ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਅੰਦੋਲਨ ਦੀ ਰਾਹ ‘ਤੇ ਤੁਰੇ ਕਿਸਾਨਾਂ ਵੱਲੋਂ ਭਲਕੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਕੀਤੇ ਜਾ ਰਹੇ ਭਾਰਤ ਬੰਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਮਰਥਨ ਦਿੰਦੇ ਹੋਏ ਆਪਣੇ ਦਫ਼ਤਰ ਅਤੇ ਸਮੂਹ ਵਿੱਦਿਅਕ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹਨ, ਜਿਨ੍ਹਾਂ ਵੱਲੋਂ ਆਪਣੀ ਹੋਂਦ ਹਸਤੀ ਦੀ ਕਾਇਮੀ ਲਈ ਕੀਤੇ ਜਾ ਰਹੇ ਸੰਘਰਸ਼ ਦਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ 16 ਫ਼ਰਵਰੀ ਨੂੰ ਭਾਰਤ ਬੰਦ ਦੇ ਸੱਦੇ ਤਹਿਤ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਹੋਰ ਅਦਾਰੇ ਬੰਦ ਰੱਖੇ ਜਾਣਗੇ।
ਉਨ੍ਹਾਂ ਕਿਹਾ ਕਿ ਇਹ ਇਕੱਲੇ ਕਿਸਾਨਾਂ ਦਾ ਮਾਮਲਾ ਨਹੀਂ ਹੈ, ਸਗੋਂ ਦੇਸ਼ ਦੀ ਆਰਥਿਕਤਾ ਅਤੇ ਅੰਨ ਭੰਡਾਰ ਦੀ ਮਜ਼ਬੂਤ ਸਥਿਤੀ ਨੂੰ ਪਰਿਭਾਸ਼ਿਤ ਕਰਨ ਦਾ ਅਧਾਰ ਵੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਬਿਨਾਂ ਦੇਰੀ ਦੇਸ਼ ਦੇ ਕਿਸਾਨਾਂ ਦੀ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਤਾਂ ਜੋ ਖੇਤੀ ਸੱਭਿਆਚਾਰ ਨਾਲ ਜੁੜੇ ਹੋਏ ਪੱਖਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਤੇ ਕਿਸਾਨ ਖੁਸ਼ਹਾਲ ਹੋਵੇ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ 24 ਫਰਵਰੀ ਨੂੰ ਹੋਵੇਗਾ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਦਾ ਲਾਈਵ ਸ਼ੋਅ!! ਵੇਖਣ ਲਈ ਹੋ ਜਾਓ ਤਿਆਰ
ਜ਼ਿਕਰਯੋਗ ਹੈ ਕਿ ਪ੍ਰਾਈਵੇਟ ਬੱਸ ਇੰਡਸਟਰੀ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ 16 ਤਰੀਕ ਤੱਕ ਪ੍ਰਾਈਵੇਟ ਬੱਸਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਪੈਟਰੋਲ ਪੰਪ ਮਾਲਕ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਆਪਣੀਆਂ ਮੰਗਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਵੀ ਕਿਸਾਨਾਂ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ, ਜਦਕਿ ਹੁਣ ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ।