ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਪਰਿਵਾਰ ਆਪਣੀਆਂ ਮੰਗਾਂ ਨੂੰ ਲੈ ਕੇ ਪੋਸਟਮਾਰਟਮ ਨਾ ਕਰਵਾਉਣ ‘ਤੇ ਅੜ੍ਹਿਆ ਰਿਹਾ ਪਰ CM ਭਗਵੰਤ ਮਾਨ ਦੇ ਭਰੋਸੇ ਤੋਂ ਬਾਅਦ ਮੂਸੇਵਾਲਾ ਦਾ ਪਰਿਵਾਰ ਮੰਨ ਗਿਆ ਅਤੇ ਸੋਮਵਾਰ ਦੇਰ ਸ਼ਾਮ ਪੰਜ ਡਾਕਟਰਾਂ ਦੇ ਪੈਨਲ ਵੱਲੋਂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ । ਜਿਸ ਤੋਂ ਬਾਅਦ ਮੰਗਲਵਾਰ ਨੂੰ ਮੂਸੇਵਾਲਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੂਸੇ ਵਿਖੇ ਕੀਤਾ ਜਾਵੇਗਾ । ਪ੍ਰਸ਼ਾਸਨ ਵੱਲੋਂ ਇਸਨੂੰ ਲੈ ਕੇ ਪੂਰੀ ਤਿਆਰੀ ਕਰ ਲਈ ਗਈ ਹੈ ਅਤੇ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ।
ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਬਹੁਤ ਜ਼ਿਆਦਾ ਗਰਮਾ ਗਈ ਹੈ । ਵਿਰੋਧੀ ਪਾਰਟੀਆਂ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ‘ਆਪ’ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸਕਿਓਰਿਟੀ ਵਾਪਸ ਲੈਣ ‘ਤੇ ਵਿਰੋਧੀ ਪਾਰਟੀਆਂ ਵੱਲੋਂ ਹਮਲਾ ਕੀਤਾ ਜਾ ਰਿਹਾ ਹੈ। ਸਿੱਧੂ ਦੀ ਮੌਤ ਮਗਰੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਸ਼ਹੂਰ ਗਾਇਕ ਗੁਰਦਾਸ ਮਾਨ, ਗਾਇਕ ਆਰ ਨੇਤ, ਗਾਇਕਾ ਅਫਸਾਨਾ ਖਾਨ ਵੀ ਪਹੁੰਚੇ ।
ਦੱਸ ਦੇਈਏ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਐਤਵਾਰ ਸ਼ਾਮ ਅਣਪਛਾਤੇ ਵਿਅਕਤੀਆਂ ਨੇ ਦਿਨ-ਦਿਹਾੜੇ ਸਿੱਧੂ ਮੂਸੇਵਾਲਾ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ । ਇੱਕ ਚਸ਼ਮਦੀਦ ਅਨੁਸਾਰ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਦਾ ਪਿੱਛਾ ਕਰਨ ਤੋਂ ਬਾਅਦ ਇੱਕ ਵਿਅਕਤੀ ਨੇ ਟਾਇਰ ਵਿੱਚ ਗੋਲੀਆਂ ਚਲਾ ਦਿੱਤੀਆਂ ਅਤੇ ਬਾਅਦ ਵਿੱਚ ਇੱਕ ਹੋਰ ਵਿਅਕਤੀ ਨੇ ਮੂਸੇਵਾਲਾ ‘ਤੇ ਅੰਨ੍ਹੇਵਾਹ ਫਾਈਰਿੰਗ ਕੀਤੀ । ਹਮਲਾਵਰ ਦੋ ਮਿੰਟਾਂ ਵਿੱਚ ਇਸ ਸਾਰੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ।
ਵੀਡੀਓ ਲਈ ਕਲਿੱਕ ਕਰੋ -: