ਚੰਡੀਗੜ੍ਹ : ਰਾਜਸਭਾ ’ਚ ‘ਆਪ’ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਂਚੇਵਾਲ ਨੇ ਕਿਸਾਨਾਂ ਦੇ ਮੁੱਦੇ ਚੁੱਕੇ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵਿੱਤੀ ਸੰਕਟ ਕਾਰਨ ਕਿਸਾਨ ਤੇ ਮਜ਼ਦੂਰ ਖੁਦਕੁਸ਼ੀਆਂ ਦੀ ਰਾਹ ’ਤੇ ਆ ਗਏ ਹਨ। ‘ਆਪ’ ਆਗੂ ਨੇ ਕਿਹਾ ਕਿ ਰੋਜ਼ਾਨਾ 114 ਕਿਸਾਨ ਅਤੇ ਦਿਹਾੜੀਦਾਰ ਮਜ਼ਦੂਰ ਖੁਦਕੁਸ਼ੀਆਂ ਕਰਕੇ ਮਰ ਰਹੇ ਹਨ ਅਤੇ ਇਸ ਲਈ ਸਾਡਾ ਸਿਸਟਮ ਅਤੇ ਸਰਕਾਰ ਜ਼ਿੰਮੇਵਾਰ ਹੈ।
ਸੰਸਦ ਮੈਂਬਰ ਸੀਂਚੇਵਾਲ ਨੇ ਕਿਹਾ ਕਿ ਪਹਿਲਾਂ ਦੇ ਸਮੇਂ ਖੇਤੀ ਮੁਨਾਫੇ ਵਾਲਾ ਧੰਦਾ ਮੰਨਿਆ ਜਾਂਦਾ ਸੀ ਜੋ ਕਿ ਹੁਣ ਘਾਟੇ ਵਿਚ ਜਾ ਰਿਹਾ ਹੈ, ਜਿਸ ਕਰਕੇ ਉਨ੍ਹਾਂ ਕਿਹਾ ਕਿ ਕਿਸਾਨ ਦੇ ਬੱਚੇ ਖੇਤਾਂ ਨੂੰ ਛੱਡ ਕੇ ਵਿਦੇਸ਼ਾ ’ਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਡੇ ਕਿਸਾਨਾਂ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਉਨ੍ਹਾਂ ਦੀ ਮਦਦ ਕਰੇ।
ਇਹ ਵੀ ਪੜ੍ਹੋ : ਕੇਂਦਰ ਖਿਲਾਫ ਕਿਸਾਨਾਂ ਨੇ ਵਿੱਢਿਆ ਸੰਘਰਸ਼, 2 ਜਨਵਰੀ ਨੂੰ ਅੰਮ੍ਰਿਤਸਰ ਤੇ 6 ਨੂੰ ਬਠਿੰਡਾ ‘ਚ ਵੱਡੇ ਪ੍ਰਦਰਸ਼ਨ ਦਾ ਐਲਾਨ
ਸੰਤ ਸੀਚੇਵਾਲ ਨੇ ਕਿਹਾ ਕਿ ਸਰਕਾਰ 23 ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਦੀ ਹੈ ਪਰ ਉਹ ਸਿਰਫ਼ ਇਸ ਦੀ ਰਸਮੀ ਕਾਰਵਾਈ ਹੀ ਕਰਦੀ ਹੈ ਕਿਉਂਕਿ ਸਿਰਫ਼ ਕਣਕ ਅਤੇ ਝੋਨਾ ਹੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦਿਆ ਜਾਂਦਾ ਹੈ ਅਤੇ ਬਾਕੀ ਫ਼ਸਲਾਂ ਦਾ ਕਿਸਾਨਾਂ ਨੂੰ ਸਹੀ ਮੁੱਲ ਨਹੀਂ ਮਿਲਦਾ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਸਾਡੇ ਦੇਸ਼ ਦੇ ਖੇਤੀ ਸੈਕਟਰ ਨੂੰ ਬਿਹਤਰ ਬਣਾਉਣ ਲਈ ਸਵਾਮੀਨਾਥਨ ਰਿਪੋਰਟ ਲਾਗੂ ਕਰਨੀ ਚਾਹੀਦੀ ਹੈ । ਇਸ ਤੋਂ ਇਲਾਵਾ ਸਾਂਸਦ ਸੀਂਚੇਵਾਲ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਾਹਗਾ ਬਾਰਡਰ ਨੂੰ ਵਪਾਰਕ ਮੰਤਵਾਂ ਲਈ ਖੋਲ੍ਹਣ ਦੀ ਵੀ ਅਪੀਲ ਕੀਤੀ।
ਉਨ੍ਹਾਂ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਉਹ ਵਾਹਗਾ ਬਾਰਡਰ ਖੋਲ੍ਹੇ ਜਿਸ ਨਾਲ ਫਸਲਾਂ ਉਧਰ ਵਿਕਣ ਨਾਲ ਵੱਡਾ ਲਾਭ ਕਿਸਾਨਾਂ ਨੂੰ ਹੋਵੇਗਾ। ਵਾਹਗਾ ਬਾਰਡਰ ਰਾਹੀਂ ਵਪਾਰ ਹੋਣ ਨਾਲ ਦੋਹਾਂ ਦੇਸ਼ਾਂ ਦੇ ਲੋਕਾਂ ਨੂੰ ਲਾਭ ਮਿਲੇਗਾ। ਸਾਡੇ ਕਿਸਾਨਾਂ ਦਾ ਆਲੂ ਰੁਲਣਾ ਬੰਦ ਹੋਵੇਗਾ ਤੇ ਉਧਰ ਲੋਕਾਂ ਨੂੰ ਸਸਤੇ ਭਾਅ ਆਲੂ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ : –