The Chief Secretary : ਵਿਨੀ ਮਹਾਜਨ ਮੁੱਖ ਸਕੱਤਰ ਨੇ ਸੂਬੇ ਦੇ ਸਾਰੇ ਡੀ. ਸੀ. ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਜਿਸ ਅਧੀਨ ਉਨ੍ਹਾਂ ਕਿਹਾ ਕਿ ਕੋਵਿਡ-19 ਨਾਲ ਪੀੜਤ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤੇ ਇਸ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਹਸਪਤਾਲਾਂ ਦੇ ਵੱਧ ਤੋਂ ਵੱਧ ਦੌਰੇ ਕਰਨ ਤਾਂ ਜੋ ਪੂਰੇ ਪ੍ਰਬੰਧਾਂ ਦੀ ਸਮੀਖਿਆ ਲੈ ਸਕਣ। ਵਿਨੀ ਮਹਾਜਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਹ ਹੁਕਮ ਸਾਰੇ ਡਿਪਟੀ ਕਮਿਸ਼ਨਰਾਂ, ਐੱਸ. ਐੱਸ. ਪੀਜ਼ ਤੇ ਸਿਵਲ ਸਰਜਨਾਂ ਨੂੰ ਇਹ ਹਦਾਇਤਾਂ ਦਿੱਤੀਆਂ।
ਸਿਹਤ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਲਈ ਯਤਨ ਤੇਜ਼ ਕਰਨ ਲਈ ਕਹਿੰਦਿਆਂ ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵੈਕਟਰ ਬੌਰਨ ਡਿਸੀਜਿਜ਼ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ। ਕੋਰੋਨਾ ਮਹਾਂਮਾਰੀ ਤੋਂ ਕੀਮਤੀ ਮਨੁੱਖੀ ਜਾਨਾਂ ਦੇ ਬਚਾਅ ਲਈ ਲੋਕਾਂ ਨੂੰ ਆਪਣਾ ਟੈਸਟ ਕਰਵਾਉਣ ਦੀ ਅਪੀਲ ਕਰਦਿਆਂ ਮੁੱਖ ਸਕੱਤਰ ਨੇ ਅਧਿਕਾਰੀ ਨੂੰ ਇਸ ਬੀਮਾਰੀ ਨਾਲ ਜੁੜੀ ਨਾਂਹ-ਪੱਖੀ ਧਾਰਨਾ ਨੂੰ ਖ਼ਤਮ ਕਰਨ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਵੀ ਕੀਤੀ। ਵਿਨੀ ਮਹਾਜਨ ਨੇ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਮੋਹਰਲੀ ਕਤਾਰ ਵਿੱਚ ਕੰਮ ਕਰ ਰਹੇ ਸਾਰੇ ਕਰਮਚਾਰੀ ਖਾਸ ਤੌਰ ’ਤੇ ਸਿਹਤ ਕਰਮਚਾਰੀ ਲੋਕਾਂ ਦੀ ਨਿਰਸਵਾਰਥ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨਾਂ ਨਾਲ ਹੀ ਅਸੀਂ ਇਸ ਖ਼ਤਰਨਾਕ ਬੀਮਾਰੀ ਨੂੰ ਹਰਾਵਾਂਗੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹੁਸਨ ਲਾਲ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਸ੍ਰੀ ਡੀ.ਕੇ. ਤਿਵਾੜੀ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਜ਼ਿਲ੍ਹਾ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਨੂੰ ਕੰਟਰੋਲ ਵਿੱਚ ਰੱਖਣ ਲਈ ਸਮਾਜਿਕ ਦੂਰੀ ਅਤੇ ਹੋਰ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਆਦੇਸ਼ ਦਿੰਦਿਆਂ ਵਿਨੀ ਮਹਾਜਨ ਨੇ ਕਿਹਾ ਕਿ ਉਨ੍ਹਾਂ ਜ਼ਿਲ੍ਹਿਆਂ ਵਿੱਚ ਖਾਸ ਧਿਆਨ ਦੇਣ ਦੀ ਲੋੜ ਹੈ, ਜਿਨ੍ਹਾਂ ਵਿੱਚ ਮੌਤ ਦਰ ਅਜੇ ਵੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੋਰ ਪ੍ਰਬੰਧਾਂ ਤੋਂ ਇਲਾਵਾ ਕੋਵਿਡ ਮਰੀਜ਼ਾਂ ਦੀ ਸ਼ਨਾਖ਼ਤ ਲਈ ਬਿਹਤਰੀਨ ਤਾਲਮੇਲ ਅਤੇ ਤੁਰੰਤ ਕਾਰਵਾਈ ਲਈ ਜ਼ਿਲ੍ਹਾ ਪੱਧਰ ’ਤੇ ਕੋਵਿਡ ਪੇਸ਼ੈਂਟ ਟਰੈਕਿੰਗ ਆਫੀਸਰਜ਼ (ਸੀ.ਪੀ.ਟੀ.ਓਜ਼.) ਤਾਇਨਾਤ ਕੀਤੇ ਗਏ ਹਨ।