The Education Minister : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਹੁਣ 19 ਅਕਤੂਬਰ ਤੋਂ 9ਵੀਂ ਤੇ 12ਵੀਂ ਤੱਕ ਦੇ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸੇ ਲਈ ਹੁਣ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਸਰਕਾਰੀ ਸਕੂਲਾਂ ‘ਚ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਜਾਂਚ ਲਈ ਅੱਜ ਪਟਿਆਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ‘ਚ ਪੁੱਜੇ। ਉਨ੍ਹਾਂ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਜਮਾਤਾਂ ਵਾਲੇ ਕਮਰਿਆਂ, ਪਖਾਨਿਆਂ, ਪੀਣ ਵਾਲੇ ਪਾਣੀ ਅਤੇ ਵਿਸ਼ਾਣੂ ਰਹਿਤ ਕਰਨ ਦੀ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਤੋਂ ਜਾਂਚ ਕੀਤੀ।
ਸਿੱਖਿਆ ਮੰਤਰੀ ਨੇ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਲਈ ਅਧਿਆਪਕਾਂ ਨੂੰ ਕਿਹਾ ਕਿ ਅਧਿਆਪਕਾਂ ਦਾ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਸਭ ਤੋਂ ਜ਼ਰੂਰੀ ਹੈ, ਜਿਸ ਲਈ ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਮਾਸਕ ਪਹਿਨਣਾ ਬਹੁਤ ਹੀ ਜ਼ਰੂਰੀ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਸੋਸ਼ਲ ਡਿਸਟੈਂਸਿੰਗ ਦੀ ਵੀ ਪਾਲਣਾ ਕਰਨੀ ਹੋਵੇਗੀ ਤੇ ਹੱਥਾਂ ਨੂੰ ਵਿਸ਼ਾਣੂ ਰਹਿਤ ਰੱਖਣਾ ਹੋਵੇਗਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਵਿਦਿਆਰਥੀਆਂ ਲਈ ਆਦਰਸ਼ ਬਣਨਾ ਪਵੇਗਾ ਜਿਸ ਨੂੰ ਦੇਖਦੇ ਹੋਏ ਵਿਦਿਆਰਥੀ ਕੋਵਿਡ ਸਬੰਧੀ ਸਾਵਧਾਨੀਆਂ ਵਰਤਣਗੇ। ਸ਼੍ਰੀ ਸਿੰਗਲਾ ਨੇ ਕਿਹਾ ਕਿ ਮਾਪਿਆਂ ਵੱਲੋਂ ਲਿਖਤੀ ਰੂਪ ‘ਚ ਦਿੱਤਾ ਗਿਆ ਸਹਿਮਤੀ ਪੱਤਰ ਹਰੇਕ ਵਿਦਿਆਰਥੀ ਹੋਣਾ ਜ਼ਰੂਰੀ ਹੈ।
ਵਿਜੇ ਸਿੰਗਲਾ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਵੱਲੋਂ 19 ਅਕਤੂਬਰ ਨੂੰ ਸਕੂਲ ਖੋਲ੍ਹਣ ਸਬੰਧੀ ਵਿਆਪਕ ਸਫਾਈ ਤੇ ਸੈਂਟਾਈਜੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਉਮੀਦ ਹੈ ਕਿ ਬਾਕੀ ਰਹਿੰਦੇ ਦੋ ਦਿਨਾਂ ਦੌਰਾਨ ਇਹ ਮੁਹਿੰਮ ਪੂਰੀ ਕਰ ਲਈ ਜਾਵੇਗੀ। ਸਿੱਖਿਆ ਮੰਤਰੀ ਸਕੂਲਾਂ ਦੇ ਸਫਾਈ ਕਰਮਚਾਰੀਆਂ ਨੂੰ ਸੈਂਟਾਈਜੇਸ਼ਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਦੋਵਾਂ ਸਕੂਲਾਂ ਦੇ ਸਟਾਫ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਦੋਹਾਂ ਸਕੂਲਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਪ੍ਰਿੰਸੀਪਲਾਂ ਤੋਂ ਜਾਣਕਾਰੀ ਹਾਸਿਲ ਕੀਤੀ ਅਤੇ ਹੋਰ ਜਰੂਰਤਾਂ ਸਬੰਧੀ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲਾ ਸਿੱਖਿਆ ਅਫਸਰ (ਸੈ.) ਹਰਿੰਦਰ ਕੌਰ, ਪ੍ਰਿੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ , ਪ੍ਰਿੰ. ਵਰਿੰਦਰ ਬਾਤਿਸ਼, ਸੁਰਿੰਦਰ ਸਿੰਘ ਭਰੂਰ ਅਤੇ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।