ਧਨਾਸਰੀ ਮਹਲਾ ੧ ॥
ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥
ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ । ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ । ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ।੧। ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ । ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ।੧।ਰਹਾਉ। ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ । ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ ।੨। ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ । ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ । ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ ।੩। (ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ) । (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ । ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ ।੪।੩।੬।
Dhanaasaree, First Mehl: If a thief praises someone, his mind is not pleased. If a thief curses him, no damage is done. No one will take responsibility for a thief. How can a thief’s actions be good? ||1|| Listen, O mind, you blind, false dog! Even without your speaking, the Lord knows and understands. ||1||Pause|| A thief may be handsome, and a thief may be wise, but he is still just a counterfeit coin, worth only a shell. If it is kept and mixed with other coins, it will be found to be false, when the coins are inspected. ||2|| As one acts, so does he receive. As he plants, so does he eat. He may praise himself gloriously, but still, according to his understanding, so is the path he must follow. ||3|| He may tell hundreds of lies to conceal his falsehood, and all the world may call him good. If it pleases You, Lord, even the foolish are approved. O Nanak, the Lord is wise, knowing, all-knowing. ||4||4||6||