ਸਲੋਕ ਮ: ੩ ॥
ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥ ਮ: ੩ ॥ ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥ ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥ ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਮਨ ਵਿਚ ਖੋਟ ਟਿਕਿਆ ਰਹਿੰਦਾ ਹੈ (ਇਸ ਵਾਸਤੇ ਉਸ ਨੂੰ) ਸਦਾ (ਆਤਮਕ) ਕਲੇਸ਼ ਰਹਿੰਦਾ ਹੈ, ਉਸ ਦੀ ਸੁਰਤ (ਪਰਮਾਤਮਾ ਵਿਚ) ਨਹੀਂ ਜੁੜਦੀ। ਉਸ ਮਨੁੱਖ ਦੀ ਸਾਰੀ ਕਿਰਤ-ਕਾਰ ਦੁੱਖ-ਕਲੇਸ਼ ਵਿਚ ਹੀ ਹੁੰਦੀ ਹੈ (ਹਰ ਵੇਲੇ ਉਸ ਨੂੰ) ਕਲੇਸ਼ ਹੀ ਵਾਪਰਦਾ ਰਹਿੰਦਾ ਹੈ, ਪਰਲੋਕ ਵਿਚ ਭੀ ਉਸ ਦੇ ਵਾਸਤੇ ਕਲੇਸ਼ ਹੀ ਹੈ। (ਜਦੋਂ ਪਰਮਾਤਮਾ ਦੀ) ਮਿਹਰ ਨਾਲ (ਮਨੁੱਖ ਨੂੰ) ਗੁਰੂ ਮਿਲਦਾ ਹੈ ਤਦੋਂ ਸਦਾ-ਥਿਰ ਹਰਿ-ਨਾਮ ਵਿਚ ਉਸ ਦੀ ਲਗਨ ਲੱਗ ਜਾਂਦੀ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ (ਟਿਕਣ ਕਰਕੇ ਉਸ ਨੂੰ ਆਤਮਕ) ਆਨੰਦ ਮਿਲਿਆ ਰਹਿੰਦਾ ਹੈ ਤੇ ਉਸ ਦੇ ਮਨ ਵਿਚੋਂ ਭਟਕਣਾ ਦੂਰ ਹੋ ਜਾਂਦੀ ਹੈ ਸਹਿਮ ਦੂਰ ਹੋ ਜਾਂਦਾ ਹੈ ॥੧॥ ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ (ਉਸ ਦੇ ਅੰਦਰ) ਸਦਾ ਪਰਮਾਤਮਾ ਦੇ ਨਾਮ ਦੀ ਰੰਗਣ ਚੜ੍ਹੀ ਰਹਿੰਦੀ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। (ਉਹ ਮਨੁੱਖ ਹਰ ਥਾਂ ਪਰਮਾਤਮਾ ਨੂੰ ਹੀ) ਵੇਖਦਾ ਹੈ (ਸਦਾ ਪਰਮਾਤਮਾ ਦਾ) ਨਾਮ ਹੀ ਉਚਾਰਦਾ ਹੈ, ਨਾਮ ਜਪਦਿਆਂ ਉਸ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਸਹੀ ਜੀਵਨ ਦੀ ਸੂਝ ਵਜੋਂ ਬੇ-ਸਮਝੀ ਦਾ ਘੁੱਪ ਹਨੇਰਾ ਮੁੱਕ ਜਾਂਦਾ ਹੈ ॥੨॥
Shalok, Third Mehl: Fraud and hypocrisy within bring constant pain; the self-willed manmukh does not practice meditation. Suffering in pain, he does his deeds; he is immersed in pain, and he shall suffer in pain hereafter. By his karma, he meets the True Guru, and then, he is lovingly attuned to the True Name. O Nanak, he is naturally at peace; doubt and fear run away and leave him. ||1|| Third Mehl: The Gurmukh is in love with the Lord forever. The Name of the Lord is pleasing to his mind. The Gurmukh beholds and speaks the Naam, the Name of the Lord; chanting the Naam, he finds peace. O Nanak, the spiritual wisdom of the Gurmukh shines forth; the black darkness of ignorance is dispelled. ||2||