ਸੰਯੁਕਤ ਕਿਸਾਨ ਮੋਰਚਾ (SKM) ਨੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪੱਤਰਕਾਰ ਸੰਮੇਲਨ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ 4 ਮਾਰਚ ਨੂੰ ਪੰਜਾਬ ਦੇ ਕਿਸਾਨ ਚੰਡੀਗੜ੍ਹ ਵੱਲ ਮਾਰਚ ਕਰਨਗੇ ਅਤੇ 5 ਮਾਰਚ ਤੋਂ ਉੱਥੇ ਧਰਨਾ ਸ਼ੁਰੂ ਕੀਤਾ ਜਾਵੇਗਾ। ਇਹ ਧਰਨਾ ਇੱਕ ਹਫ਼ਤੇ ਤੱਕ ਜਾਰੀ ਰਹੇਗਾ। ਉਸ ਤੋਂ ਬਾਅਦ ਕਿਸਾਨ ਭਵਿੱਖ ਦੀ ਰਣਨੀਤੀ ਤੈਅ ਕਰਨਗੇ ਅਤੇ ਧਰਨੇ ਨੂੰ ਅੱਗੇ ਲਿਜਾਣ ਬਾਰੇ ਗੱਲਬਾਤ ਕਰਨਗੇ।
ਪਰ ਇਸ ਤੋਂ ਪਹਿਲਾਂ 3 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਬਾਅਦ ਦੁਪਹਿਰ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਇਸ ਦੌਰਾਨ ਉਨ੍ਹਾਂ ਸਾਰੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ, ਜਿਨ੍ਹਾਂ ‘ਤੇ ਸੰਯੁਕਤ ਕਿਸਾਨ ਮੋਰਚਾ 5 ਮਾਰਚ ਤੋਂ ਚੰਡੀਗੜ੍ਹ ਵਿਖੇ ਧਰਨਾ ਦੇਣ ਜਾ ਰਹੀ ਹੈ।
ਇਸ ਮੀਟਿੰਗ ਵਿੱਚ ਦੋ ਅਹਿਮ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ ਅਤੇ ਰੋਸ ਪ੍ਰਗਟ ਕੀਤਾ ਗਿਆ। ਪਹਿਲਾ ਮੁੱਦਾ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਜਲ ਖੋਜ ਐਕਟ ਸੀ। ਕਿਸਾਨਾਂ ਨੇ ਇਸ ਐਕਟ ਨੂੰ ਪੰਜਾਬ ਦੀ ਪ੍ਰਭੂਸੱਤਾ ‘ਤੇ ਹਮਲਾ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।
ਦੂਜਾ ਅਹਿਮ ਮੁੱਦਾ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) 2020 ਦਾ ਸੀ। ਸੰਯੁਕਤ ਕਿਸਾਨ ਮੋਰਚਾ ਨੇ ਇਸ ਨੂੰ ਸੂਬਿਆਂ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ (ਵੀਸੀ) ਦੀ ਨਿਯੁਕਤੀ ਤੋਂ ਲੈ ਕੇ ਪਾਠਕ੍ਰਮ ਨਿਰਧਾਰਨ ਤੱਕ ਦੀਆਂ ਸਾਰੀਆਂ ਸ਼ਕਤੀਆਂ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਸੌਂਪ ਦਿੰਦੀ ਹੈ। ਇਹ ਨੀਤੀ ਸੂਬਿਆਂ ਦੀ ਖੁਦਮੁਖਤਿਆਰੀ ਨੂੰ ਖਤਮ ਕਰ ਰਹੀ ਹੈ ਅਤੇ ਦੇਸ਼ ਦੀ ਭਾਸ਼ਾਈ ਵੰਨ-ਸੁਵੰਨਤਾ ਦੇ ਵਿਰੁੱਧ ਹੈ। ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਨੀਤੀ ਨੂੰ ਸੂਬੇ ਵਿੱਚ ਲਾਗੂ ਨਾ ਕਰਕੇ ਆਪਣੀ ਸੁਤੰਤਰ ਸਿੱਖਿਆ ਨੀਤੀ ਤਿਆਰ ਕਰੇ।
ਇਸ ਤੋਂ ਇਲਾਵਾ ਕਿਸਾਨ ਯੂਨੀਅਨ ਬੀਕੇਯੂ ਤੋਤੇਵਾਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਗਿੱਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੀੜਤ ਦੀ ਸ਼ਿਕਾਇਤ ਦੇ ਆਧਾਰ ‘ਤੇ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ।
ਇਹ ਵੀ ਪੜ੍ਹੋ : 31 ਮਾਰਚ ਤੋਂ ਇਨ੍ਹਾਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ, ਦਿੱਲੀ ਸਰਕਾਰ ਨੇ ਕੀਤਾ ਵੱਡਾ ਐਲਾਨ
ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਕਿ 5 ਮਾਰਚ ਤੋਂ ਸ਼ੁਰੂ ਹੋ ਰਹੇ ਧਰਨੇ ਦੌਰਾਨ ਉਹ ਪੰਜਾਬ ਸਰਕਾਰ ਤੋਂ ਇਨ੍ਹਾਂ ਮੁੱਦਿਆਂ ‘ਤੇ ਠੋਸ ਕਦਮ ਚੁੱਕਣ ਦੀ ਮੰਗ ਕਰਨਗੇ। ਧਰਨੇ ਦਾ ਇੱਕ ਹਫ਼ਤਾ ਪੂਰਾ ਹੋਣ ਤੋਂ ਬਾਅਦ ਕਿਸਾਨ ਅਗਲੀ ਰਣਨੀਤੀ ਤੈਅ ਕਰਨਗੇ। ਮੋਰਚੇ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਧਰਨੇ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
