super speciality hospital jalandhar: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਲੰਧਰ ਵਿਖੇ ਸੁਪਰ ਸਪੈਸ਼ਲਿਟੀ ਹਸਪਤਾਲ ਖੋਲ੍ਹਣ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਐਲਾਨ ਕੀਤਾ।
ਚੌਥੇ ਪਾਤਸ਼ਾਹ ਜੀ ਦੇ 22 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮਾਗਮਾਂ ਦੀ ਰੂਪ-ਰੇਖਾ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਜਲੰਧਰ ਵਿਖੇ ਬੇਹਤਰ ਸਿਹਤ ਸਹੂਲਤਾਂ ਵਾਲਾ ਹਸਪਤਾਲ ਖੋਲ੍ਹਿਆ ਜਾਵੇਗਾ। ਇਸ ਲਈ ਗੁਰੂ ਘਰ ਦੇ ਇੱਕ ਸ਼ਰਧਾਲੂ ਸ. ਜੋਗਿੰਦਰ ਸਿੰਘ ਵੱਲੋਂ 26 ਕਨਾਲ ਦਾਨ ਕੀਤੀ ਗਈ ਜ਼ਮੀਨ ਦੀ ਵਰਤੋਂ ਕੀਤੀ ਜਾਵੇਗੀ।
ਇਸ ਹਸਪਤਾਲ ਦਾ ਨਿਰਮਾਣ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਨਜ਼ਦੀਕ ਸਸਤੀਆਂ ਦਵਾਈਆਂ ਵਾਲਾ ਦਵਾਖ਼ਾਨਾ ਵੀ ਲਗਭਗ ਤਿਆਰ ਹੋ ਚੁੱਕਾ ਹੈ, ਜੋ ਚੌਥੇ ਪਾਤਸ਼ਾਹ ਜੀ ਦੇ ਇਸ 487ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਜਲਦ ਹੀ ਸੰਗਤ ਅਰਪਣ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਤਰਨ ਤਾਰਨ ਵਿਖੇ ਬੀਤੇ ਸਮੇਂ ਵਿਚ ਤਿਆਰ ਕੀਤੇ ਗਏ ਵਿਸ਼ਾਲ ਹਸਪਤਾਲ ਨੂੰ ਵੀ ਚਾਲੂ ਕਰਨ ਦਾ ਐਲਾਨ ਕੀਤਾ।
ਇਸ ਦੌਰਾਨ ਪ੍ਰਕਾਸ਼ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਥੇ 22 ਅਕਤੂਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਪ੍ਰਕਾਸ਼ ਗੁਰਪੁਰਬ ਮਨਾਇਆ ਜਾਵੇਗਾ, ਉਥੇ ਹੀ 21 ਅਕਤੂਬਰ ਨੂੰ ਸਜਾਇਆ ਜਾਣ ਵਾਲਾ ਨਗਰ ਕੀਰਤਨ ਵੀ ਵਿਸ਼ੇਸ਼ ਹੋਵੇਗਾ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਪੁਰਾਤਨ ਸ਼ਹਿਰ ਦੇ ਬਾਹਰੀ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਸੰਪੰਨ ਹੋਵੇਗਾ।