ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਲੈ ਕੇ ਇਕ ਹੋਰ ਅਮਰੀਕੀ ਜਹਾਜ਼ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡਿੰਗ ਨੂੰ ਲੈ ਕੇ ਨਾਰਾਜ਼ਗੀ ਕਰਦਿਆਂ CM ਮਾਨ ਨੇ ਇਸ ਨੂੰ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ।
ਦੱਸ ਦੇਈਏ ਕਿ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਦਾ ਦੂਜਾ ਜੱਥਾ ਅੱਜ (15 ਫਰਵਰੀ) ਸ਼ਨੀਵਾਰ ਰਾਤ 10 ਵਜੇ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚ ਰਿਹਾ ਹੈ। ਇਸ ਵਿੱਚ 119 ਭਾਰਤੀਆਂ ਨੂੰ ਜ਼ਬਰਦਸਤੀ ਵਾਪਸ ਭੇਜਿਆ ਜਾਵੇਗਾ। ਇਸ ਵਿੱਚ ਪੰਜਾਬ ਦੇ 67 ਅਤੇ ਹਰਿਆਣਾ ਦੇ 33 ਲੋਕ ਸ਼ਾਮਲ ਹਨ। ਇਸ ਦੌਰਾਨ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਏਅਰਪੋਰਟ ਜਾ ਕੇ ਡਿਪੋਰਟ ਕੀਤੇ ਗਏ ਪੰਜਾਬੀਆਂ ਨੂੰ ਮਿਲਣਗੇ। ਇਸ ਤੋਂ ਬਾਅਦ 16 ਫਰਵਰੀ ਦਿਨ ਐਤਵਾਰ ਨੂੰ ਰਾਤ 10 ਵਜੇ 157 ਭਾਰਤੀਆਂ ਨੂੰ ਲੈ ਕੇ ਇਹ ਜਹਾਜ਼ ਅੰਮ੍ਰਿਤਸਰ ਪਹੁੰਚੇਗਾ।
ਸ਼ੁ੍ੱਕਰਵਾਰ ਨੂੰ ਅੰਮ੍ਰਿਤਸਰ ਪਹੁੰਚੇ CM ਮਾਨ ਨੇ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਨੂੰ ਅੰਮ੍ਰਿਤਸਰ ‘ਚ ਉਤਾਰਨਾ ਭਾਰਤ ਸਰਕਾਰ ਦੀ ਵਿਸ਼ਵ ਪੱਧਰ ‘ਤੇ ਪੰਜਾਬ ਦੇ ਅਕਸ ਨੂੰ ਖਰਾਬ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਮੁੱਖ ਮੰਤਰੀ ਨੇ ਵਿਦੇਸ਼ ਮੰਤਰਾਲੇ ਵੱਲੋਂ ਦੇਸ਼ ਵਿਚ ਸੈਂਕੜੇ ਹੋਰ ਹਵਾਈ ਅੱਡੇ ਹੋਣ ਦੇ ਬਾਵਜੂਦ ਹਵਾਈ ਜਹਾਜ਼ਾਂ ਦੇ ਉਤਰਨ ਲਈ ਅੰਮ੍ਰਿਤਸਰ ਨੂੰ ਚੁਣਨ ‘ਤੇ ਸਵਾਲ ਉਠਾਏ ਹਨ।
ਸੀ.ਐੱਮ. ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਇਹ ਮੁੱਦਾ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਕੋਲ ਉਠਾ ਚੁੱਕੇ ਹਨ, ਪਰ ਉਨ੍ਹਾਂ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲਿਆ। ਕੁਝ ਦਿਨ ਪਹਿਲਾਂ ਵੀ ਇੱਕ ਜਹਾਜ਼ ਅੰਮ੍ਰਿਤਸਰ ਵਿੱਚ ਲੈਂਡ ਹੋਇਆ ਸੀ ਅਤੇ ਹੁਣ ਦੋ ਹੋਰ ਜਹਾਜ਼ ਬਿਨਾਂ ਕਿਸੇ ਠੋਸ ਦਲੀਲ ਦੇ ਲੈਂਡ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰਾਲੇ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅੰਮ੍ਰਿਤਸਰ ਵਿੱਚ ਫੌਜੀ ਜਹਾਜ਼ ਕਿਉਂ ਉਤਾਰੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਦੀ ਇਹ ਨੈਤਿਕ ਜ਼ਿੰਮੇਵਾਰੀ ਹੈ ਕਿ ਉਹ ਸਪੱਸ਼ਟ ਕਰੇ ਕਿ ਪੰਜਾਬ ਖਾਸ ਕਰਕੇ ਅੰਮ੍ਰਿਤਸਰ ਨੂੰ ਕਿਉਂ ਚੁਣਿਆ ਗਿਆ। ਉਨ੍ਹਾਂ ਕਿਹਾ ਕਿ ਗੁਆਂਢੀ ਦੁਸ਼ਮਣ ਦੇਸ਼ ਅੰਮ੍ਰਿਤਸਰ ਤੋਂ 40 ਕਿਲੋਮੀਟਰ ਦੂਰ ਹੋਣ ਦੇ ਬਾਵਜੂਦ ਇੱਥੇ ਅਮਰੀਕੀ ਫੌਜ ਦਾ ਜਹਾਜ਼ ਉਤਾਰਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਇੱਥੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਦੀ ਹੈ ਤਾਂ ਕਈ ਫਜ਼ੂਲ ਕਾਰਨਾਂ ਕਰਕੇ ਇਸ ਮੰਗ ਨੂੰ ਠੁਕਰਾ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਕਾਂਗਰਸ ‘ਚ ਵੱਡਾ ਫੇਰਬਦਲ, ਬਦਲੇ ਗਏ ਇੰਚਾਰਜ, ਪੰਜਾਬ ‘ਚ ਭੂਪੇਸ਼ ਬਘੇਲ ਨੂੰ ਮਿਲੀ ਜ਼ਿੰਮੇਵਾਰੀ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਅਕਸ ਨੂੰ ਖਰਾਬ ਕਰਨ ਲਈ ਡਿਪੋਰਟੇਸ਼ਨ ਵਾਲੇ ਜਹਾਜ਼ ਨੂੰ ਬਿਨਾਂ ਕਿਸੇ ਤਰਕ ਦੇ ਇੱਥੇ ਉਤਾਰਿਆ ਜਾ ਰਿਹਾ ਹੈ। ਜੇਕਰ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਲੈ ਕੇ ਜਾਣ ਵਾਲੇ ਜਹਾਜ਼ ਨੂੰ ਹਿੰਡਨ ਏਅਰਪੋਰਟ ‘ਤੇ ਉਤਾਰਿਆ ਜਾ ਸਕਦਾ ਹੈ ਅਤੇ ਰਾਫੇਲ ਜੈੱਟ ਨੂੰ ਅੰਬਾਲਾ ‘ਚ ਉਤਾਰਿਆ ਜਾ ਸਕਦਾ ਹੈ ਤਾਂ ਇਸ ਜਹਾਜ਼ ਨੂੰ ਦੇਸ਼ ਦੇ ਕਿਸੇ ਹੋਰ ਹਿੱਸੇ ‘ਚ ਕਿਉਂ ਨਹੀਂ ਉਤਾਰਿਆ ਜਾ ਸਕਦਾ। ਗੈਰ-ਕਾਨੂੰਨੀ ਪ੍ਰਵਾਸ ਸਿਰਫ਼ ਪੰਜਾਬ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਇੱਕ ਰਾਸ਼ਟਰੀ ਸਮੱਸਿਆ ਹੈ ਅਤੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ, ਇਸ ਲਈ ਸਿਰਫ਼ ਪੰਜਾਬੀਆਂ ਨੂੰ ਹੀ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
