ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਦੇਸ਼-ਵਿਦੇਸ਼ ਵਿੱਚ ਬੈਠੇ ਦਹਿਸ਼ਤਗਰਦਾਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਸ਼ੁਰੂ ਕੀਤੀ।
ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ, ਜਿਸ ਦੌਰਾਨ ਰਾਜ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ ਲਖਬੀਰ ਲੰਡਾ ਦੇ ਲਗਭਗ 297 ਨੇੜਲੇ ਸਾਥੀਆਂ ਨਾਲ ਜੁੜੇ ਸਾਰੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ 150 ਪਾਰਟੀਆਂ, ਜਿਨ੍ਹਾਂ ਵਿੱਚ ਘੱਟੋ-ਘੱਟ 1200 ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੇ ਸੂਬੇ ਭਰ ਵਿੱਚ ਇਹ ਛਾਪੇ ਮਾਰੇ। ਉਸਨੇ ਅੱਗੇ ਕਿਹਾ ਕਿ CASO ਦੀ ਯੋਜਨਾ ਲਖਬੀਰ ਲੰਡਾ ਦੀ ਹਮਾਇਤ ਵਾਲੇ ਹਾਲ ਹੀ ਵਿੱਚ ਫੜੇ ਗਏ ਮਾਡਿਊਲਾਂ ਵਿੱਚ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਸੀ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਹੋਰ ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਜੁੜੇ ਘਰਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਅਸਲੇ ਦੀ ਸੋਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ, ਇਸ ਤੋਂ ਇਲਾਵਾ ਵਿਦੇਸ਼ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -: