ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਵੀ ਤੂਫਾਨ ਨਾਲ ਗੜੇਮਾਰੀ ਹੋਈ। ਇਸ ਨਾਲ ਖੇਤਾਂ ਵਿਚ ਕਣਕ ਦੀ ਫਸਲ ਵਿਛ ਗਈ। ਸੰਗਰੂਰ ਵਿੱਚ ਵੀ ਨੁਕਸਾਨ ਹੋਣ ਦੀ ਖ਼ਬਰ ਹੈ। ਇੱਥੇ ਇੱਕ ਟਾਵਰ ਡਿੱਗਣ ਕਾਰਨ 4-5 ਘਰਾਂ ਦੀਆਂ ਛੱਤਾਂ ਉਖੜ ਗਈਆਂ। ਕਈ ਸੜਕਾਂ ‘ਤੇ ਦਰੱਖਤ ਵੀ ਉਖੜ ਗਏ। ਕਿਸਾਨਾਂ ਦੀ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠਾਂ ਪਈ ਹਜ਼ਾਰਾਂ ਟਨ ਕਣਕ ਭਿੱਜ ਗਈ।
ਉਥੇ ਹੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਵੀ ਹਨੇਰੀ ਤੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਦੂਜੇ ਪਾਸੇ ਵੀਰਵਾਰ ਦੇਰ ਰਾਤ ਚੰਡੀਗੜ੍ਹ ਵਿੱਚ ਤੇਜ਼ ਹਵਾਵਾਂ ਦੇ ਨਾਲ 10 ਤੋਂ 15 ਮਿੰਟ ਤੱਕ ਹਲਕੀ ਬਾਰਿਸ਼ ਹੋਈ। ਭਾਵੇਂ ਸ਼ੁੱਕਰਵਾਰ ਨੂੰ ਦਿਨ ਭਰ ਮੌਸਮ ਗਰਮ ਰਿਹਾ ਪਰ ਸ਼ਾਮ 6 ਵਜੇ ਤੋਂ ਬਾਅਦ ਤੇਜ਼ ਹਵਾਵਾਂ ਨਾਲ ਮੌਸਮ ਬਦਲ ਗਿਆ ਅਤੇ ਕੁਝ ਸਮੇਂ ਲਈ ਮੀਂਹ ਵੀ ਪਿਆ। ਮੌਸਮ ਵਿਭਾਗ ਮੁਤਾਬਕ ਇਹ ਬਦਲਾਅ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹੋ ਰਿਹਾ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 37.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 21.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਉਥੇ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਬਾਵਜੂਦ ਸੂਬੇ ਵਿੱਚ ਤਾਪਮਾਨ ਵਿੱਚ ਵਾਧਾ ਜਾਰੀ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਬਾਅਦ ਲੁਧਿਆਣਾ ‘ਚ 39.0 ਡਿਗਰੀ, ਪਟਿਆਲਾ ‘ਚ 38.8 ਡਿਗਰੀ ਅਤੇ ਮੋਗਾ ਦੇ ਬੁੱਧ ਸਿੰਘ ਵਾਲਾ ਸਟੇਸ਼ਨ ‘ਤੇ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਕੇਜਰੀਵਾਲ ਦੀ ਧੀ ਦੇ ਵਿਆਹ ‘ਤੇ CM ਮਾਨ ਦਾ ਵੱਖਰਾ ਅੰਦਾਜ਼, ਪਤਨੀ ਨਾਲ ਖੂਬ ਪਾਇਆ ਭੰਗੜਾ (Video)
ਇਸ ਦੇ ਬਾਵਜੂਦ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅੱਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਸੰਗਰੂਰ ਵਿਚ ਤੂਫਾਨ ਕਾਰਨ ਫਸਲ ਤਬਾਹ ਹੋਣ ਕਰਕੇ ਕਿਸਾਨਾਂ ਦੀਆਂ ਚਿੰਤਾਵਾ ਵਧ ਗਈਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਅਚਾਨਕ ਬਦਲੇ ਮੌਸਮ ਦੇ ਮਿਜਾਜ਼ ਨੇ ਉਨ੍ਹਾਂ ‘ਤੇ ਕਹਿਰ ਵਰ੍ਹਾਇਆ ਹੈ ਅਤੇ ਮੀਂਹ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























