ਸੋਰਠਿ ਮਹਲਾ ੫ ॥
ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥
ਹੇ ਪਿਆਰੇ ਪ੍ਰਭੂ! ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ) । ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ।ਰਹਾਉ। ਹੇ ਪਿਆਰੇ (ਭਾਈ) ! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ) । ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ। ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ। ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ।੧। ਹੇ ਭਾਈ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ, (ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ। ਹੇ ਭਾਈ! ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਪੂਰਨਿਆਂ ਤੇ ਤੁਰ ਕੇ (ਮਾਇਆ ਦੇ ਮੋਹ ਦੀ ਜ਼ਹਿਰ ਤੋਂ) ਬਚ ਜਾਈਦਾ ਹੈ।੨।
Sorat’h, Fifth Mehl: The womb of the mother is an ocean of pain, O Beloved; even there, the Lord causes His Name to be chanted. When he emerges, he finds corruption pervading everywhere, O Beloved, and he becomes increasingly attached to Maya. One whom the Lord blesses with His kind favor, O Beloved, meets the Perfect Guru. He worships the Lord in adoration with each and every breath, O Beloved; he is lovingly attached to the Lord’s Name. ||1|| You are the support of my mind and body, O Beloved; You are the support of my mind and body. There is no other Creator except for You, O Beloved; You alone are the Inner-knower, the Searcher of hearts. ||Pause|| After wandering in doubt for millions of incarnations, he comes into the world, O Beloved; for uncounted lifetimes, he has suffered in pain. He has forgotten his True Lord and Master, O Beloved, and so he suffers terrible punishment. Those who meet with the Perfect True Guru, O Beloved, are attached to the True Name. We are saved by following those, O Beloved, who seek the Sanctuary of the True Lord. ||2||