guru arjan dev ji: ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਬੀਬੀ ਭਾਨੀ ਜੀ ਦੇ ਕੁਖੋਂ 1563 ਈ. ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਗੁਰੂ ਸਾਹਿਬ ਜੀ 11 ਸਾਲ ਦੀ ਉਮਰ ਤੱਕ ਆਪਣੇ ਨਾਨਾ ਜੀ ਸ੍ਰੀ ਗੁਰੂ ਅਮਰਦਾਸ ਜੀ ਕੋਲ ਰਹੇ। ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਸਮਾਉਣ ਤੋਂ ਬਾਅਦ ਗੁਰੂ ਅਰਜਨ ਦੇਵ ਜੀ ਆਪਣੇ ਪਿਤਾ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਲ ਅੰਮ੍ਰਿਤਸਰ ਸਾਹਿਬ ਚਲੇ ਗਏ। ਗੁਰੂ ਸਾਹਿਬ ਜੀ ਦੇ ਪਿਤਾ ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਸਰੋਵਰ ਦੀ ਸੇਵਾ ਆਰੰਭ ਕੀਤੀ, ਜਿਸ ਨੂੰ ਪੂਰਾ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਕੀਤਾ। ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਮੰਦਿਰ ਸਾਹਿਬ ਦੀ ਸੇਵਾ ਆਪਣੀ ਦੇਖ ਰੇਖ ‘ਚ ਕਰਵਾਈ। ਗੁਰੂ ਸਾਹਿਬ ਜੀ ਨੇ ਆਪਣੇ ਗੁਰਗੱਦੀ ਕਾਲ ‘ਚ ਸਭ ਤੋਂ ਮਹਾਨ ਕੰਮ ਇਲਾਹੀ ਬਾਣੀ ਰਚਣ ਅਤੇ ਪਹਿਲੇ ਗੁਰੂ ਸਾਹਿਬਾਨਾਂ ਦੀ, ਸੰਤਾਂ, ਭਗਤਾਂ ਦੀ ਬਾਣੀ ਨੂੰ ਇਕੱਤਰ ਕਰਨ ਦਾ ਕੀਤਾ। ਗੁਰੂ ਸਾਹਿਬ ਜੀ ਨੇ ਇਕ ਮਹਾਨ ਗ੍ਰੰਥ ਸਾਹਿਬ ਤਿਆਰ ਕੀਤਾ, ਜਿਸ ‘ਚ 36 ਮਹਾਂਪੁਰਸ਼ਾਂ ਦੀ ਬਾਣੀ ਅੰਕਿਤ ਕੀਤੀ ਗਈ, ਜਿਨ੍ਹਾਂ ‘ਚ ਪੰਜ ਗੁਰੂ ਸਾਹਿਬਾਨਾਂ ਦੀ ਬਾਣੀ, 15 ਭਗਤਾਂ ਦੀ ਬਾਣੀ ਦਾ ਸੰਗ੍ਰਹਿ ਹੈ। ਇਸ ਸੇਵਾ ਲਈ ਭਾਈ ਗੁਰਦਾਸ ਜੀ ਨੇ ਆਪਣੀ ਕਲਮ ਦੁਆਰਾ ਮਹਾਨ ਯੋਗਦਾਨ ਪਾਇਆ। 30 ਅਗਸਤ 1604 ਨੂੰ ਇਸ ਇਲਾਹੀ ਗ੍ਰੰਥ ਦਾ ਪਹਿਲੀ ਵਾਰ ਦਰਬਾਰ ਸਾਹਿਬ ਅੰਦਰ ਪ੍ਰਕਾਸ਼ ਕੀਤਾ ਗਿਆ ਤੇ ਬਾਬਾ ਬੁੱਢਾ ਜੀ ਨੇ ਪ੍ਰਥਮ ਗ੍ਰੰਥੀ ਦੇ ਤੌਰ ‘ਤੇ ਪਹਿਲਾਂ ਹੁਕਮਨਾਮਾ ਲਿਆ।
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪੰਜਾਬੀ ਸਾਹਿਤ ਨੂੰ ਸਭ ਤੋਂ ਵੱਡੀ ਦੇਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਹੈ, ਜਿਸ ‘ਚ ਸੱਤ ਗੁਰੂ ਸਾਹਿਬਾਨਾਂ ਤੋਂ ਬਿਨਾਂ ਉਨ੍ਹਾਂ ਭਗਤਾਂ, ਸੂਫੀ ਫਕੀਰਾਂ, ਭੱਟਾਂ ਆਦਿ ਦੀ ਰਚਨਾ ਦਰਜ ਹੈ, ਜਿਹੜੀ ਗੁਰਮਤਿ ਦੇ ਆਸ਼ੇ ਦੇ ਅਨੁਕੂਲ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਧ ਬਾਣੀ ਦਰਜ ਹੈ, ਜਿਸਦੇ ਕੁੱਲ 2312 ਸ਼ਬਦ ਬਣਦੇ ਹਨ। ਗੁਰੂ ਸਾਹਿਬ ਜੀ ਦੀਆਂ ਮੁੱਖ ਰਚਨਾਵਾਂ ‘ਚ (1) ਸੁਖਮਨੀ ਸਾਹਿਬ (2) ਬਾਰਹਮਾਂਹ (3) ਬਾਵਨ ਅੱਖਰੀ (4) ਫੁਨਹੇ ਮ:5 (5) ਮਾਰੂ ਡਖਣੇ (6) ਵਾਰਾਂ ਸ਼ਾਮਲ ਹਨ। ਸੁਖਮਨੀ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਾਹਕਾਰ ਰਚਨਾ ਹੈ। ਇਸ ਦੀਆਂ ਕੁੱਲ 24 ਅਸ਼ਟਪਦੀਆਂ ਹਨ।ਹਰ ਅਸ਼ਟਪਦੀ ਦੇ ਆਰੰਭ ‘ਚ ਇਕ ਸ਼ਲੋਕ ਅੰਕਿਤ ਹੈ, ਜਿਸ ‘ਚ ਉਸ ਅਸ਼ਟਪਦੀ ਦਾ ਸਾਰ ਦਿੱਤਾ ਗਿਆ ਹੈ, ਜਿਸ ਦੀਆਂ 1977 ਤੁਕਾਂ ਹਨ। ਸੁਖਮਨੀ ਦਾ ਅਰਥ ਹੈ ਮਨ ਨੂੰ ਸੁਖ ਦੇਣ ਵਾਲੀ ਬਾਣੀ। ਬਾਰਹਮਾਂਹ ਬਾਰ੍ਹਾਂ ਮਹੀਨਿਆਂ ਦੇ ਸੰਦਰਭ ‘ਚ ਲਿਖੀ ਲੋਕ ਕਾਵਿ ਰਚਨਾ ਹੈ। ਬਾਰਹਮਾਂਹ ਗੁਰੂ ਅਰਜਨ ਦੇਵ ਜੀ ਦੀ ਸ਼੍ਰੇਸ਼ਟ ਰਚਨਾ ਹੈ।
ਬਾਵਨ ਅੱਖਰੀ-ਗੁਰੂ ਅਰਜਨ ਦੇਵ ਜੀ ਦੁਆਰਾ ਰਚਿਤ ਇਹ ਬਾਣੀ ਦੇਵ ਨਾਗਰੀ ਲਿਪੀ ਦੀ ਵਰਣਮਾਲ ਦੇ ਅੱਖਰਾਂ ਦੇ ਆਧਾਰ ਤੇ ਆਦਿ ਗ੍ਰੰਥ ਦੇ ਗਉੜੀ ਰਾਗ ‘ਚ ਅੰਕਿਤ ਹੈ। ਇਸ ਬਾਣੀ ਦੀਆਂ 55 ਪਉੜੀਆਂ ਹਨ ਤੇ ਹਰ ਇਕ ਪਉੜੀ ਨਾਲ ਇਕ ਸਲੋਕ ਅੰਕਿਤ ਹੈ। ਗੁਰਬਾਣੀ ‘ਚ ਅਧਿਆਤਮਿਕ ਵਾਰਾਂ ਦਾ ਚਿਤਰਣ ਮਿਲਦਾ ਹੈ।ਗੁਰੂ ਨਾਨਕ ਸਾਹਿਬ ਤੋਂ ਹੀ ਇਨ੍ਹਾਂ ਦੀ ਰਚਨਾ ਹੋਣੀ ਸ਼ੁਰੂ ਹੋ ਗਈ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ‘ਚ 22 ਅਧਿਆਤਮਿਕ ਵਾਰਾਂ ਦਰਜ ਹਨ। ਗੁਰੂ ਸਾਹਿਬ ਦੁਆਰਾ ਰਚਿਤ 6 ਵਾਰਾਂ ਦਾ ਵੇਰਵਾ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਵੱਖ-ਵੱਖ ਰਾਗਾ ਅਧੀਨ ਮਿਲਦਾ ਹੈ। ਗੁਰੂ ਸਾਹਿਬ ਜੀ ਨੇ ਰਾਗ ਪਉੜੀ, ਰਾਗ ਗੁਜਰੀ, ਰਾਗ ਜੈਤਸਰੀ, ਰਾਗ ਰਾਮਕਲੀ, ਰਾਮ ਮਾਰੂ ਅਤੇ ਰਾਗ ਬਸੰਤ ‘ਚ ਬਾਣੀ ਰਚੀ। ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦਾਂ ਦੇ ਸਰਤਾਜ ਵੀ ਕਹਿ ਕੇ ਵੀ ਨਿਵਾਜਿਆ ਜਾਂਦਾ ਹੈ, ਕਿਉਂਕਿ ਗੁਰੂ ਸਾਹਿਬ ਦੀ ਸ਼ਹਾਦਤ ਕੋਈ ਆਮ ਸ਼ਹਾਦਤ ਨਹੀਂ ਸੀ।ਗੁਰੂ ਸਾਹਿਬ ਨੂੰ ਵੈਰੀਆਂ ਨੇ ਈਰਖਾ ਭਾਵ ਦੇ ਨਾਲ ਪਹਿਲਾਂ ਜਹਾਂਗੀਰ ਦੇ ਸਾਹਮਣੇ ਗੁਰੂ ਸਾਹਿਬ ਦੇ ਖਿਲਾਫ ਗੱਲਾਂ ਕੀਤੀਆਂ ਤੇ ਨਾਲ ਚੰਦੂ ਨੇ ਆਪਣਾ ਬਦਲਾ ਲੈਣ ਲਈ ਗੁਰੂ ਸਾਹਿਬ ਨੂੰ ਨਿਰਦਈਅਤਾ ਨਾਲ ਤੱਤੀ ਤਵੀ ‘ਤੇ ਬਿਠਾ ਕੇ ਸੀਸ ‘ਤੇ ਤੱਤੀ ਰੇਤ ਪਾਈ ਤੇ ਬਾਅਦ ‘ਚ ਉਬਲਦੇ ਪਾਣੀ ਦੀ ਦੇਗ ‘ਚ ਪਾਇਆ ਗਿਆ। ਗੁਰੂ ਸਾਹਿਬ ਉਸ ਪ੍ਰਮਾਤਮਾ ਦਾ ਨਾਮ ਲੈਂਦੇ ਹੋਏ 1606 ਈ: ਨੂੰ ਜੋਤੀ ਜੋਤ ਸਮਾਂ ਗਏ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਯਾਦ ‘ਚ ਅੱਜ ਕੱਲ੍ਹ ਅੰਮ੍ਰਿਤਸਰ ਦੇ ਨੇੜੇ ਤਰਨਤਾਰਨ ਸਾਹਿਬ ‘ਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸਥਿਤ ਹੈ।
2022 ਦੀਆਂ ਚੋਣਾਂ ਤੋਂ ਪਹਿਲਾ ਕੈਪਟਨ ਨੂੰ ਵੱਡਾ ਝਟਕਾ, ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਦਿੱਤਾ ਅਸਤੀਫਾ