ਪੰਜਾਬ ਦੇ ਤਰਨਤਾਰਨ ਸ਼ਹਿਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ । ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਟਰਾਲੀ ਨੂੰ ਇੱਕ ਟਰਾਲੇ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 14 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪਿੰਡ ਵਾਸੀਆਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ, ਜਦਕਿ ਮਰਨ ਵਾਲਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਗੋਦਾਰਾ ਤੋਂ 17 ਵਿਅਕਤੀ ਬੁੱਧਵਾਰ ਸ਼ਾਮ ਨੂੰ ਇੱਕ ਟਰਾਲੀ ਵਿੱਚ ਬੈਠ ਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸਨ। ਰਾਤ ਸਮੇਂ ਸਾਰੇ ਸ਼ਰਧਾਲੂ ਆਪਣੇ-ਆਪਣੇ ਪਿੰਡਾਂ ਨੂੰ ਪਰਤ ਰਹੇ ਸਨ । ਅਜੇ ਇਹ ਟਰਾਲੀ ਜੰਮੂ-ਕਸ਼ਮੀਰ-ਰਾਜਸਥਾਨ ਨੈਸ਼ਨਲ ਰੋਡ ‘ਤੇ ਕਸਬਾ ਸਰਹਾਲੀ ਨੇੜੇ ਪੁੱਜੀ ਹੀ ਸੀ ਕਿ ਹਰੀਕੇ ਪੱਤਣ ਵਾਲੇ ਪਾਸੇ ਤੋਂ ਆ ਰਹੇ ਇੱਕ ਟਰਾਲੇ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਟਰਾਲੀ ਨੂੰ ਸ਼ਰਨਦੀਪ ਸਿੰਘ ਨਾਂ ਦਾ ਨੌਜਵਾਨ ਚਲਾ ਰਿਹਾ ਸੀ । ਟੱਕਰ ਤੋਂ ਬਾਅਦ ਟਰਾਲੀ ਪਲਟ ਗਈ ਅਤੇ ਜ਼ਖਮੀ ਸ਼ਰਧਾਲੂਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਰੌਲਾ ਸੁਣ ਕੇ ਆਸਪਾਸ ਦੇ ਲੋਕ ਜਾਗ ਪਏ ਅਤੇ ਮਦਦ ਲਈ ਘਟਨਾ ਵਾਲੀ ਥਾਂ ‘ਤੇ ਪਹੁੰਚੇ । ਸਥਾਨਕ ਲੋਕਾਂ ਨੇ ਪੁਲਿਸ ਅਤੇ ਐਂਬੂਲੈਂਸ 108 ਨੂੰ ਫੋਨ ਕੀਤਾ, ਪਰ ਉਦੋਂ ਤੱਕ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ, ਕਈ ਜ਼ਖਮੀ ਹੋ ਗਏ ਸਨ। ਇਸ ਹਾਦਸੇ ਤੋਂ ਬਾਅਦ ਡਰਾਈਵਰ ਟਰਾਲੀ ਛੱਡ ਕੇ ਫਰਾਰ ਹੋ ਗਿਆ।
ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ । ਪਿੰਡ ਵਾਸੀਆਂ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਹਿੱਟ ਐਂਡ ਰਨ ਅਤੇ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕਰ ਲਿਆ । ਫਿਲਹਾਲ ਪੁਲਿਸ ਹਾਈਵੇਅ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਦੋਸ਼ੀਆਂ ਦੀ ਪਛਾਣ ਹੋ ਸਕੇ। ਟਰਾਲੀ ਨੂੰ ਜ਼ਬਤ ਕਰਕੇ ਇਸ ਦੇ ਮਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ, ਤਾਂ ਜੋ ਮੁਲਜ਼ਮਾਂ ਤੱਕ ਪਹੁੰਚ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: