਲਈ ਆਪਣੇ ਪ੍ਰਭਾਵ ਦੀ ਵਰਤੋਂ ਕੀਤੀ ਅਤੇ ਉਸ ਨੂੰ ਅਦਾਲਤੀ ਕੇਸਾਂ ਵਿੱਚ ਫਸਾਇਆ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਹ ਸ਼੍ਰੋਮਣੀ ਕਮੇਟੀ ਦਾ ਮੁਲਾਜ਼ਮ ਸੀ ਪਰ ਉਸ ਦੀ ਨੌਕਰੀ ਚਲੀ ਗਈ ਅਤੇ ਉਹ ਡਿਪਰੈਸ਼ਨ ਵਿੱਚ ਚਲਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਮੁੱਦੇ ’ਤੇ ਵਿਚਾਰ ਕਰਨ ਲਈ 28 ਜਨਵਰੀ ਨੂੰ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸੱਦੀ ਸੀ ਪਰ ਗਿਆਨੀ ਰਘਬੀਰ ਸਿੰਘ ਨੇ ਇਹ ਮੀਟਿੰਗ ਮੁਲਤਵੀ ਕਰ ਦਿੱਤੀ। ਪਰ ਉਨ੍ਹਾਂ ਕਿਹਾ ਹੈ ਕਿ ਇਹ ਮੀਟਿੰਗ ਵਿਦੇਸ਼ ਤੋਂ ਪਰਤਣ ਤੋਂ ਬਾਅਦ ਦੁਬਾਰਾ ਬੁਲਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
