ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਪਦਅਰਥ: ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧। ਆਧਾਰੁ = ਸਹਾਰਾ।ਰਹਾਉ। ਤੂ ਹੈ– ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨। ਦੀਸੈ = ਦਿੱਸਦਾ ਹੈ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ! ਅਨੂਪ = ਹੇ ਸੁੰਦਰ! ਜਨ = ਹੇ ਜਨ! ਸੋਇ = ਉਸ ਪਰਮਾਤਮਾ ਨੂੰ ਹੀ। ਕਰਮਿ = ਮੇਹਰ ਨਾਲ।੩। ਜਿਨਿ = ਜਿਸ (ਮਨੁੱਖ) ਨੇ। ਤਿਸ ਕਉ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}। ਬਲਿਹਾਰ = ਸਦਕੇ। ਤਿਸ ਕੈ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੈ’ ਦੇ ਕਾਰਨ ਉੱਡਿਆ ਹੈ}। ਕੈ ਸੰਗਿ = ਦੇ ਨਾਲ। ਲੋਚਾ = ਤਾਂਘ। ਪੂਰਿ = ਪੂਰੀ ਕਰ। ਬਾਛਉ = ਬਾਛਉਂ, ਮੈਂ ਚਾਹੁੰਦਾ ਹਾਂ। ਧੂਰਿ = ਚਰਨ = ਧੂੜ।੪।
ਅਰਥ: ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥ ਹੇ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ ਜੀ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ॥੨॥ ਹੇ ਪ੍ਰਭੂ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ, ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਇਹ ਜਗਤ ਤੇਰਾ ਹੀ ਰੂਪ ਹੈ) ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ ਜੀ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ॥੩॥ ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਨਾਨਕ ਜੀ ਆਖਦੇ ਹਨ – ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰੋ ਜੀ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੨॥
Tilang Ghar 2 Mahalaa 5 || Tudhh Bin Doojaa Naahee Koe || Too Kartaar Kareh So Hoe || Teraa Jor Teree Man Ttek || Sadaa Sadaa Jap Naanak Ek ||1|| Sabh Oopar Paarbreham Daataar || Teree Ttek Teraa Aadhhaar || Rahaau || Hai Toohai Too Hovanhaar || Agam Agaadhh Ooch Aapaar || Jo Tudhh Seveh Tin Bhau Dukh Naahe || Gur Parsaad Naanak Gun Gaahe ||2|| Jo Deesai So Teraa Roop || Gun Nidhhaan Govind Anoop || Simar Simar Simar Jan Soe || Naanak Karam Paraapat Hoe ||3|| Jin Japeaa Tis Kau Balehaar || Tis Kai Sang Tarai Sansaar || Kahu Naanak Prabh Lochaa Poor || Sant Janaa Kee Baashhau Dhhoor ||4||2||
Meaning: There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak Ji, on the One. ||1|| The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak Ji, sing the Glorious Praises of the Lord. ||2|| Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak Ji, by His Grace, we obtain Him. ||3|| I am a sacrifice to those who meditate on the Lord. Associating with them, the whole world is saved. Says Nanak Ji, God fulfills our hopes and aspirations. I long for the dust of the feet of the Saints. ||4||2||