ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਤਨਖ਼ਾਹ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਗੁਰੂ ਰਾਮ ਦਾਸ ਵਿਖੇ ਇੱਕ ਘੰਟਾ ਜੂਠੇ ਭਾਂਡੇ ਮਾਂਜਣ ਦੀ ਸੇਵਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਜੋੜਾ ਘਰ ਵਿਖੇ ਇੱਕ ਘੰਟਾ ਸੰਗਤਾਂ ਦੇ ਜੋੜੇ ਸਾਫ਼ ਕਰਨ ਦੀ ਸੇਵਾ ਕੀਤੀ ਹੈ।

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ। ਜਿਸ ਵਿੱਚ ਅਨੇਕਾਂ ਪੰਥਕ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ। ਵਿਰਸਾ ਸਿੰਘ ਵਲਟੋਹਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਮੁਆਫ਼ੀ ਮੰਗੀ। ਫਸੀਲ ਤੋਂ ਸਿੰਘ ਸਾਹਿਬਾਨ ਨੇ ਵਲਟੋਹਾ ‘ਤੇ ਸ਼੍ਰੋਮਣੀ ਅਕਾਲੀ ਦਲ ‘ਚੋਂ 10 ਸਾਲ ਬਾਹਰ ਰਹਿਣ ਦੀ ਲੱਗੀ ਪਾਬੰਦੀ ਹਟਾ ਦਿੱਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਰਤੋਹਾ ਨੂੰ ਅੱਗੇ ਤੋਂ ਬਿਆਨਬਾਜ਼ੀ ਨਾ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਸ਼ਬਦਾਂ ਦੀ ਮਰਿਆਦਾ ਦਾ ਵੀ ਧਿਆਨ ਰੱਖਿਆ ਜਾਵੇ।

ਇਹ ਵੀ ਪੜ੍ਹੋ : ਗੁਰਵਿੰਦਰ ਸਿੰਘ ਕਤਲ ਮਾਮਲੇ ‘ਚ ਤਿੰਨੋਂ ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ
ਵਿਰਸਾ ਸਿੰਘ ਵਲਟੋਹਾ ਨੂੰ ਉਨ੍ਹਾਂ ਦੀਆਂ ਗਲਤੀਆਂ ਕਰਕੇ ਤਨਖਾਹ ਵੀ ਲਗਾਈ ਗਈ ਹੈ। 3 ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਘੰਟਾ ਜੂਠੇ ਭਾਂਡੇ ਮਾਂਜਣ ਅਤੇ ਇੱਕ ਘੰਟਾ ਜੋੜੇ ਸਾਫ਼ ਕਰਨ ਦੀ ਸੇਵਾ ਲਗਾਈ ਗਈ। ਵਲਟੋਹਾ ਦੀ 2 ਦਿਨ ਤਰਨਤਾਰਨ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਭਾਂਡੇ ਮਾਂਜਣ ਤੇ ਜੋੜੇ ਸਾਫ਼ ਕਰਨ ਦੀ ਸੇਵਾ ਲਗਾਈ ਗਈ। ਵਲਟੋਹਾ 1-1 ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕਰਨਗੇ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1100 ਰੁਪਏ ਦੀ ਕੜਾਹ ਪ੍ਰਸਾਦ ਦੀ ਦੇਗ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
























