ਪਟਿਆਲਾ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਈ ਰਾਜੋਆਣਾ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਰਕੇ ਉਨ੍ਹਾਂ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ PGI ਚੰਡੀਗੜ੍ਹ ਵਿਚ ਦਾਖ਼ਲ ਕਰਵਾਇਆ ਗਿਆ। ਭਾਈ ਰਾਜੋਆਣਾ ਨੂੰ ਬਖਤਰਬੰਦ ਗੱਡੀ ‘ਚ ਚੰਡੀਗੜ੍ਹ ਵਿਚ ਲਿਆਂਦਾ ਗਿਆ। ਦੱਸਿਆ ਜਾ ਰਿਹਾ ਹੈ ਕਿ ਭਾਈ ਰਾਜੋਆਣਾ ਨੂੰ ਅੱਖਾਂ ਵਿਚ ਤਕਲੀਫ ਹੋਈ ਸੀ, ਜਿਸ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਲਿਆਂਦਾ ਗਿਆ ਤੇ ਇਲਾਜ ਤੋਂ ਬਾਅਦ ਦੇਰ ਸ਼ਾਮ ਉਨ੍ਹਾਂ ਨੂੰ ਵਾਪਸ ਕੇਂਦਰੀ ਜੇਲ੍ਹ ਵਿਚ ਭੇਜ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਭਾਈ ਰਾਜੋਆਣਾ ਦੀਆਂ ਅੱਖਾਂ ਵਿਚ ਦਰਦ ਸ਼ੁਰੂ ਹੋ ਗਿਆ ਸੀ ਤਾਂ ਉਨ੍ਹਾਂ ਨੂੰ ਮੈਡੀਕਲ ਦੀ ਸਹੂਲਤ ਦੇਣ ਵਾਸਤੇ ਤਿੰਨ ਘੰਟੇ ਦੀ ਪੈਰੋਲ ਦਿੱਤੀ ਗਈ। ਉਨ੍ਹਾਂ ਨੂੰ ਦੁਪਹਿਰ ਕਰੀਬ 3 ਵਜੇ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਤੇ ਸ਼ਾਮ 6 ਵਜੇ ਪਟਿਆਲਾ ਜੇਲ੍ਹ ਵਿਚ ਵਾਪਸ ਲਿਆਂਦਾ ਗਿਆ।
ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਇਸੇ ਸਾਲ ਜਨਵਰੀ ਮਹੀਨੇ ਵਿਚ ਅਹਿਮ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ 18 ਮਾਰਚ ਤੱਕ ਫ਼ੈਸਲਾ ਲੈਣ ਦੇ ਆਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਉਹ ਕੇਂਦਰ ਸਰਕਾਰ ਨੂੰ ਆਖਰੀ ਮੌਕਾ ਦੇ ਰਹੀ ਹੈ।
ਸੁਪਰੀਮ ਕੋਰਟ ਹੁਣ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ‘ਤੇ 18 ਮਾਰਚ ਨੂੰ ਸੁਣਵਾਈ ਕਰੇਗੀ। ਰਾਜੋਆਣਾ ਨੇ “ਅਸਾਧਾਰਨ” ਅਤੇ “ਨਾਵਾਜਬ ਦੇਰੀ” ਦੇ ਆਧਾਰ ‘ਤੇ ਆਪਣੀ ਮੌਤ ਦੀ ਸਜ਼ਾ ਨੂੰ ਬਦਲਣ ਦੀ ਅਪੀਲ ਕੀਤੀ ਹੈ। ਪਟੀਸ਼ਨ ‘ਚ ਦਲੀਲ ਦਿੱਤੀ ਗਈ ਹੈ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ ‘ਤੇ ਫ਼ੈਸਲਾ ਲੈਣ ‘ਚ ਕਾਫੀ ਦੇਰੀ ਕੀਤੀ ਹੈ। ਉਹ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹੈ।
ਇਹ ਵੀ ਪੜ੍ਹੋ : MP ਔਜਲਾ ਨੇ ਸੰਸਦ ‘ਚ ਚੁੱਕਿਆ ਚਾਈਨਾ ਡੋਰ ਦਾ ਮੁੱਦਾ, ਸਖਤ ਪਾਬੰਦੀ ਲਾਉਣ ਦੀ ਕੀਤੀ ਮੰਗ, ਬੋਲੇ-‘ਜਾ ਰਹੀਆਂ ਜਾਨਾਂ’
ਸੁਪਰੀਮ ਕੋਰਟ ਵਿੱਚ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦਾ ਮਾਮਲਾ ਤਤਕਾਲੀ ਚੀਫ਼ ਜਸਟਿਸ ਐੱਸ.ਏ. ਬੋਬਡੇ ਦੇ ਕਾਰਜਕਾਲ ਤੋਂ ਲੰਬਿਤ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ 15 ਸਾਲਾਂ ਤੋਂ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ ਅਤੇ ਪਿਛਲੇ 29 ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਸ ਨੇ ਦਲੀਲ ਦਿੱਤੀ ਕਿ ਹੁਣ ਉਸ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
