Ten Corona Positive cases : ਕੋਰੋਨਾ ਮਹਾਮਾਰੀ ਨੇ ਪੂਰੇ ਸੂਬੇ ਵਿਚ ਆਪਣੇ ਪੈਰ ਪੂਰੀ ਤਰ੍ਹਾਂ ਪਸਾਰ ਲਏ ਹਨ। ਤਾਜ਼ਾ ਮਾਮਲਿਆਂ ਵਿਚ ਮੋਗਾ ਤੋਂ ਕੋਰੋਨਾ ਦੇ 7 ਅਤੇ ਹੁਸ਼ਿਆਰਪੁਰ ਤੋਂ 3 ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਮੋਗਾ ਜ਼ਿਲੇ ਵਿਚ 7 ਪੁਲਿਸ ਮੁਲਾਜ਼ਮਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਿਸ ਨਾਲ ਮੋਗਾ ਜ਼ਿਲੇ ਦੇ ਨਿਹਾਲ ਸਿੰਘ ਪੁਲਿਸ ਸਟੇਸ਼ਨ ਵਿਚ ਭਾਜੜਾਂ ਪੈ ਗਈਆਂ। ਇਨ੍ਹਾਂ ਮਰੀਜ਼ਾਂ ਦੀ ਉਮਰ 29 ਤੋਂ 57 ਸਾਲ ਦੇ ਵਿਚਕਾਰ ਹੈ। ਦੱਸਣਯੋਗ ਹੈ ਕਿ ਮੋਗਾ ਜ਼ਿਲੇ ਵਿਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 105 ਹੋ ਗਈ ਹੈ, ਜਿਨ੍ਹਾਂ ਵਿਚੋਂ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਜ਼ਿਲੇ ਵਿਚੋਂ 83 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਉਧਰ ਹੁਸ਼ਿਆਰਪੁਰ ਜ਼ਿਲੇ ਵਿਚ ਕੋਰਨਾ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 182 ਹੋ ਗਈ ਹੈ। ਦੱਸਣਯੋਗ ਹੈ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 375 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 138 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਸ ਵਿਚ ਤਿੰਨ ਰਿਪੋਰਟਾਂ ਪਾਜ਼ੀਟਿਵ ਪਾਈਆਂ ਗਈਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਇਕ ਮਾਮਲਾ ਲੁਧਿਆਣੇ ਤੋਂ ਟਾਡਾ ਬਲਾਕ 56 ਸਾਲਾ ਵਿਅਕਤੀ, ਦੂਜਾ ਕੇਸ ਕਪੂਰਥਲਾਂ ਤੋਂ ਪੀ. ਐਚ. ਸੀ. ਪਾਲਦੀ ਤੋ 23 ਸਾਲਾ ਪੰਜਾਬ ਪੁਲਿਸ ਮੁਲਾਜ਼ਮ ਅਤੇ ਇਕ ਲੋਕਲ ਹੁਸ਼ਿਆਰਪੁਰ ਵਾਰਡ 14 ਨਾਲ ਸਬੰਧਿਤ 26 ਸਾਲਾ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।
ਦੱਸਣਯੋਗ ਹੈ ਕਿ ਜਿਲੇ ਵਿੱਚ ਹੁਣ ਤੱਕ 13078 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 12097 ਦੀ ਰਿਪੋਰਟ ਨੈਗੇਟਿਵ ਆਈ ਹੈ। 783 ਸੈਪਲਾਂ ਦੀ ਰਿਪੋਟ ਆਉਣੀ ਅਜੇ ਬਾਕੀ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲੇ ਵਿਚ ਕੋਰੋਨਾ ਨਾਲ 6 ਮੌਤਾਂ ਹੋ ਚੁੱਕੀਆਂ ਹਨ। ਇਸ ਸਮੇਂ ਜ਼ਿਲੇ ਵਿਚ ਕੁਲ ਸਰਗਰਮ ਮਾਮਲੇ 12 ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਸਿਵਲ ਸਰਜਨ ਨੇ ਸਿਹਤ ਐਡਵਾਈਜਰੀ ਜਾਰੀ ਕਰਦੇ ਹੋਏ ਲੋਕਾਂ ਨੂੰ ਘਰਾਂ ਤੋਂ ਬਾਹਰ ਜਾਣ ਸਮੇਂ ਮੂੰਹ ’ਤੇ ਮਾਸਕ ਲਗਾਉਣ ਦੀ ਅਪੀਲ ਕੀਤੀ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ।