ਅਬੋਹਰ ਤੋਂ ਇੱਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਸਕੂਲੀ ਬੱਚਿਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋ ਅੱਲ੍ਹੜਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਹਾਦਸਾ ਮੰਗਲਵਾਰ ਦੁਪਹਿਰ ਨੂੰ ਅਬੋਹਰ-ਮਲੋਟ ਨੈਸ਼ਨਲ ਹਾਈਵੇ ‘ਤੇ ਬੱਲੂਆਣਾ ਪਿੰਡ ਵਿੱਚ ਵਾਪਰਿਆ। ਇੱਕ ਜ਼ਖਮੀ ਵਿਦਿਆਰਥੀ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਵੇਖਦਿਆਂ ਉਸ ਨੂੰ ਰੈਫਰ ਕਰ ਦਿੱਤਾ। ਮ੍ਰਿਤਕਾਂ ਵਿੱਚ ਰਾਮਗੜ੍ਹ ਪਿੰਡ ਦੇ ਕਰਨ ਅਤੇ ਰਾਕੇਸ਼ ਸ਼ਾਮਲ ਹਨ।
ਰਿਪੋਰਟਾਂ ਮੁਤਾਬਕ ਰਾਮਗੜ੍ਹ ਪਿੰਡ ਦੇ ਰਹਿਣ ਵਾਲੇ ਪ੍ਰੇਮ, ਕਰਨ ਅਤੇ ਰਾਕੇਸ਼ ਬੱਲੂਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 11ਵੀਂ ਜਮਾਤ ਵਿੱਚ ਪੜ੍ਹ ਰਹੇ ਸਨ। ਸਕੂਲ ਤੋਂ ਬਾਅਦ ਤਿੰਨੋਂ ਆਪਣੀ ਬਾਈਕ ‘ਤੇ ਘਰ ਵਾਪਸ ਆ ਰਹੇ ਸਨ। ਜਿਵੇਂ ਹੀ ਉਹ ਬੱਲੂਆਣਾ ਪਿੰਡ ਦੀ ਮੁੱਖ ਸੜਕ ‘ਤੇ ਪਹੁੰਚੇ, ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਤਿੰਨੋਂ ਗੰਭੀਰ ਜ਼ਖਮੀ ਹੋ ਗਏ।
ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਭੱਜ ਗਿਆ। ਰਾਹਗੀਰਾਂ ਨੇ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਕਰਨ ਅਤੇ ਰਾਕੇਸ਼ ਨੂੰ ਮ੍ਰਿਤਕ ਐਲਾਨ ਦਿੱਤਾ। ਹਾਲਾਂਕਿ, ਪ੍ਰੇਮ ਨੂੰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਫਰੀਦਕੋਟ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਬੱਚੇ ਦਾ ਚੈੱਕਅਪ ਕਰਵਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, ਮਾਸੂਮ ਸਣੇ ਮਾਂ ਦੀ ਮੌਤ
ਇਸ ਘਟਨਾ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਹਸਪਤਾਲ ਪਹੁੰਚੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਤਿੰਨੋਂ ਵਿਦਿਆਰਥੀ 17 ਤੋਂ 18 ਸਾਲ ਦੀ ਉਮਰ ਦੇ ਸਨ।
ਵੀਡੀਓ ਲਈ ਕਲਿੱਕ ਕਰੋ -:
























