ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਆਤਮ-ਸਮਰਪਣ ਕਰ ਦੇਣ ਜਾਂ ਫਿਰ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਕਿਉਂਕਿ ਆਪ ਸਰਕਾਰ ਨਸ਼ੇ ਖਿਲਾਫ ਸਖਤ ਐਕਸ਼ਨ ਲੈਂਦੀ ਰਹੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉਦੋਂ ਤੱਕ ਆਰਾਮ ਨਹੀਂ ਕਰੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ, ਨਸ਼ਾ ਤਸਕਰਾਂ ਅਤੇ ਸਮੱਗਲਰਾਂ ਨੂੰ ਸਖ਼ਤੀ ਨਾਲ ਨਹੀਂ ਕੁਚਲਿਆ ਜਾਂਦਾ।
ਕੈਬਨਿਟ ਮੰਤਰੀ ਨੇ ਅੱਜ ਮੰਤਰੀ ਨੇ ਪੁਲਿਸ ਲਾਈਨਜ਼ ਵਿਖੇ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨਾਲ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਵੀ ਹਾਜ਼ਰ ਸਨ।ਅਰੋੜਾ ਨੇ ਕਿਹਾ ਕਿ ਪੁਲਿਸ ਨੂੰ ਸਮੱਗਲਰਾਂ ਵਿਰੁੱਧ ਕਾਰਵਾਈ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਆਜ਼ਾਦੀ ਦਿੱਤੀ ਗਈ ਹੈ। 1 ਤੋਂ 4 ਮਾਰਚ ਤੱਕ ਪੰਜਾਬ ਪੁਲਿਸ ਨੇ 580 ਐਨਡੀਪੀਐਸ ਕੇਸ ਦਰਜ ਕੀਤੇ ਹਨ ਅਤੇ ਇਨ੍ਹਾਂ ਮਾਮਲਿਆਂ ਵਿੱਚ 789 ਦੋਸ਼ੀ ਨਾਮਜ਼ਦ ਕੀਤੇ ਹਨ। ਇਸ ਤੋਂ ਇਲਾਵਾ 170 ਕਿਲੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਪੰਜਾਬ ਭਰ ਵਿੱਚ 60 ਘਰ ਢੇਰੀ ਵੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਇਸ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਨੂੰ ਦਵਾਈਆਂ ਦੀਆਂ ਦੁਕਾਨਾਂ ਅਤੇ ਰੇਹੜੀਆਂ ਦੀ ਜਾਂਚ ਕਰਨ ਲਈ ਵੀ ਕਿਹਾ।
ਇਸ ਦੌਰਾਨ ਡੀਸੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਸਹੀ ਇਲਾਜ ਅਤੇ ਸਲਾਹ ਸੇਵਾਵਾਂ ਪ੍ਰਦਾਨ ਕਰਨ ਲਈ ਪਹਿਲਾਂ ਹੀ ਵੱਡੇ ਪੱਧਰ ‘ਤੇ ਰੋਕਥਾਮ ਅਤੇ ਲਾਗੂ ਕਰਨ ਦੀਆਂ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਅਕਤੀਆਂ ਨੂੰ ਸਿਖਲਾਈ ਪ੍ਰੋਗਰਾਮਾਂ ਰਾਹੀਂ ਵੱਖ-ਵੱਖ ਰੁਜ਼ਗਾਰ ਦੇ ਮੌਕੇ ਅਤੇ ਹੁਨਰ ਵਿਕਾਸ ਪ੍ਰਦਾਨ ਕੀਤੇ ਜਾਣਗੇ, ਜਿਸ ਨਾਲ ਉਹ ਰੋਜ਼ੀ-ਰੋਟੀ ਕਮਾ ਸਕਣ।
ਇਹ ਵੀ ਪੜ੍ਹੋ : ‘ਪੰਜਾਬ ਕਾਂਗਰਸ ਦਾ ਤਾਲਮੇਲ ਸ਼ਲਾਘਾਯੋਗ…’, ਪਾਰਟੀ ਇੰਚਾਰਜ ਭੂਪੇਸ਼ ਪਟੇਲ ਨੇ ਦਿੱਤੀ ਸਫਾਈ
ਨਸ਼ਿਆਂ ਦੇ ਖਾਤਮੇ ਦੇ ਯਤਨਾਂ ਨੂੰ ਸਮਰਥਨ ਦੇਣ ਲਈ ਸਿਵਲ ਸੁਸਾਇਟੀ, ਉਦਯੋਗ, ਵਿਦਿਅਕ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਹੋਰਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਇੱਕ ਜਨਤਕ ਜਾਗਰੂਕਤਾ ਮੁਹਿੰਮ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਮਾਜ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇਸ ਮਹੀਨੇ ਇੱਕ ਵਿਸ਼ਾਲ ਮੈਰਾਥਨ ਦਾ ਆਯੋਜਨ ਵੀ ਕੀਤਾ ਜਾਵੇਗਾ, ਇਸ ਤੋਂ ਇਲਾਵਾ ਸਿਨੇਮਾ ਘਰਾਂ ਜਾਂ ਸੋਸ਼ਲ ਮੀਡੀਆ ‘ਤੇ ਛੋਟੀਆਂ-ਛੋਟੀਆਂ ਵੀਡੀਓ ਕਲਿੱਪਾਂ, ਵਾਲ ਪੇਂਡਿੰਗ ਬਣਾਉਣ, ਸਕੂਲ ਵਿਚ ਅਸੈਂਬਲੀਆਂ ਦੌਰਾਨ ਰੋਜ਼ਾਨਾ ਨਸ਼ੇ ‘ਤੇ ਪੰਜ ਮਿੰਟ ਭਾਸ਼ਣ ਆਦਿ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਸ ਨੂੰ ਲੋਕ ਲਹਿਰ ਬਣਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
