ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਇੱਕ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤਿੰਨਾਂ ‘ਤੇ ਪ੍ਰਾਈਵੇਟ ਫਾਰਮੇਸੀ ਸੰਸਥਾਵਾਂ ਨਾਲ ਮਿਲ ਕੇ ਕਥਿਤ ਤੌਰ ‘ਤੇ ਉਮੀਦਵਾਰਾਂ ਨੂੰ ਰਜਿਸਟਰ ਕਰਨ ਅਤੇ ਫਾਰਮਾਸਿਸਟਾਂ ਨੂੰ ਸਰਟੀਫਿਕੇਟ ਜਾਰੀ ਕਰਨ ਦਾ ਦੋਸ਼ ਹੈ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਬੀਰ ਸਿੰਘ (ਦੋਵੇਂ ਸਾਬਕਾ ਰਜਿਸਟਰਾਰ) ਅਤੇ ਅਸ਼ੋਕ ਕੁਮਾਰ ਲੇਖਾਕਰ (ਮੌਜੂਦਾ ਸੁਪਰਡੈਂਟ) ਵਜੋਂ ਹੋਈ ਹੈ।
ਵਿਜੀਲੈਂਸ ਅਨੁਸਾਰ ਪ੍ਰਵੀਨ ਕੁਮਾਰ ਭਾਰਦਵਾਜ ਨੇ 2001 ਤੋਂ 2009 ਤੱਕ ਅਤੇ 24 ਦਸੰਬਰ 2013 ਤੋਂ 25 ਮਾਰਚ 2015 ਤੱਕ ਪੀਐਸਪੀਸੀ ਦੇ ਰਜਿਸਟਰਾਰ ਵਜੋਂ ਸੇਵਾ ਨਿਭਾਈ। ਡਾ: ਤੇਜਬੀਰ ਸਿੰਘ 23 ਅਗਸਤ 2013 ਤੋਂ 24 ਜਨਵਰੀ 2013 ਤੱਕ ਇਸ ਅਹੁਦੇ ‘ਤੇ ਰਹੇ। ਵਿਜੀਲੈਂਸ ਦੀ ਜਾਂਚ ਮੁਤਾਬਕ ਇਸ ਘਪਲੇ ਵਿੱਚ ਲੇਖਾਕਾਰ ਅਸ਼ੋਕ ਕੁਮਾਰ ਵੀ ਸ਼ਾਮਲ ਸੀ।
ਜਾਂਚ ਦੌਰਾਨ ਫਾਰਮਾਸਿਸਟਾਂ ਦੀ ਰਜਿਸਟ੍ਰੇਸ਼ਨ ਦੌਰਾਨ ਵੈਰੀਫਿਕੇਸ਼ਨ ਪ੍ਰਕਿਰਿਆ ਵਿੱਚ ਲਾਪਰਵਾਹੀ ਪਾਈ ਗਈ। ਇਸ ਤੋਂ ਇਲਾਵਾ ਆਮ ਜਾਂਚ ਦੌਰਾਨ ਕਈ ਜਾਅਲੀ ਡੀ-ਫਾਰਮੇਸੀ ਸਰਟੀਫਿਕੇਟ ਵੀ ਫੜੇ ਗਏ ਹਨ। ਇਸ ਜਾਂਚ ਦੌਰਾਨ ਇਹ ਗੱਲ ਸਪੱਸ਼ਟ ਹੋ ਗਈ ਕਿ ਪੰਜਾਬ ਦੇ 105 ਫਾਰਮੇਸੀ ਕਾਲਜਾਂ ਵਿੱਚ ਚੱਲ ਰਹੇ ਡੀ-ਫਾਰਮੇਸੀ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਦੌਰਾਨ ਦੋਸ਼ੀਆਂ ਵੱਲੋਂ ਨਿਯਮਾਂ ਦੀ ਅਣਦੇਖੀ ਕੀਤੀ ਗਈ।
ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਜੋ ਕਿ ਰਾਜ ਦੇ ਸਰਕਾਰੀ ਕਾਲਜਾਂ ਵਿੱਚ ਡੀ-ਫਾਰਮੇਸੀ ਕੋਰਸ ਵਿੱਚ ਦਾਖਲੇ ਲਈ ਆਨਲਾਈਨ ਕਾਊਂਸਲਿੰਗ ਕਰਦਾ ਹੈ, ਉਸ ਕਾਊਂਸਲਿੰਗ ਦੌਰਾਨ ਪ੍ਰਾਈਵੇਟ ਅਦਾਰਿਆਂ ਵਿੱਚ ਸੀਟਾਂ ਖਾਲੀ ਰਹਿੰਦੀਆਂ ਹਨ। ਇਨ੍ਹਾਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐੱਸ.ਪੀ.ਸੀ. ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਕਥਿਤ ਤੌਰ ‘ਤੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ ਦੂਜੇ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲ ਕਰਵਾਇਆ ਅਤੇ ਇਨ੍ਹਾਂ ਉਮੀਦਵਾਰਾਂ ਤੋਂ ਭਾਰੀ ਰਿਸ਼ਵਤ ਲਈ।
ਇਸ ਤੋਂ ਇਲਾਵਾ ਪ੍ਰਾਈਵੇਟ ਤੌਰ ‘ਤੇ ਮੈਡੀਕਲ ਜਾਂ ਨਾਨ-ਮੈਡੀਕਲ ਸਟਰੀਮ ਵਿਚ 12ਵੀਂ ਪੂਰੀ ਕਰਨ ਵਾਲੇ ਕਈ ਵਿਦਿਆਰਥੀਆਂ ਨੂੰ ਵੀ ਲੋੜੀਂਦੀ 12ਵੀਂ ਵਿਦਿਅਕ ਯੋਗਤਾ ਦੇ ਨਾਲ ਡੀ-ਫਾਰਮੇਸੀ ਕੋਰਸ ਵਿਚ ਦਾਖਲਾ ਦਿੱਤਾ ਗਿਆ, ਜਦਕਿ ਯੋਗਤਾ ਮੁਤਾਬਕ 12ਵੀਂ ਰੈਗੂਲਰ ਤੌਰ ‘ਤੇ ਅਤੇ ਸਾਇੰਸ ਦੇ ਪ੍ਰੈਕਟੀਕਲ ਵਿਚ ਹਿੱਸਾ ਲੈ ਕੇ ਪਾਸ ਹੋਣੀ ਚਾਹੀਦੀ ਹੈ। ਦੋਸ਼ੀਆਂ ਨੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਨਾਲ ਮਿਲੀਭੁਗਤ ਕਰਕੇ ਇਨ੍ਹਾਂ ਉਮੀਦਵਾਰਾਂ ਨੂੰ ਰਜਿਸਟਰਡ ਕਰਵਾ ਕੇ ਸਰਟੀਫਿਕੇਟ ਜਾਰੀ ਕੀਤੇ ਅਤੇ ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦਿਵਾਈਆਂ ਜਾਂ ਮੈਡੀਕਲ ਦੁਕਾਨਾਂ ਸਥਾਪਤ ਕਰਨ ਵਿੱਚ ਮਦਦ ਕੀਤੀ।
ਇਹ ਵੀ ਪੜ੍ਹੋ : CM ਮਾਨ ਤੇ ਕੇਜਰੀਵਾਲ ਦੀ ਰੈਲੀ ਅੱਜ, ਲੁਧਿਆਣਾ ਵਾਸੀਆਂ ਨੂੰ ਮਿਲ ਸਕਦੇ ਨੇ ਵੱਡੇ ਤੋਹਫ਼ੇ
ਪ੍ਰਵੀਨ ਕੁਮਾਰ ਭਾਰਦਵਾਜ ਨੂੰ 31 ਮਾਰਚ 2011 ਨੂੰ ਜਾਅਲੀ ਦਾਖਲਿਆਂ, ਜਾਅਲੀ ਸਰਟੀਫਿਕੇਟਾਂ, ਰਿਕਾਰਡ ਵਿੱਚ ਜਾਅਲੀ ਅਤੇ ਡਿਸਪੈਚ ਰਜਿਸਟਰ ਵਿੱਚ ਗਲਤੀਆਂ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਬਾਅਦ ਵਿੱਚ ਉਸਨੂੰ 24 ਦਸੰਬਰ 2013 ਨੂੰ ਰਜਿਸਟਰਾਰ ਵਜੋਂ ਦੁਬਾਰਾ ਨਿਯੁਕਤ ਕੀਤਾ ਗਿਆ ਸੀ, ਪਰ ਹਾਈਕੋਰਟ ਵਿੱਚ ਇੱਕ ਪਟੀਸ਼ਨ ਕਾਰਨ 25 ਮਾਰਚ 2015 ਨੂੰ ਉਹਨਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਸਨ। ਇਨ੍ਹਾਂ ਬੇਨਿਯਮੀਆਂ ਨੂੰ ਧਿਆਨ ਵਿੱਚ ਰੱਖਦਿਆਂ ਲੁਧਿਆਣਾ ਵਿਜੀਲੈਂਸ ਨੇ 8 ਦਸੰਬਰ ਨੂੰ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ : –