guru arjan dev ji : ਸ਼ਾਂਤੀ ਦੇ ਪੁੰਜ, ਸੁਖਮਨੀ ਦੇ ਰਚੇਤਾ, ਬਾਣੀ ਦੇ ਬੋਹਿਥ, ਗੁਰੂ ਗ੍ਰੰਥ ਸਾਹਿਬ ਦੇ ਸੰਪਾਦਕ ਰਚੇਤਾ, ਨਾਮ ਬਾਣੀ ਵਿਚ ਵਿਲੀਨ, ਹਰਿਮੰਦਰ ਸਾਹਿਬ ਤੇ ਤਰਨਤਾਰਨ ਸਾਹਿਬ ਦੇ ਸਿਰਜਣਹਾਰੇ-ਸ੍ਰੀ ਗੁਰੂ ਅਰਜਨ ਦੇਵ ਜੀ, ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਸਪੁੱਤਰ ਦਾ ਜਨਮ 15 ਅਪ੍ਰੈਲ 1563 ਨੂੰ ਮਾਤਾ ਭਾਨੀ ਜੀ ਦੀ ਕੁੱਖੋਂ, ਗੋਇੰਦਵਾਲ ਵਿਖੇ ਹੋਇਆ। ਇਨ੍ਹਾਂ ਦੀ ਮਾਤਾ ਬੀਬੀ ਭਾਨੀ ਗੁਰੂ ਅਮਰਦਾਸ ਦੀ ਬੇਟੀ ਸਨ। ਗੁਰੂ ਅਰਜਨ ਸਾਹਿਬ ਦੇ ਭਰਾ ਬਾਬਾ ਪ੍ਰਿਥੀ ਚੰਦ ਤੇ ਬਾਬਾ ਮਹਾਂਦੇਵ ਸਨ।
ਗੁਰ ਰਾਮਦਾਸ ਨੇ ਸੰਨ 1577 ਵਿੱਚ ਪਿੰਡ ਤੁੰਗ ਦੇ ਜ਼ਿਮੀਂਦਾਰਾਂ ਨੂੰ 700 ਅਕਬਰੀ ਮੋਹਰਾਂ ਦੇ ਕੇ ਪੰਜ ਸੌ ਵਿਘੇ ਜ਼ਮੀਨ ਗੁਰੂ ਕੇ ਚੱਕ ਵਾਲੀ ਥਾਂ ਪ੍ਰਾਪਤ ਕੀਤੀ ਸੀ, ਜਿਸ ਦਾ ਨਾਮ ਬਾਅਦ ਵਿੱਚ ਚੱਕ ਰਾਮਦਾਸ ਪੈ ਗਿਆ। ਇਸੇ ਸਾਲ ਸ੍ਰੀ ਗੁਰੂ ਰਾਮਦਾਸ ਜੀ ਨੇ ਦੁਖਭੰਜਨੀ ਬੇਰੀ ਵਾਲੇ ਥਾਂ ਇੱਕ ਸਰੋਵਰ ਦੀ ਖੁਦਵਾਈ ਆਰੰਭੀ, ਜਿਸ ਨੂੰ ਬਾਅਦ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ। ਇਸ ਸਰੋਵਰ ਦਾ ਨਾਮ ਆਪਣੀ ਦੂਰਅੰਦੇਸ਼ੀ ਨਾਲ ਅੰਮ੍ਰਿਤਸਰ ਰੱਖਿਆ। ਇਸ ਤੋਂ ਹੀ ਇਸ ਨਗਰ ਦਾ ਨਾਮ ਅੰਮ੍ਰਿਤਸਰ ਪਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦੁੱਤੀ ਉਪਦੇਸ਼ਾਂ ਦਾ ਅਸਰ ਮੁਸਲਮਾਨ ਉਲਮਾਵਾਂ ਅਤੇ ਕਾਜ਼ੀਆਂ ਨੇ ਕਬੂਲਿਆ ਕਿਉਂਕਿ ਮੁਸਲਮਾਨ ਕੱਟੜਪੰਥੀ ਆਪਣੇ ਧਰਮ ਦੀ ਬਰਾਬਰੀ ਬਰਦਾਸ਼ਤ ਨਹੀਂ ਕਰ ਸਕਦੇ ਸਨ। ਅਕਬਰ ਦਾ ਪੁੱਤਰ ਜਹਾਂਗੀਰ ਜਦੋਂ ਤਖ਼ਤ ’ਤੇ ਬੈਠਾ ਤਾਂ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਉਸ ਦੇ ਕੰਨ ਭਰਨੇ ਸ਼ੁਰੂ ਕੀਤੇ। ਇਸ ਕੰਮ ਵਿੱਚ ਚੰਦੂ ਦੀ ਈਰਖਾ ਨੇ ਵੀ ਬਹੁਤ ਜ਼ਿਆਦਾ ਰੋਲ ਅਦਾ ਕੀਤਾ।
ਜਹਾਂਗੀਰ ਨੇ ਮੁਰਤਜ਼ਾ ਖਾਨ ਨੂੰ ਕਿਹਾ ਕਿ ਗੁਰੂ ਸਾਹਿਬ ਦਾ ਮਾਲ ਅਸਬਾਬ ਜ਼ਬਤ ਕਰਕੇ ਉਨ੍ਹਾਂ ਨੂੰ ਉਸ ਦੇ ਸਾਹਮਣੇ ਪੇਸ਼ ਕੀਤਾ ਜਾਵੇ। ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹਜ਼ਰਤ ਮੁਹੰਮਦ ਦੀ ਖੁਸ਼ਾਮਦ ਦੇ ਸ਼ਬਦ ਦਰਜ ਕਰਨ ਲਈ ਕਿਹਾ, ਜਿਸ ’ਤੇ ਗੁਰੂ ਸਾਹਿਬ ਨੇ ਸਾਫ ਇਨਕਾਰ ਕਰ ਦਿੱਤਾ। ਇੱਕ ਪਾਸੇ ਚੰਦੂ ਦੀ ਈਰਖਾ ਸੀ ਕਿ ਉਸ ਦੀ ਲੜਕੀ ਦਾ ਰਿਸ਼ਤਾ ਗੁਰੂ ਹਰਿਗੋਬਿੰਦ ਸਾਹਿਬ ਨੂੰ ਕਰਨ ਤੋਂ ਗੁਰੂ ਸਾਹਿਬ ਨੇ ਇਨਕਾਰ ਕਰ ਦਿੱਤਾ ਸੀ, ਅਖੀਰ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ ਗਿਆ, ਇਸ ਕੰਮ ਲਈ ਖਾਸ ਤੌਰ ’ਤੇ ਨਿਰਦਈ ਚੰਦੂ ਨੂੰ ਲਗਾਇਆ ਗਿਆ। ਗੁਰੂ ਸਾਹਿਬ ਨੂੰ ਤੱਤੀ ਤਵੀ ’ਤੇ ਬਿਠਾ ਕੇ ਸੀਸ ’ਤੇ ਤੱਤੀ ਰੇਤ ਪਾਈ ਗਈ ਅਤੇ ਬਾਅਦ ਵਿੱਚ ਉਬਲਦੇ ਪਾਣੀ ਦੀ ਦੇਗ ਵਿੱਚ ਪਾਇਆ ਗਿਆ।ਅੰਤ ਕਈ ਤਸੀਹਿਆਂ ਤੋਂ ਬਾਅਦ 1606 ਈਸਵੀ ਨੂੰ ਗੁਰੂ ਅਰਜਨ ਦੇਵ ਜੀ ਜੋਤੀ ਜੋਤ ਸਮਾ ਗਏ।