ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਵਾਤਾਵਰਨ ਏਜੰਡੇ ਨੂੰ ਸ਼ਾਮਲ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਆਗੂਆਂ ਨਾਲ ਮੁਲਾਕਾਤ ਕੀਤੀ। ‘ਆਪ’ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਤੇ ਸੰਜੇ ਸਿੰਘ ਨਾਲ ਮੀਟਿੰਗ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਲਵਾਯੂ ਤਬਦੀਲੀ ਦਾ ਸਭ ਤੋਂ ਵੱਧ ਅਸਰ ਖੇਤੀ ਸੈਕਟਰ ’ਤੇ ਪੈ ਰਿਹਾ ਹੈ।
ਦੋਵਾਂ ਆਗੂਆਂ ਨੂੰ ਵਾਤਾਵਰਨ ਏਜੰਡਾ ਸੌਂਪਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ 310 ਜ਼ਿਲ੍ਹੇ ਜਲਵਾਯੂ ਤਬਦੀਲੀ ਦੇ ਖ਼ਤਰੇ ਵਿੱਚ ਹਨ, ਜਿਸ ਵਿੱਚ ਪੰਜਾਬ ਦੇ 9 ਜ਼ਿਲ੍ਹੇ, ਹਿਮਾਚਲ ਪ੍ਰਦੇਸ਼ ਦੇ 8 ਜ਼ਿਲ੍ਹੇ ਅਤੇ ਹਰਿਆਣਾ ਦੇ 11 ਜ਼ਿਲ੍ਹੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ ਕਾਰਨ ਇਸ ਦਾ ਸਭ ਤੋਂ ਵੱਧ ਮਾਰੂ ਅਸਰ ਖੇਤੀ ’ਤੇ ਪੈ ਰਿਹਾ ਹੈ।
‘ਆਪ’ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਸੰਤ ਸੀਚੇਵਾਲ ਨੂੰ ਭਰੋਸਾ ਦਿੱਤਾ ਕਿ ਉਹ ਵਾਤਾਵਰਨ ਦੇ ਇਸ ਸੰਵੇਦਨਸ਼ੀਲ ਮੁੱਦੇ ਨੂੰ ਪਾਰਟੀ ਦੇ ਨੀਤੀ ਪ੍ਰੋਗਰਾਮ ਵਿਚ ਸ਼ਾਮਲ ਕਰਨਗੇ। ਉਨ੍ਹਾਂ ਨੇ ਸੰਤ ਸੀਚੇਵਾਲ ਵੱਲੋਂ ਰਾਜ ਸਭਾ ਵਿਚ ਇਸ ਮੁੱਦੇ ਨੂੰ ਉਠਾਉਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸੰਸਦ ਦੇ ਰਾਹੀਂ ਦੇਸ਼ ਦੇ ਲੋਕਾਂ ਨੂੰ ਜਲਵਾਯੂ ਤਬਦੀਲੀ ਦੇ ਅਸਰ ਦੇ ਬਾਰੇ ਵਿਚ ਜਾਗਰੂਕ ਕਰਨ ਦਾ ਜੋ ਕੋਸ਼ਿਸ਼ ਕੀਤਾ ਹੈ, ਉਹ ਬਹੁਤ ਸ਼ਲਾਘਾਯੋਗ ਹੈ।
ਪਾਠਕ ਨੇ ਸੰਤ ਸੀਚੇਵਾਲ ਜੀ ਦਾ ਵੀ ਧੰਨਵਾਦ ਕੀਤਾ ਕਿ ਉਹਨਾਂ ਨੇ ਪੰਜਾਬ ਦੇ ਸੰਤ ਸਮਾਜ ਨਾਲ ਮਿਲ ਕੇ ਵਾਤਾਵਰਨ ਦੇ ਮੁੱਦੇ ਨੂੰ ਲੋਕ ਮੁੱਦਾ ਬਣਾਇਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਇਸ ਨੂੰ ਚੋਣ ਮੁੱਦਾ ਬਣਾਉਣ ਦੀ ਅਪੀਲ ਕੀਤੀ ਹੈ। ਸੰਦੀਪ ਪਾਠਕ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਵਾਤਾਵਰਨ ਦੇ ਮੁੱਦੇ ਨੂੰ ਕੇਂਦਰ ਵਿਚ ਰਖਿਆ ਅਤੇ ਇਹ ਉਨ੍ਹਾਂ ਦੀ 40 ਸਾਲਾਂ ਦੀ ਸਖਤ ਤਪੱਸਿਆ ਦਾ ਨਤੀਜਾ ਹੈ ਕਿ ਪੰਜਾਬ ਦੇ ਬੁੱਢੇ ਦਰਿਆ ਨੂੰ ਸਾਫ਼ ਤਰਨ ਦਾ ਚੁਣੌਤੀਪੂਰਨ ਕੰਮ ਉਨ੍ਹਾਂ ਦੀ ਅਗਵਾਈ ਵਿਚ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਸਹਿਯੋਗ ਤੋਂ ਸਫੈਦ ਖੂਹ ਵਿਚ ਪਾਣੀ ਛੱਡ ਦਿੱਤਾ ਗਿਆ ਹੈ ਅਤੇ ਕਾਲੇ ਖੂਹ ਵਿਚ ਪਾਣੀ ਵਗਣਾ ਸ਼ੁਰੂ ਹੋ ਗਿਆ ਹੈ।
ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਭਰੋਸਾ ਦਿੱਤਾ ਕਿ ਪਾਰਟੀ ਵਾਤਾਵਰਨ ਦੇ ਮੁੱਦੇ ਨੂੰ ਆਪਣੇ ਚੋਣ ਏਜੰਡੇ ਦਾ ਹਿੱਸਾ ਬਣਾਏਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਸ ਗੱਲ ‘ਤੇ ਮਾਣ ਹੈ ਕਿ ‘ਆਪ’ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ‘ਚ ਸੰਤ ਸਮਾਜ ਹਵਾ, ਪਾਣੀ ਅਤੇ ਸ਼ੁੱਧ ਭੋਜਨ ਵਰਗੇ ਲੋਕਾਂ ਦੇ ਜੀਵਨ ਨਾਲ ਜੁੜੇ ਮੁੱਦਿਆਂ ਨੂੰ ਉਠਾ ਰਹੇ ਹਨ। ਇਸ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਉਂਦਿਆਂ ਭਰੋਸਾ ਦਿੱਤਾ ਸੀ ਕਿ ਪਾਰਟੀ ਉਨ੍ਹਾਂ ਨੂੰ ਕਦੇ ਵੀ ਚੋਣ ਰੈਲੀਆਂ ਜਾਂ ਪ੍ਰਚਾਰ ਕਰਨ ਲਈ ਮਜਬੂਰ ਨਹੀਂ ਕਰੇਗੀ।
ਇਹ ਵੀ ਪੜ੍ਹੋ : ਵੇਖਦੇ ਹੀ ਵੇਖਦੇ ਢਹਿ-ਢੇਰੀ ਹੋ ਗਈ 3 ਮੰਜ਼ਿਲਾ ਇਮਾਰਤ, ਜਾਨ ਬਚਾਉਣ ਲਈ ਭੱਜੇ ਲੋਕ (ਵੀਡੀਓ)
ਸੰਤ ਸੀਚੇਵਾਲ ਨੇ ਕਿਹਾ ਕਿ ਉਹ ਸਮਾਜ ਸੇਵਾ ਖਾਸ ਕਰਕੇ ਵਾਤਾਵਰਨ ਦੇ ਖੇਤਰ ਵਿੱਚ ਕੰਮ ਕਰਨਾ ਪਸੰਦ ਕਰਦੇ ਹਨ ਕਿਉਂਕਿ ਇਹ ਲੋਕਾਂ ਦੇ ਜੀਵਨ ਅਤੇ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਮਸਲਾ ਹੈ। ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਸੰਤ ਸੀਚੇਵਾਲ ਨੇ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ, ਉੱਥੇ ਹੀ ਕੇਜਰੀਵਾਲ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਣਾ ਮੰਦਭਾਗਾ ਹੈ ਜਦਕਿ ਸੰਵਿਧਾਨ ਹਰ ਸਿਆਸੀ ਪਾਰਟੀ ਨੂੰ ਆਪਣੀਆਂ ਨੀਤੀਆਂ ਅਨੁਸਾਰ ਪ੍ਰਚਾਰ ਕਰਨ ਦਾ ਬਰਾਬਰ ਅਧਿਕਾਰ ਦਿੰਦਾ ਹੈ।
ਵੀਡੀਓ ਲਈ ਕਲਿੱਕ ਕਰੋ -: