ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਦੇ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਦੇ ਲਈ ਰਵਾਨਾ ਹੋਇਆ ਹੈ। ਇਸ ਮੌਕੇ ਸ਼ਰਧਾਲੂਆਂ ਦੇ ਮਨਾਂ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਇਹ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਤੋਂ ਬਾਅਦ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰ 30 ਜੂਨ ਨੂੰ ਮੁੜ ਅਟਾਰੀ ਵਾਹਗਾ ਸਰਹੱਦ ਦੇ ਰਾਹੀਂ ਭਾਰਤ ਪਹੁੰਚੇਗਾ। ਇਸ ਮੌਕੇ ਸ਼ਰਧਾਲੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਜਿਹੜਾ ਅੱਜ ਸਾਨੂੰ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦਾ ਮੌਕਾ ਮਿਲਿਆ ਹੈ।
ਉਹਨਾਂ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਕਿ ਅੱਜ ਅਸੀਂ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਦੇ ਲਈ ਜਾ ਰਹੇ ਹਾਂ। ਉਹਨਾਂ ਕਿਹਾ ਕਿ ਮਨ ਵਿੱਚ ਬਹੁਤ ਖੁਸ਼ੀ ਹੁੰਦੀ ਹੈ ਜਦੋਂ ਅਸੀਂ ਗੁਰੂ ਧਾਮਾਂ ਦੇ ਦਰਸ਼ਨ ਕਰ ਲਈ ਜਾਂਦੇ ਹਾਂ ਪਰ ਉੱਥੇ ਹੀ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਜਿਹੜੇ ਵੀ ਸ਼ਰਧਾਲੂ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹਨਾਂ ਦੇ ਵੱਧ ਤੋਂ ਵੱਧ ਵੀਜੇ ਲਗਾਏ ਜਾਣ। ਜਦੋਂ ਵੀਜੇ ਕੱਟੇ ਜਾਂਦੇ ਹਨ ਤੇ ਮਨ ਨੂੰ ਕਾਫੀ ਦੁੱਖ ਹੁੰਦਾ ਹੈ ਜਿਸਦੇ ਚਲਦੇ ਸ਼ਰਧਾਲੂਆਂ ਦੀ ਆਸਥਾ ਨੂੰ ਕਾਫੀ ਠੇਸ ਪਹੁੰਚਦੀ ਹੈ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ।
ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਅੰਤ੍ਰਿੰਗ ਕਮੇਟੀ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਸ. ਗੁਰਮੀਤ ਸਿੰਘ ਬੂਹ ਅਤੇ ਬੀਬੀ ਹਰਜਿੰਦਰ ਕੌਰ ਜਾਣਗੇ। ਉਨ੍ਹਾਂ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਮਨਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਭਾਰੀ ਉਤਸ਼ਾਹ ਤੇ ਖੁਸ਼ੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਹੁਣ VIP ਲੋਕਾਂ ਨੂੰ ਮੁਫ਼ਤ ਨਹੀਂ ਮਿਲੇਗੀ ਪੁਲਿਸ ਸੁਰੱਖਿਆ, ਹਾਈਕੋਰਟ ਨੇ ਜਾਰੀ ਕੀਤੇ ਹੁਕਮ
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 340 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 23 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ 317 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ ਵੀਜਾ ਲੱਗੇ ਪਾਸਪੋਰਟ ਦਿੱਤੇ ਗਏ ਹਨ। ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੇ ਨਾਲ ਇਹ ਸਿੱਖ ਜੱਥਾ ਅਟਾਰੀ ਵਾਹਗਾ ਸਰਹੱਦ ਤੋਂ ਪਾਕਿਸਤਾਨ ਦੇ ਲਈ ਰਵਾਨਾ ਹੋਇਆ।