ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ ਇੱਕ ਹੋਰ ਸ਼ਾਰਪ ਸ਼ੂਟਰ ਹਰਕਮਲ ਰਾਣੂ ਨੂੰ ਹਿਰਾਸਤ ਵਿੱਚ ਲਿਆ ਹੈ । ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਰਾਣੂ ਦੇ ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਖੁਦ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ । ਰਾਣੂ ਦਾ ਨਾਂ ਉਨ੍ਹਾਂ 8 ਸ਼ਾਰਪ ਸ਼ੂਟਰਾਂ ਦੀ ਸੂਚੀ ਵਿੱਚ ਸ਼ਾਮਿਲ ਸੀ, ਜਿਨ੍ਹਾਂ ਦੀ ਪਛਾਣ ਦਿੱਲੀ ਸਪੈਸ਼ਲ ਸੈੱਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ ਬੇਨਕਾਬ ਕੀਤੀ ਸੀ।
ਬਠਿੰਡਾ ਵਾਸੀ ਹਰਕਮਲ ਰਾਣੂ ਦੇ ਦਾਦਾ ਗੁਰਚਰਨ ਸਿੰਘ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਨੇ ਖੁਦ ਰਾਣੂ ਨੂੰ ਪੁਲਿਸ ਹਵਾਲੇ ਕਰਨ ਤੋਂ ਪਹਿਲਾਂ ਉਸ ਤੋਂ ਪੁੱਛਗਿੱਛ ਕੀਤੀ ਸੀ। ਰਾਣੂ ਨੇ ਸਪੱਸ਼ਟ ਕਿਹਾ ਕਿ ਭਾਵੇਂ ਪੁਲਿਸ ਨੇ ਉਸ ਦਾ ਨਾਂ ਸ਼ਾਰਪ ਸ਼ੂਟਰਾਂ ਦੀ ਸੂਚੀ ਵਿੱਚ ਸ਼ਾਮਿਲ ਕਰ ਲਿਆ ਹੈ ਪਰ ਇਸ ਮਾਮਲੇ ਵਿੱਚ ਉਸਦਾ ਕੋਈ ਲੈਣਾ-ਦੇਣਾ ਨਹੀਂ ਹੈ। ਰਾਣੂ ਦੇ ਦਾਦਾ ਨੇ ਕਿਹਾ ਕਿ ਇਹ ਜ਼ਰੂਰ ਹੈ ਕਿ ਉਹ ਨਸ਼ਾ ਕਰਦਾ ਹੈ, ਪਰ ਕਿਸੇ ਨੂੰ ਮਾਰਨ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ । ਅਸੀਂ ਉਸ ਨੂੰ ਪੁਲਿਸ ਦੇ ਸਾਹਮਣੇ ਪੇਸ਼ ਕਰ ਦਿੱਤਾ ਹੈ, ਪਰ ਉਹ ਬੇਕਸੂਰ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ : ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ
ਦੱਸ ਦੇਈਏ ਕਿ ਪੁਲਿਸ ਵੱਲੋਂ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਕੀਤੀ ਜਾ ਰਹੀ ਪੁੱਛਗਿੱਛ ਵਿੱਚ ਨਵੀਂਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ । ਪੁਲਿਸ ਸੂਤਰਾਂ ਮੁਤਾਬਕ ਬੁੱਧਵਾਰ ਨੂੰ ਹਿਰਾਸਤ ਵਿੱਚ ਲਏ ਗਏ ਇੱਕ ਸ਼ੱਕੀ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਹਮਲਾਵਰ 25 ਮਈ ਤੋਂ ਸਿੱਧੂ ਮੂਸੇਵਾਲਾ ‘ਤੇ ਹਮਲਾ ਕਰਨ ਲਈ ਇਲਾਕੇ ਵਿੱਚ ਘੁੰਮ ਰਹੇ ਸਨ। ਪਰ ਸਿੱਧੂ ਮੂਸੇਵਾਲਾ ਚਾਰ ਦਿਨ ਬਾਅਦ 29 ਮਈ ਨੂੰ ਉਨ੍ਹਾਂ ਦੇ ਸਾਹਮਣੇ ਆਇਆ ਅਤੇ ਉਸੇ ਦਿਨ ਉਨ੍ਹਾਂ ਨੇ ਉਸਦਾ ਕਤਲ ਕਰ ਦਿੱਤਾ । ਸੂਤਰਾਂ ਮੁਤਾਬਕ ਪੁੱਛਗਿੱਛ ਦੌਰਾਨ ਉਸ ਨੇ ਇਹ ਵੀ ਦੱਸਿਆ ਕਿ ਜੇਕਰ ਸਿੱਧੂ ਮੂਸੇਵਾਲਾ ਇਕ-ਦੋ ਦਿਨ ਅੱਗੇ ਨਾ ਆਉਂਦਾ ਤਾਂ ਹਮਲਾਵਰਾਂ ਨੇ ਉਸ ਦੇ ਘਰ ਵਿੱਚ ਦਾਖਲ ਹੋ ਕੇ ਹਮਲਾ ਕਰਨ ਦੀ ਵੀ ਯੋਜਨਾ ਬਣਾ ਲਈ ਸੀ । ਹਾਲਾਂਕਿ ਕਿਸੇ ਪੁਲਿਸ ਅਧਿਕਾਰੀ ਨੇ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: