Malerkotla Muslims: ਸਿੱਖ ਮੁਸਲਿਮ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦਿਆਂ ਮਲੇਰਕੋਟਲੇ ਦੇ ਮੁਸਲਮਾਨ ਭਾਈਚਾਰੇ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 330 ਕੁਇੰਟਲ ਕਣਕ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ‘ਸਿੱਖ ਮੁਸਲਿਮ ਸਾਂਝਾਂ’ ਦੇ ਮੁਖੀ ਡਾ. ਨਸੀਰ ਅਖਤਰ ਦੀ ਅਗਵਾਈ ਵਿਚ ਪੁੱਜੇ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਗੁਰੂ ਕਾ ਲੰਗਰ ਵੀ ਛਕਿਆ। ਕਣਕ ਭੇਟ ਕਰਨ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਤੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਨਸੀਰ ਅਖਤਰ ਨੇ ਕਿਹਾ ਕਿ ਸਿੱਖਾਂ ਅਤੇ ਮੁਸਲਮਾਨਾਂ ਦੀ ਸਾਂਝ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੈ।
ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਮਲੇਰਕੋਟਲੇ ਤੋਂ ਪੁੱਜੇ ਮੁਸਲਿਮ ਭਾਈਚਾਰੇ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਅਨਵਰ ਖਾਨ, ਸ਼ਬੀਰ ਖਾਨ, ਮੁਹੰਮਦ ਅਰਫਾਨ, ਮੁਹੰਮਦ ਲਿਆਕਤ, ਮੁਹੰਮਦ ਅਖਤਰ, ਸਾਦਕ ਅਲੀ, ਮੁਹੰਮਦ ਹਨੀਫ ਆਦਿ ਮੌਜੂਦ ਸਨ