ਮਾਨਸਾ ਵਿੱਚ ਹੱਕ ਮੰਗਦੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ’ਤੇ ਪੁਲੀਸ ਨੇ ਅੱਤਿਆਚਾਰ ਕੀਤਾ। ਪੁਲਿਸ ਨੇ ਭੱਜਾ-ਭੱਜਾ ਕੇ ਅਧਿਆਪਕਾਂ ਦੀ ਕੁੱਟਮਾਰ ਕੀਤੀ। ਮੁੱਖ ਮੰਤਰੀ ਸੁਰੱਖਿਆ ਵਿੱਚ ਤਾਇਨਾਤ ਇੱਕ ਡੀਐਸਪੀ ਇੰਨਾ ਭੜਕ ਗਿਆ ਕਿ ਉਸਨੇ ਅਧਿਆਪਕਾਂ ਨੂੰ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਡੀਐਸਪੀ ਨੇ ਪਹਿਲਾਂ ਤਾਂ ਅਧਿਆਪਕਾਂ ਦੀ ਸੜਕ ’ਤੇ ਹੀ ਕੁੱਟਮਾਰ ਕੀਤੀ, ਉਸ ਤੋਂ ਬਾਅਦ ਵੀ ਉਨ੍ਹਾਂ ਦਾ ਗੁੱਸਾ ਠੰਢਾ ਨਹੀਂ ਹੋਇਆ।
ਜਦੋਂ ਅਧਿਆਪਕਾਂ ਨੂੰ ਗ੍ਰਿਫਤਾਰ ਕਰਕੇ ਬੱਸ ਵਿੱਚ ਬਿਠਾਇਆ ਗਿਆ ਤਾਂ ਉਹ ਖਿੜਕੀ ਵਿੱਚੋਂ ਡੰਡਾ ਪਾ ਕੇ ਅਧਿਆਪਕਾਂ ਦੀ ਕੁੱਟਮਾਰ ਕਰਦਾ ਰਿਹਾ। ਡੀਐਸਪੀ ਦੀ ਇਸ ਕਾਰਵਾਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਪਾਰਟੀਆਂ ਤੋਂ ਲੈ ਕੇ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਮਾਨਸਾ ਵਿੱਚ ਵਿਵਾਦਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਰੈਲੀ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਗਏ ਸਨ। ਜਿਵੇਂ ਹੀ ਸੀਐਮ ਚੰਨੀ ਨੇ ਉੱਥੇ ਭਾਸ਼ਣ ਦੇਣਾ ਸ਼ੁਰੂ ਕੀਤਾ ਤਾਂ ਅਧਿਆਪਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੁਲੀਸ ਨੇ ਅਧਿਆਪਕਾਂ ਨੂੰ ਪੰਡਾਲ ਵਿੱਚੋਂ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਸੀਐਮ ਚੰਨੀ ਨੇ ਚੇਤਾਵਨੀ ਵੀ ਦਿੱਤੀ ਕਿ ਇਸ ਤਰ੍ਹਾਂ ਕੋਈ ਵੀ ਮੰਗ ਹੱਲ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਉਸ ਨੇ ਟੈਂਕੀ-ਟਾਵਰ ‘ਤੇ ਚੜ੍ਹਨ ਵਾਲਿਆਂ ਵਿਰੁੱਧ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਸੀ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੀਐਮ ਚਰਨਜੀਤ ਚੰਨੀ ਆਪਣੇ ਆਪ ਨੂੰ ਗਰੀਬਾਂ ਦਾ ਮੁੱਖ ਮੰਤਰੀ ਕਹਿੰਦੇ ਹਨ ਪਰ ਹੱਕ ਮੰਗਣ ਵਾਲਿਆਂ ਨੂੰ ਇਸ ਤਰ੍ਹਾਂ ਕੁੱਟਿਆ ਜਾਂਦਾ ਹੈ। ਇਸ ਨਾਲ ਸੀਐਮ ਚੰਨੀ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਆਮ ਲੋਕਾਂ ਦੇ ਸੇਵਕ ਹਨ ਪਰ ਉਹ ਜ਼ਾਲਮ ਤਾਨਾਸ਼ਾਹ ਵਾਂਗ ਵਿਵਹਾਰ ਕਰ ਰਹੇ ਹਨ।
ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕ ਰੋਸ ਪ੍ਰਦਰਸ਼ਨ ਕਰ ਰਹੇ ਹਨ। ਮੋਹਾਲੀ ‘ਚ ਅਧਿਆਪਕਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਤੋਂ ਇਲਾਵਾ ਬੇਰੁਜ਼ਗਾਰ ਅਧਿਆਪਕ ਜਲੰਧਰ ਵਿੱਚ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਜਾ ਕੇ ਵੀ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਇੱਕ ਬੇਰੁਜ਼ਗਾਰ ਅਧਿਆਪਕ ਚੰਡੀਗੜ੍ਹ ਵਿੱਚ ਵੀ ਟਾਵਰ ’ਤੇ ਚੜ੍ਹ ਚੁੱਕਾ ਹੈ। ਕੁਝ ਦਿਨ ਪਹਿਲਾਂ ਕੁਝ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਦੇ ਨਿੱਜੀ ਘਰ ਖਰੜ ਦੇ ਟਾਵਰ ‘ਤੇ ਚੜ੍ਹ ਗਏ ਸਨ।
ਪੰਜਾਬ ਵਿੱਚ ਸਿੱਖਿਆ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਘਿਰੀ ਹੋਈ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੀਆਂ ਹਨ। ਇਸ ਤੋਂ ਬਾਅਦ ਉਹ ਮੁਹਾਲੀ ਪੁੱਜੇ ਅਤੇ ਅਧਿਆਪਕਾਂ ਦੇ ਪ੍ਰਦਰਸ਼ਨ ਵਿੱਚ ਵੀ ਸ਼ਾਮਲ ਹੋਏ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਦਿੱਲੀ ਅਤੇ ਪੰਜਾਬ ਦੇ ਸਿੱਖਿਆ ਮਾਡਲ ‘ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਜਿਸ ਨੂੰ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਵੀਕਾਰ ਕਰ ਲਿਆ ਪਰ ਬਾਅਦ ਵਿੱਚ ਵਾਪਸ ਲੈ ਲਿਆ। ਪਰਗਟ ਨੇ ਕਿਹਾ ਕਿ ਦਿੱਲੀ ਨਗਰ ਪਾਲਿਕਾ ਅਤੇ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਦੋਵਾਂ ਦੇ ਸਕੂਲਾਂ ਅਤੇ ਸਿੱਖਿਆ ਪ੍ਰਣਾਲੀ ਦੀ ਤੁਲਨਾ ਨਹੀਂ ਕੀਤੀ ਜਾ ਸਕਦੀ। ਬੇਰੁਜ਼ਗਾਰ ਅਧਿਆਪਕਾਂ ’ਤੇ ਪੰਜਾਬ ਪੁਲੀਸ ਦੇ ਅੱਤਿਆਚਾਰਾਂ ਖ਼ਿਲਾਫ਼ ਕਿਸਾਨ ਆਗੂਆਂ ਨੇ ਵੀ ਰੋਸ ਪ੍ਰਗਟ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਜਿਹੇ ਜ਼ੁਲਮਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੁਲੀਸ ਮੁਲਾਜ਼ਮ ਬੱਸ ਵਿੱਚ ਬੈਠੇ ਅਧਿਆਪਕਾਂ ’ਤੇ ਲਾਠੀਆਂ ਦੀ ਵਰਖਾ ਕਰਦੇ ਰਹੇ। ਸੂਬਾ ਸਰਕਾਰ ਨੂੰ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਅਜਿਹਾ ਸਲੂਕ ਨਹੀਂ ਕਰਨਾ ਚਾਹੀਦਾ।
ਵੀਡੀਓ ਲਈ ਕਲਿੱਕ ਕਰੋ -: