ਦਿੱਲੀ ਦੇ ਮੈਟਰੋ ਸਟੇਸ਼ਨ ‘ਤੇ ਸੀਆਰਪੀਐਫ ਦੇ ਜਵਾਨ ਵੱਲੋਂ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਲੈ ਜਾਣ ਤੋਂ ਰੋਕਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਨਿਖੇਧੀ ਕੀਤੀ ਹੈ। ਉਹ ਜਲਦੀ ਹੀ ਇਸ ਸਬੰਧੀ ਦੇਸ਼ ਦੀ ਸਰਕਾਰ ਅਤੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਣ ਜਾ ਰਹੇ ਹਨ।
ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਕਿਰਪਾਨ ਨਾਲ ਦਿੱਲੀ ਦੇ ਮੈਟਰੋ ਸਟੇਸ਼ਨ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਅਜਿਹਾ ਕਰਨ ਵਾਲੇ ਕਰਮਚਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਦੇਸ਼ ਵਿੱਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਮਾਮਲੇ ਵਾਰ-ਵਾਰ ਸਾਹਮਣੇ ਆ ਰਹੇ ਹਨ। ਦੁੱਖ ਦੀ ਗੱਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਨਹੀਂ ਕਰ ਰਹੀਆਂ। ਭਾਰਤੀ ਸੰਵਿਧਾਨ ਵਿੱਚ ਧਾਰਮਿਕ ਮਾਨਤਾਵਾਂ ਦੀ ਰਾਖੀ ਕਰਨ ਦੀ ਆਜ਼ਾਦੀ ਹੈ। ਇਸ ਦੇ ਬਾਵਜੂਦ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ‘ਤੇ ਸਵਾਲ ਉਠਾਏ ਜਾ ਰਹੇ ਹਨ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਿੱਖ ਧਰਮ ਦੇ ਪ੍ਰਤੀਕ ਕਿਰਪਾਨ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਹੈ। ਕੁਝ ਸਮਾਂ ਪਹਿਲਾਂ ਹਵਾਬਾਜ਼ੀ ਮੰਤਰਾਲੇ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿਚ ਭਾਰਤੀ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਮਨਾਹੀ ਕੀਤੀ ਗਈ ਸੀ ਪਰ ਸ਼੍ਰੋਮਣੀ ਕਮੇਟੀ ਦੇ ਦਖਲ ਤੋਂ ਬਾਅਦ ਹਵਾਬਾਜ਼ੀ ਮੰਤਰਾਲੇ ਨੇ ਆਪਣਾ ਫ਼ਰਮਾਨ ਵਾਪਸ ਲੈ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: