within five days : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਚਾਇਤੀ ਜ਼ਮੀਨਾਂ ਨੂੰ ਠੇਕਿਆਂ ‘ਤੇ ਦੇਣ ਲਈ ਕੀਤੀਆਂ ਜਾ ਰਹੀਆਂ ਨਿਲਾਮੀਆਂ ਦੇ ਕੰਮ ਵਿੱਚ ਮੁਕੰਮਲ ਪਾਰਦਰਸ਼ਤਾ ਲਿਆਉਣ ਲਈ ਮਹਿਕਮੇ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਨਿਲਾਮੀ ਹੋਣ ਤੋਂ ਪੰਜ ਦਿਨਾਂ ਦੇ ਅੰਦਰ ਅੰਦਰ ਠੇਕੇ ਦੀ ਰਕਮ ਪੰਚਾਇਤ ਦੇ ਖਾਤੇ ਵਿੱਚ ਜਮ੍ਹਾ ਹੋ ਜਾਣੀ ਚਾਹੀਦੀ ਹੈ। ਉਹਨਾਂ ਇਸ ਸੰਬੰਧੀ ਅੱਜ ਮਹਿਕਮੇ ਦੇ ਅਧਿਕਾਰੀਆਂ ਨੂੰ ਸਖਤ ਹਿਦਾਇਤਾਂ ਦਿੰਦਿਆਂ ਕਿਹਾ ਹੈ ਕਿ ਠੇਕੇ ਦੀ ਰਕਮ ਮਿੱਥੇ ਗਏ ਸਮੇਂ ਵਿੱਚ ਪੰਚਾਇਤ ਦੇ ਖਾਤੇ ਵਿੱਚ ਜਮਾਂ ਨਾ ਹੋਣ ਦੀ ਸੂਰਤ ਵਿੱਚ ਸਬੰਧਤ ਪੰਚਾਇਤ ਸਕੱਤਰ ਦੇ ਨਾਲ ਨਾਲ ਉਥੋਂ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਜਿੰਮੇਵਾਰ ਹੋਵੇਗਾ।
ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਥਾਂਵਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਸ਼ਾਮਲਾਟ ਜਮੀਨਾਂ ਦੇ ਠੇਕਿਆਂ ਦੀ ਰਕਮ ਲੰਬਾ ਸਮਾਂ ਪੰਚਾਇਤਾਂ ਦੇ ਖਾਤਿਆਂ ਵਿੱਚ ਜਮ੍ਹਾ ਨਹੀਂ ਕਰਵਾਈ ਜਾਂਦੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਪੰਚਾਇਤਾਂ ਦੇ ਖਾਤਿਆਂ ਵਿੱਚ ਠੇਕਿਆਂ ਦੀ ਰਕਮ ਜਮ੍ਹਾ ਨਾ ਹੋਣ ਨਾਲ ਜਿੱਥੇ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਿਤ ਹੁੰਦੇ ਹਨ ਉਥੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਦੇਣ ਵਿੱਚ ਵੀ ਦਿੱਕਤ ਆਉਂਦੀ ਹੈ। ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਉਹ ਅਗਲੇ ਹਫਤੇ ਹੋਣ ਵਾਲੀ ਉਚ ਅਧਿਕਾਰੀਆਂ ਦੀ ਮੀਟਿੰਗ ਵਿੱਚ ਇਸ ਮਾਮਲੇ ਦੀ ਸਮੀਖਿਆ ਕਰਨਗੇ। ਉਨ੍ਹਾਂ ਨੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਹੁਣ ਤੱਕ ਹੋਈਆਂ ਬੋਲੀਆਂ ਅਤੇ ਜਮ੍ਹਾ ਹੋਈਆਂ ਰਕਮਾਂ ਦੀ ਮੁਕੰਮਲ ਰਿਪੋਰਟ ਅਗਲੇ ਹਫਤੇ ਹੋਣ ਵਾਲੀ ਮੀਟਿੰਗ ਵਿਚ ਪੇਸ਼ ਕਰਨ ਵਾਸਤੇ ਕਿਹਾ ਹੈ। ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲੇ ਕਿਸੇ ਮੁਲਾਜਮ ਅਤੇ ਅਧਿਕਾਰੀ ਵਿਰੁੱਧ ਕੜੀ ਕਾਰਵਾਈ ਕੀਤੀ ਜਾਵੇਗੀ।
ਇਸੇ ਦੌਰਾਨ ਵਿਭਾਗ ਦੇ ਵਿੱਤੀ ਕਮਿਸ਼ਨਰ ਸੀਮਾ ਜੈਨ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਇਸ ਸਾਲ ਭੇਜੇ ਗਏ ਦਿਸਾ ਨਿਰਦੇਸ਼ਾਂ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਪੰਚਾਇਤੀ ਜਮੀਨ ਦੀ ਬੋਲੀ ਦੀ ਰਕਮ ਬੋਲੀਕਾਰ ਨੂੰ ਤਿੰਨ ਦਿਨਾਂ ਦੇ ਅੰਦਰ ਅੰਦਰ ਪੰਚਾਇਤ ਕੋਲ ਜਮ੍ਹਾ ਕਰਾਉਣੀ ਲਾਜ਼ਮੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਅਜਿਹਾ ਵਿਭਾਗ ਦੇ ਵਿੱਤੀ ਕੰਮ ਕਾਜ ਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਦੇ ਮਨੋਰਥ ਦੇ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਪੰਚਾਇਤ ਲਈ ਇਹ ਲਾਜਮੀ ਹੈ ਕਿ ਉਹ 24 ਘੰਟਿਆਂ ਦੇ ਅੰਦਰ ਅੰਦਰ ਬੋਲੀ ਦੀ ਰਕਮ ਆਪਣੇ ਬੈਂਕ ਖਾਤੇ ਵਿੱਚ ਜਮਾਂ ਕਰਾਉਣ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਇਨ੍ਹਾਂ ਹਿਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਲੇਖਾ ਕਾਰਵਾਈ ਆਨਲਾਈਨ ਈ-ਪੰਚਾਇਤ ਪ੍ਰੋਜੈਕਟ ਦੇ ਰਾਹੀਂ ਹੀ ਕੀਤੀ ਜਾਵੇਗੀ ਅਤੇ ਸਾਰੇ ਖਾਤੇ ਡੈਸ਼ਬੋਰਡ ‘ਤੇ ਦਿਖਾਈ ਦੇਣਗੇ।