Jathedar Harpreet Singh : ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਅਪਣਾਏ ਜਾ ਰਹੇ ਗਲਤ ਦਰੀਕਿਆਂ ਅਤੇ ਮਾਮਲੇ ਦਰਜ ਕਰਨ ਦੀ ਨਿੰਦਾ ਕੀਤੀ ਤੇ ਨਾਲ ਹੀ ਸਿੱਖ ਕੌਮ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਲਈ ਅਰਦਾਸ ਕਰਨ ਦੀ ਵੀ ਅਪੀਲ ਕੀਤੀ ਹੈ। ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼ਾਂਤਮਈ ਰੋਸ ਪ੍ਰਗਟਾਉਣ ਦਿੱਲੀ ਗਏ ਕਿਸਾਨਾਂ ਨੂੰ ਰਸਤੇ ‘ਚ ਰੋਕਣ ਅਤੇ ਉਨ੍ਹਾਂ ‘ਤੇ ਪੁਲਸ ਦੀ ਕਾਰਵਾਈ ਅਤੇ ਪਾਣੀਆਂ ਦੀਆਂ ਬੌਛਾਰਾਂ ਕਰਨ ਖਿਲਾਫ ਜਥੇਦਾਰ ਵੱਲੋਂ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਜਾਣਾ ਸੱਚਮੁੱਚ ਨਿੰਦਣਯੋਗ ਹੈ। ਕਿਸਾਨ ਦੇਸ਼ ਦੇ ਅੰਨਦਾਤਾ ਹਨ ਅਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਅਤਿਆਚਾਰ ਨੂੰ ਇਤਿਹਾਸ ਦੇ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ। ਜਦੋਂਕਿ ਕਿਸਾਨਾਂ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਦਰਕਿਨਾਰ ਕਰਦੇ ਹੋਏ ਉਨ੍ਹਾਂ ਜਵਾਨਾਂ ਨੂੰ ਵੀ ਲੰਗਰ ਛਕਾਇਆ ਜਿਨ੍ਹਾਂ ਨੇ ਉਨ੍ਹਾਂ ਦਾ ਰਸਤਾ ਰੋਕਿਆ ਸੀ।
ਇਥੇ ਦੱਸ ਦੇਈਏ ਕਿ ਦਿੱਲੀ ਕੂਚ ਕਰਦੇ ਸਮੇਂ ਪੰਜਾਬ ਦੇ ਇੱਕ ਕਿਸਾਨ ਨੌਜਵਾਨ ਵੱਲੋਂ ਹਰਿਆਣਾ ਪੁਲਿਸ ਦੁਆਰਾ ਇਸਤੇਮਾਲ ਕੀਤੇ ਗਏ ਪਾਣੀ ਦੀਆਂ ਬੌਛਾਰਾਂ ਦਾ ਰੁਖ਼ ਬਦਲ ਦਿੱਤਾ ਗਿਆ ਸੀ ਜਿਸ ਕਾਰਨ ਹਰਿਆਣਾ ਸਰਕਾਰ ਵੱਲੋਂ ਉਸ ‘ਤੇ ਕੇਸ ਦਰਜ ਕਰ ਦਿੱਤਾ ਗਿਆ। ਖੱਟਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਦੇ ਪ੍ਰਦਰਸ਼ਨ ਨੂੰ ਲੈ ਕੇ ਇੱਕ ਵਿਵਾਦਿਤ ਬਿਆਨ ‘ਚ ਸਾਹਮਣੇ ਆਇਆ ਹੈ ਜਿਸ ‘ਚ ਉਨ੍ਹਾਂ ਨੇ ਕਿਹਾ ਕਿ ਕਿਸਾਨ ਸੰਘਰਸ਼ ‘ਚ ਖਾਲਿਸਤਾਨੀ ਸਮਰਥਕ ਵੀ ਸ਼ਾਮਲ ਹਨ। ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਇਸ ਵਤੀਰੇ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮਨਹੋਰ ਲਾਲ ਖੱਟਰ ਤੋਂ ਨਾਰਾਜ਼ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਉਨ੍ਹਾਂ ਨਾਲ ਗੱਲਬਾਤ ਨਹੀਂ ਕਰਨਗੇ ਜਦੋਂ ਤੱਕ ਮਨੋਹਰ ਲਾਲ ਖੱਟਰ ਕਿਸਾਨਾਂ ਤੋਂ ਮੁਆਫੀ ਨਹੀਂ ਮੰਗਦੇ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਅਸੀਂ ਅੱਜ ਸਵੇਰੇ ਮੀਟਿੰਗ ਤੋਂ ਬਾਅਦ ਹੀ ਗੱਲਬਾਤ ਦੇ ਪ੍ਰਸਤਾਵ ‘ਤੇ ਕੋਈ ਫੈਸਲਾ ਕਰਾਂਗੇ। ਅਮਿਤ ਸ਼ਾਹ ਨੇ ਸ਼ਰਤ ਰੱਖ ਕੇ ਜਲਦ ਬੈਠਕ ਕਰਨ ਦੀ ਅਪੀਲ ਕੀਤੀ ਹੈ। ਇਹ ਸਹੀ ਨਹੀਂ ਹੈ। ਉਨ੍ਹਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਖੁੱਲ੍ਹੇ ਦਿਲ ਨਾਲ ਗੱਲਬਾਤ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਵਿਰੋਧ ਰਾਮ ਲੀਲਾ ਮੈਦਾਨ ‘ਚ ਹੁੰਦਾ ਹੈ। ਫਿਰ ਅਸੀਂ ਨਿੱਜੀ ਜਗ੍ਹਾ ਨਿਰੰਕਾਰੀ ਭਵਨ ‘ਚ ਕਿਉਂ ਜਾਈਏ? ਅੱਜ ਅਸੀਂ ਇਥੇ ਹੀ ਰਹਾਂਗੇ। ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨੂੰ ਵਾਰ-ਵਾਰ ਗੱਲਬਾਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਸੀਂ ਭਗਤ ਸਿੰਘ ਵਰਗੇ ਯੋਧਿਆਂ ਨੂੰ ਜਨਮ ਦੇਣ ਵਾਲੀਆਂ ਹਾਂ ,ਖੇਤੀ ਕਾਨੂੰਨ ਵਾਪਸ ਕਰਵਾ ਕੇ ਦਮ ਲਵਾਂਗੇ