work of documents for abroad postpond: ਚੰਡੀਗੜ੍ਹ , 8 ਜੁਲਾਈ: ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਕੋਰੋਨਾ ਮਹਾਂਮਾਰੀ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕ੍ਰਿਪਾ ਸ਼ੰਕਰ ਸਰੋਜ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫ਼ੈਸਲਾ ਕੋਰੋਨਾ ਮਹਾਂਮਾਰੀ ਦੇ ਦਿਨ ਪ੍ਰਤੀ ਦਿਨ ਵਧ ਰਹੇ ਖ਼ਤਰੇ ਦਾ ਸਨਮੁਖ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-2, ਸੈਕਟਰ-9, ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਵਿਦੇਸ਼ ਜਾਣ ਦੇ ਇੱਛੁਕ ਵਿਅਕਤੀਆਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਕੀਤਾ ਜਾਂਦਾ ਹੈ, ਜੋ 9 ਜੁਲਾਈ ਤੋਂ ਅਗਲੇ ਹੁਕਮਾਂ ਤੱਕ ਮੁਲਤਵੀ ਹੋ ਜਾਵੇਗਾ। ਵਧੀਕ ਮੁੱਖ ਸਕੱਤਰ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਾਲ ਦੀ ਘੜੀ ਦਫ਼ਤਰ ਵਿਖੇ ਪਹੁੰਚ ਨਾ ਕਰਨ। ਉਨ੍ਹਾਂ ਕਿਹਾ ਕਿ ਸਥਿਤੀ ਆਮ ਹੋਣ ‘ਤੇ ਕੰਮ ਦੇ ਮੁੜ ਸ਼ੁਰੂ ਹੋਣ ਬਾਰੇ ਲੋਕਾਂ ਨੂੰ ਦੱਸ ਦਿੱਤਾ ਜਾਵੇਗਾ।