Strict action to : ਚੰਡੀਗੜ੍ਹ : ਕੋਵਿਡ -19 ਮਹਾਂਮਾਰੀ ਦੌਰਾਨ ਮਰੀਜਾਂ ਦੀ ਮਜਬੂਰੀ ਦਾ ਫਾਇਦਾ ਚੁੱਕ ਉਨ੍ਹਾਂ ਦੀ ਆਰਥਿਕ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ l ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਕੀਤੀ ਵਰਚੁਅਲ ਮੀਟਿੰਗ ਦੌਰਾਨ ਕੀਤਾ l
ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰ ਦੁਆਰਾ ਤੈਅ ਰੇਟਾਂ ਤੋਂ ਵੱਧ ਪੈਸੇ ਵਸੂਲਣ ਦੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ l ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ ਉਹ ਸਰਬੱਤ ਦੇ ਭਲੇ ਲਈ ਹੋਵੇ ਪਰ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨ੍ਹਾਂ ਖਿਲਾਫ ਸਖਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ l ਮਹਾਂਮਾਰੀ ਐਕਟ ਦੇ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ l
ਇਹ ਵੀ ਪੜ੍ਹੋ : ਮਿਲੋ Malerkotla ਰਿਆਸਤ ਦੀ ਆਖਰੀ ਬੇਗਮ ਨਾਲ ਸਿੱਖ ਲੋਕ ਵੀ ਕਰਦੇ ਨੇ ਬੇਹੱਦ ਪਿਆਰ
ਉਨ੍ਹਾਂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ ਅਤੇ ਇਸਨੂੰ ਇੱਕ ਚੇਤਾਵਨੀ ਸਮਝਿਆ ਜਾਵੇ ਤੇ ਸਰਕਾਰ ਨੂੰ ਕੋਈ ਸਖਤ ਕਾਰਵਾਈ ਕਰਨ ਲਈ ਮਜਬੂਰ ਨਾ ਕੀਤਾ ਜਾਵੇ l ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਦੌਰਾਨ ਸਾਡੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ (ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਾਰੇ ਸ਼ਾਮਿਲ ਹਨ) ਨੇ ਲੋਕਾਂ ਦੀ ਸੇਵਾ ਦਾ ਇੱਕ ਵਧੀਆ ਉਦਾਹਰਣ ਪੇਸ਼ ਕੀਤੀ ਹੈ ਅਤੇ ਜੀਅ-ਜਾਨ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ ਪਰ ਕੁਝ ਕਾਲੀਆਂ ਭੇਡਾਂ ਹਨ ਜੋ ਇਨ੍ਹਾਂ ਹਾਲਾਤਾਂ ਦਾ ਗ਼ਲਤ ਫਾਇਦਾ ਚੁੱਕ ਕੇ ਲੋਕਾਂ ਨੂੰ ਠੱਗ ਰਹੀਆਂ ਹਨ ਜਿਸ ਨਾਲ ਕਿ ਪੂਰੇ ਪੇਸ਼ੇ ਦਾ ਅਕਸ ਖਰਾਬ ਹੋ ਸਕਦਾ ਹੈ l ਉਨ੍ਹਾਂ ਅਜਿਹੇ ਗੈਰ ਕਾਨੂੰਨੀ ਅਨਸਰਾਂ ਨੂੰ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਉਹ ਤੁਰੰਤ ਪ੍ਰਭਾਵ ਨਾਲ ਗ਼ਲਤ ਕਾਰਵਾਈਆਂ ਨੂੰ ਬੰਦ ਕਰਨ ਅਤੇ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ l
ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਵਾਈਆਂ ਅਤੇ ਆਕਸੀਜਨ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ l ਆਕਸੀਜਨ ਦੀ ਗੁਣਵੱਤਾ ਜਾਂ ਰਿਫਿਲ ਕੀਤੇ ਸਿਲੰਡਰਾਂ ਵਿੱਚ ਘੱਟ ਆਕਸੀਜਨ ਭਰਨ ਦੇ ਮੁੱਦੇ ਤੇ ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਵੈਂਡਰਾਂ ਖਿਲਾਫ ਵੀ ਸਰਕਾਰ ਕਾਨੂੰਨੀ ਕਦਮ ਚੁੱਕ ਰਹੀ ਹੈ l ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਇੱਕ ਕਮੇਟੀ ਵੱਲੋਂ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਹੋਏ ਕੋਵਿਡ ਮਰੀਜ਼ਾਂ ਦੇ ਇਲਾਜ ਦਾ ਆਡਿਟ ਵੀ ਕੀਤਾ ਜਾਵੇਗਾ l ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਸ਼ਿਕਾਇਤਾਂ ਵਿਭਾਗ ਦੇ ਟੋਲ ਫ੍ਰੀ ਨੰਬਰ 104 ਤੇ ਦਰਜ ਕਰਵਾ ਸਕਦੇ ਹਨ ਜਿਸ ‘ਤੇ ਕਿ ਤੁਰੰਤ ਕਾਰਵਾਈ ਕੀਤੀ ਜਾਵੇਗੀ l ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਸਰਪੰਚਾਂ ਨਾਲ ਵੀਡੀਓ ਕਾਨਫਰੰਸ ਜਰੀਏ ਗੱਲਬਾਤ ਕੀਤੀ ਜਾਵੇਗੀ ਅਤੇ ਪਿੰਡਾਂ ਵਿੱਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ l
ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੁਆਰਾ ਵਿਸ਼ਵਾਸ ਦਵਾਇਆ ਗਿਆ ਕਿ ਉਹ ਪੂਰੀ ਤਰ੍ਹਾਂ ਸੂਬਾ ਸਰਕਾਰ ਨਾਲ ਹਨ, ਜੇਕਰ ਕੋਈ ਹਸਪਤਾਲ ਮਰੀਜ਼ਾਂ ਦੀ ਲੁੱਟ-ਖਸੁੱਟ ਕਰਦਾ ਹੈ ਤਾਂ ਆਈ.ਐਮ.ਏ. ਉਸ ਡਾਕਟਰ/ਹਸਪਤਾਲ ਨੂੰ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਹੀਂ ਦੇਵੇਗੀ। ਇਸ ਮੀਟਿੰਗ ਵਿੱਚ ਖਾਸ ਤੌਰ ਤੇ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ ਸਿੰਘ, ਆਈ.ਐਮ.ਏ. ਸੂਬਾ ਪ੍ਰਧਾਨ ਡਾ. ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਿਆਂ ਦੇ ਹੋਰ ਮੈਂਬਰ ਸ਼ਾਮਿਲ ਸਨ l
ਇਹ ਵੀ ਪੜ੍ਹੋ : ਧਮਕੀਆਂ ਮਿਲਣ ਤੋਂ MLA Pargat Singh ਦਾ ਧਮਾਕੇਦਾਰ Interview , Captain ਦੀਆਂ ਉਡਾ ਦਿੱਤੀਆਂ ਧੱਜੀਆਂ