ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸੰਗਤਾਂ ਨੂੰ ਸਿੱਖ ਇਤਿਹਾਸ ਨੂੰ ਢਾਹ ਲਾਉਣ ਦੀਆਂ ਸਰਕਾਰੀ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਦੇ ਰਾਹ ਪਈ ਹੋਈ ਹੈ ਅਤੇ ਇਹ ਮੰਦਭਾਗਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਇਸ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਰਵਾਇਤਾਂ ਦੇ ਉਲਟ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਵਿਸ਼ਵ ਦੇ ਧਾਰਮਿਕ ਇਤਿਹਾਸ ਦੀ ਮਹਾਨ ਸ਼ਹਾਦਤ ਅਤੇ ਵਡਮੁੱਲੇ ਵਿਰਸੇ ਨੂੰ ਢਾਹ ਲਾਉਣ ਦੀ ਕੋਝੀ ਸਾਜ਼ਿਸ਼ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਹੋਟਲ ‘ਚ ਸਿਲੰਡਰ ਬਲਾਸਟ ਨਾਲ ਵਾਪਰੀ ਘਟਨਾ, 3 ਦੀ ਹਾਲਤ ਗੰਭੀਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਵਾਲ ਕੀਤਾ ਕਿ ਜੇਕਰ ਸਰਕਾਰ ਸੱਚਮੁੱਚ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਅਤੇ ਸਤਿਕਾਰ ਦੇਣਾ ਚਾਹੁੰਦੀ ਹੈ ਤਾਂ ਇਸ ਦਿਨ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਵਿੱਚ ਕੀ ਹਰਜ਼ ਹੈ?ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਸ ਖਿੱਤੇ ਵਿੱਚੋਂ ਮੁਗਲਾਂ ਨੂੰ ਉਖਾੜ ਸੁੱਟਣ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਅਹਿਮ ਯੋਗਦਾਨ ਸੀ ਪਰ ਜਿਸ ਤਰ੍ਹਾਂ ਸਰਕਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਲਈ ਜ਼ੋਰ ਦੇ ਰਹੀ ਹੈ, ਉਸ ਤੋਂ ਸਾਫ਼ ਹੈ ਕਿ ਸਰਕਾਰ ਸਿੱਖ ਵਿਰੋਧੀ ਤਾਕਤਾਂ ਦੇ ਇਸ਼ਾਰੇ ‘ਤੇ ਸਿਆਸਤ ਖੇਡ ਰਹੀ ਹੈ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਸਿੱਖ ਵਿਦਵਾਨਾਂ ਦੀ ਕਮੇਟੀ ਨੇ ਵੀਰ ਬਾਲ ਦਿਵਸ ਦੀ ਬਜਾਏ ਸਾਹਿਬਜ਼ਾਦੇ ਸ਼ਹਾਦਤ ਦਿਵਸ ਦਾ ਨਾਂਅ ਸੁਝਾਇਆ ਹੈ ਅਤੇ ਇਸ ਸਬੰਧੀ SGPC ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਭੇਜਿਆ ਗਿਆ ਹੈ। ਪਰ ਫਿਰ ਵੀ ਸਰਕਾਰ ਨੇ ਨਾਮ ਨਹੀਂ ਬਦਲਿਆ ਅਤੇ ਡੀਐਸਜੀਐਮਸੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ ਸਰਕਾਰੀ ਸਮਾਗਮਾਂ ਵਿੱਚ ਸ਼ਾਮਲ ਹੋਣਾ ਭਾਈਚਾਰੇ ਲਈ ਦੁਖਦਾਈ ਹੈ। ਹਰਮੀਤ ਸਿੰਘ ਕਾਲਕਾ ਨੂੰ ਸਿੱਖ ਇਤਿਹਾਸ ਨੂੰ ਵਿਗਾੜਨ ਦੀ ਸਰਕਾਰੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਡੀਐਸਜੀਐਮਸੀ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੂੰ ਸਿੱਖ ਵਿਚਾਰਧਾਰਾ ਦੀ ਰਾਖੀ ਕਰਨ ਦੀ ਅਪੀਲ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸ ਦੀ ਮੌਲਿਕਤਾ ਅਤੇ ਮਹੱਤਤਾ ਨੂੰ ਕਦੇ ਵੀ ਘੱਟ ਨਹੀਂ ਹੋਣ ਦੇਵੇਗੀ ਅਤੇ ਆਪਣੇ ਇਤਿਹਾਸ ਦੀ ਭਾਵਨਾ ਅਨੁਸਾਰ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -: