ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਮਹੀਨਿਆਂ ਵਿੱਚ ਹੀ ਪੰਜਾਬ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਢਹਿ ਢੇਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅੱਤਵਾਦੀ ਹਮਲੇ ਹੋ ਰਹੇ ਹਨ ਤੇ ਨਸ਼ੇ ਦੀ ਓਵਰਡੋਜ਼ ਕਾਰਨ ਅਣਗਿਣਤ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਇਸ ਤੋਂ ਅੱਗੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੋ ਮਹੀਨਿਆਂ ਵਿੱਚ ਹੀ ਪੰਜਾਬ ਵਿੱਛ 27 ਕਤਲ ਹੋ ਗਏ ਹਨ, 24 ਕਿਸਾਨਾਂ ਨੇ ਖੁਦਕੁਸ਼ੀਆਂ ਕਰ ਲਈਆਂ ਹਨ ਤੇ 61 ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਆਮ ਆਦਮੀ ਨੂੰ ਰਾਹਤ ਦੇਣ ਅਤੇ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਅਤੇ ਨਸ਼ਾ ਮਾਫ਼ੀਆ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਬਜਾਏ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿੱਚ ਫ਼ੋਟੋ ਸੈਸ਼ਨਾਂ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਕੀ ਇਸੇ ਬਦਲਾਅ ਦਾ ਵਾਅਦਾ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਕੀਤਾ ਸੀ ਜਿਸ ਦੌਰ ਦੌਰਾਨ ਪੰਜਾਬ ਇਤਿਹਾਸ ਦੇ ਸਭ ਤੋਂ ਮਾੜੇ ਦੌਰ ਵਿਚੋਂ ਲੰਘ ਰਿਹਾ ਹੈ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਵੋਟਾਂ ਲੈਣ ਵਾਸਤੇ ਪੰਜਾਬੀਆਂ ਨੂੰ ਝੂਠ ਬੋਲ ਕੇ ਗੁਮਰਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਇਹਨਾਂ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਣਕ ਦੇ ਆਯਾਤ ’ਤੇ ਪਾਬੰਦੀ ਖ਼ਤਮ ਕਰੇ ਕਿਉਂਕਿ ਕਣਕ ਦਾ ਝਾੜ ਘਟਣ ਨਾਲ ਮੰਗ ਵਿੱਚ ਗਿਰਾਵਟ ਦਾ ਢੋਂਗ ਰਚਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: