ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ ’ਤੇ ਸੁਪਰੀਮ ਕੋਰਟ ਵਿੱਚ ਅੱਜ ਅਹਿਮ ਸੁਣਵਾਈ ਹੋਈ। ਅਦਾਲਤ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ‘ਤੇ ਸਿਆਸਤ ਨਾ ਕਰੇ। ਪੰਜਾਬ ਸਰਕਾਰ ਕਾਨੂੰਨ ਤੋਂ ਉੱਪਰ ਨਹੀਂ ਹੈ । ਸਾਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਹੈ। ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਣ ਵਾਲੇ ਡਿਵਲੈਪਮੈਂਟ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ।
ਹਰਿਆਣਾ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਕਿ ਇਹ ਵਿਵਾਦ ਦੋ ਦਹਾਕਿਆਂ ਤੋਂ ਉਲਝਿਆ ਹੋਇਆ ਹੈ । ਪੰਜਾਬ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਚਾਹੁੰਦੀ। ਪਿਛਲੀਆਂ 2 ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਕਿ ਪੰਜਾਬ ਵਾਲੇ ਪਾਸੇ SYL ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਸ਼ੁਰੂ ਕੀਤਾ ਜਾਵੇ । ਜਿਸ ਵਿੱਚ ਇਹ ਦੇਖਿਆ ਜਾਣਾ ਹੈ ਕਿ ਕਿੰਨੀ ਜ਼ਮੀਨ ਹੈ ਅਤੇ ਕਿੰਨੀ ਨਹਿਰ ਬਣੀ ਹੈ । ਇਸ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣਾ ਹੋਵੇਗਾ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ।
ਸੁਪਰੀਮ ਕੋਰਟ ਨੇ ਕਿਹਾ ਕਿ ਹਰਿਆਣਾ ਵਿੱਚ SYL ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ, ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਿਵਾਦ ਦਾ ਹੱਲ ਲੱਭਣ ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਾਂ । ਸਾਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਵੀ ਇਸ ਦਿਸ਼ਾ ਵਿੱਚ ਕੰਮ ਕਰੇਗੀ। ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ SYL ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ।
ਵੀਡੀਓ ਲਈ ਕਲਿੱਕ ਕਰੋ -: