ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਅਸੁਮੇਧ ਜਗਨੇ ॥ ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥ ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥ ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੇਦ ਚਤੁਰ ਪੜਤਾ ॥੨॥ ਸਗਲ ਧਰਮ ਅਛਿਤਾ ॥ ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ ॥੩॥ ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥ ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥
ਜੇ ਕੋਈ ਮਨੁੱਖ ਅਸਮੇਧ ਜੱਗ ਕਰੇ, ਆਪਣੇ ਨਾਲ ਸਾਵਾਂ ਤੋਲ ਕੇ (ਸੋਨਾ ਚਾਂਦੀ ਆਦਿਕ) ਦਾਨ ਕਰੇ ਅਤੇ ਪ੍ਰਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰੇ।1। ; ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ, ਬਰਾਬਰੀ ਨਹੀਂ ਕਰ ਸਕਦੇ। ਸੋ, ਹੇ ਮੇਰੇ ਆਲਸੀ ਮਨ! ਆਪਣੇ ਪਿਆਰੇ ਪ੍ਰਭੂ ਨੂੰ ਸਿਮਰ।1। ਰਹਾਉ। ਜੇ ਮਨੁੱਖ ਗਇਆ ਤੀਰਥ ਤੇ ਜਾ ਕੇ ਪਿਤਰਾਂ ਨਿਮਿੱਤ ਪਿੰਡ ਭਰਾਏ, ਜੇ ਕਾਂਸ਼ੀ ਦੇ ਨਾਲ ਵਗਦੀ ਅਸਿ ਨਦੀ ਦੇ ਕੰਢੇ ਰਹਿੰਦਾ ਹੋਵੇ, ਜੇ ਮੂੰਹੋਂ ਚਾਰੇ ਵੇਦ (ਜ਼ਬਾਨੀ) ਪੜ੍ਹਦਾ ਹੋਵੇ।2। ; ਜੇ ਮਨੁੱਖ ਸਾਰੇ ਕਰਮ ਧਰਮ ਕਰਦਾ ਹੋਵੇ, ਆਪਣੇ ਗੁਰੂ ਦੀ ਸਿੱਖਿਆ ਲੈ ਕੇ ਇੰਦ੍ਰੀਆਂ ਨੂੰ ਕਾਬੂ ਵਿਚ ਰੱਖਦਾ ਹੋਵੇ, ਜੇ ਬ੍ਰਾਹਮਣਾਂ ਵਾਲੇ ਛੇ ਹੀ ਕਰਮ ਸਦਾ ਕਰਦਾ ਰਹੇ,।3। ਸ਼ਿਵ ਰਾਮਾਇਣ (ਆਦਿਕ) ਦਾ ਪਾਠ ਕਰਦਾ ਹੋਵੇ —ਹੇ ਮੇਰੇ ਮਨ! ਇਹ ਸਾਰੇ ਕਰਮ ਛੱਡ ਦੇਹ, ਛੱਡ ਦੇਹ, ਇਹ ਸਭ ਪ੍ਰਭੂ ਨਾਲੋਂ ਵਿੱਥ ਪਾਣ ਵਾਲੇ ਹੀ ਹਨ। ਹੇ ਨਾਮਦੇਵ! ਗੋਬਿੰਦ ਦਾ ਭਜਨ ਕਰ, (ਪ੍ਰਭੂ ਦਾ) ਨਾਮ ਸਿਮਰ, (ਨਾਮ ਸਿਮਰਿਆਂ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘੇਂਗਾ।4।1।
Raag Gond, The Word Of Naam Dayv Jee, First House: One Universal Creator God. By The Grace Of The True Guru: The ritual sacrifice of horses, giving one’s weight in gold to charities, and ceremonial cleansing baths -||1|| These are not equal to singing the Praises of the Lord’s Name. Meditate on your Lord, you lazy man! ||1||Pause|| Offering sweet rice at Gaya, living on the river banks at Benares, reciting the four Vedas by heart;||2|| Completing all religious rituals, restraining sexual passion by the spiritual wisdom given by the Guru, and performing the six rituals;||3|| Expounding on Shiva and Shakti – O man, renounce and abandon all these things. Meditate, meditate in remembrance on the Lord of the Universe. Meditate, O Naam Dayv, and cross over the terrifying world-ocean. ||4||1||