Operation Blue Star June 1: ਜੂਨ 1984 ਸਿੱਖ ਮਾਨਸਿਕਤਾ ‘ਤੇ ਅਜਿਹਾ ਜ਼ਖ਼ਮ ਐ ਜੋ ਹਰ ਸਾਲ ਨਾਸੂਰ ਬਣ ਕੇ ਵਹਿੰਦਾ। ਇਸ ਦੀ ਪੀੜ ਅੱਜ ਇੰਨੇ ਸਾਲਾਂ ਮਗਰੋਂ ਵੀ ਹਰ ਸਿੱਖ ਦੀ ਅੱਖ ਵਿਚੋਂ ਸਾਫ਼ ਨਜ਼ਰ ਆਉਂਦੀ ਹੈ। ਦਰਅਸਲ ਇਹ ਹਮਲਾ ਭਾਵੇਂ 6 ਜੂਨ 1984 ਨੂੰ ਹੋਇਆ ਸੀ। ਪਰ ਇਸ ਦੀ ਤਿਆਰੀ ਬਹੁਤ ਸਮਾਂ ਪਹਿਲਾਂ ਹੀ ਹੋ ਚੁੱਕੀ ਸੀ। 28 ਮਈ 1984 ਨੂੰ ਭਾਰਤ ਸਰਕਾਰ ਵੱਲੋਂ ਪੂਰੇ ਪੰਜਾਬ ਵਿਚ ਫ਼ੌਜ ਤਾਇਨਾਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ। ਸ਼ਹਿਰਾਂ ਦੇ ਗਲੀਆਂ ਮੁਹੱਲਿਆਂ ਵਿਚ ਫ਼ੌਜ ਹਰਲ ਹਰਲ ਕਰਦੀ ਫਿਰ ਰਹੀ ਸੀ।
ਅਕਤੂਬਰ 1983 ਵਿੱਚ ਢਿੱਲਵਾਂ ਬੱਸ ਕਾਂਡ ਦੌਰਾਨ 6 ਹਿੰਦੂ ਮਾਰੇ ਗਏ ਤੇ ਪੰਜਾਬ ‘ਚ ਕਾਂਗਰਸ ਦੀ ਦਰਬਾਰਾ ਸਿੰਘ ਸਰਕਾਰ ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ਉੱਤੇ ਭੰਗ ਕਰ ਦਿੱਤਾ ਗਿਆ। ਪੰਜਾਬ ਵਿੱਚ ਹਿੰਸਾ ਦਾ ਦੌਰ ਸ਼ੁਰੂ ਹੋ ਚੁੱਕਿਆ ਸੀ ਤੇ 1984 ਵਿੱਚ ਜੂਨ ਤੱਕ ਹਿੰਸਕ ਵਾਰਦਾਤਾਂ ਵਿੱਚ ਦਰਜਨਾਂ ਆਮ ਲੋਕ ਅਤੇ ਪੁਲਿਸ ਮੁਲਾਜ਼ਮ ਮਾਰੇ ਜਾ ਚੁੱਕੇ ਸਨ। ਉਸ ਤੋਂ ਬਾਅਦ ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਉੱਤੇ ਕੀਤਾ ਗਿਆ ਹਮਲਾ ‘ਆਪਰੇਸ਼ਨ ਬਲੂ ਸਟਾਰ’ ਵਜੋਂ ਜਾਣਿਆਂ ਜਾਂਦਾ ਹੈ। ਸਰਕਾਰ ਮੁਤਾਬਕ ਇਹ ਹਮਲਾ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਅਕਾਲ ਤਖ਼ਤ ਉੱਤੇ ਕਬਜ਼ਾ ਕਰੀ ਬੈਠੇ ਹਥਿਆਰਬੰਦ ਖਾੜਕੂਆਂ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚੋਂ ਕੱਢਣ ਲਈ ਕੀਤਾ ਗਿਆ।
1 ਜੂਨ 1984 ਨੂੰ ਸਾਢੇ 12 ਵਜੇ ਸੀਆਰਪੀਐਫ ਨੇ ਬਿਨਾਂ ਕਿਸੇ ਭੜਕਾਹਟ ਦੇ ਸ੍ਰੀ ਦਰਬਾਰ ਸਾਹਿਬ ਵੱਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮਸਲਾ ਪੈਦਾ ਕਰਨਾ ਸਰਕਾਰ ਲਈ ਕੋਈ ਔਖਾ ਕੰਮ ਨਹੀਂ ਸੀ। ਸ੍ਰੀ ਦਰਬਾਰ ਸਾਹਿਬ ਨਾਲ ਲਗਦੇ ਇਲਾਕੇ ਦੇ ਮੋਚੀ ਬਜ਼ਾਰ ਵਿਚ ਇਕ ਕੰਧ ਦੀ ਉਸਾਰੀ ਨੂੰ ਲੈ ਕੇ ਸੀਆਰਪੀਐਫ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਝ ਅਧਿਕਾਰੀਆਂ ਵਿਚਾਲੇ ਤਕਰਾਰਬਾਜ਼ੀ ਹੋ ਗਈ। ਸੀਆਰਪੀਐਫ ਨੇ ਬਿਨਾਂ ਕਿਸੇ ਦੇਰੀ ਗੋਲੀ ਚਲਾ ਦਿੱਤੀ, ਦੂਜੇ ਬੰਨਿਓਂ ਵੀ ਗੋਲੀ ਦਾ ਜਵਾਬ ਦਿੱਤਾ ਗਿਆ। ਇਹ ਗੋਲੀਬਾਰੀ ਦੇਰ ਸ਼ਾਮ ਤਕ ਜਾਰੀ ਰਹੀ। ਇਸ ਗੋਲੀਬਾਰੀ ਦੌਰਾਨ ਗੁਰਦੁਆਰਾ ਬਾਬਾ ਅਟਲ ਰਾਏ ‘ਤੇ ਮੋਰਚਾ ਮੱਲੀ ਬੈਠੇ ਭਾਈ ਮਹਿੰਗਾ ਸਿੰਘ ਬੱਬਰ ਸ਼ਹੀਦ ਹੋ ਗਏ, ਜਿਨ੍ਹਾਂ ਦਾ ਅੰਤਮ ਸਸਕਾਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਹੀ ਕੀਤਾ ਗਿਆ। ਪੂਰੇ ਸ਼ਹਿਰ ਵਿਚ ਕਰਫਿਊ ਲੱਗ ਚੁੱਕਾ ਸੀ, ਜਿਸ ਕਾਰਨ ਪੂਰੇ ਸ਼ਹਿਰ ਦੇ ਲੋਕ ਸਹਿਮੇ ਹੋਏ ਸਨ।
ਵੀਹਵੀਂ ਸਦੀ ਦੇ ਅੱਠਵੇਂ ਦਹਾਕੇ ਦੇ ਸ਼ੁਰੂਆਤੀ ਸਾਲਾਂ ਵਿੱਚ ਦਮਦਮੀ ਟਕਸਾਲ ਦੇ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖਾਂ ਦੇ ਮਸਲੇ ਬੇਬਾਕੀ ਨਾਲ ਚੁੱਕਣ ਕਾਰਨ ਸਿਆਸਤ ਦੇ ਕੇਂਦਰ ਬਿੰਦੂ ਬਣ ਚੁੱਕੇ ਸਨ। ਹਮਲੇ ਦੌਰਾਨ ਫੌਜ ਦੀ ਅਗਵਾਈ ਕਰ ਰਹੇ ਜਨਰਲ ਕੁਲਦੀਪ ਸਿੰਘ ਬਰਾੜ ਦਾਅਵਾ ਕਰਦੇ ਹਨ ਕਿ ਭਿੰਡਰਾਂਵਾਲੇ ਜਾਂ ਉਨ੍ਹਾਂ ਦੇ ਸਾਥੀ ਵੱਖਰੇ ਰਾਜ ਖਾਲਿਸਤਾਨ ਦਾ ਐਲਾਨ ਕਰਨ ਵਾਲੇ ਸਨ ਅਤੇ ਉਨ੍ਹਾਂ ਨੂੰ ਪਾਕਿਸਤਾਨੀ ਫੌਜ ਦੀ ਮਦਦ ਮਿਲ ਸਕਦੀ ਸੀ। ਇਸ ਲਈ ਫੌਜੀ ਐਕਸ਼ਨ ਕਰਨਾ ਜ਼ਰੂਰੀ ਸੀ। ਪਰ ਸਿੱਖ ਵਿਦਵਾਨ ਤੇ ਭਿੰਡਰਾਂਵਾਲਿਆਂ ਦੇ ਸਲਾਹਾਕਾਰ ਰਹੇ ਡਾਕਟਰ ਭਗਵਾਨ ਸਿੰਘ ਇਸ ਦਾਅਵੇ ਨੂੰ ਰੱਦ ਕਰਦੇ ਹਨ, ਉਨ੍ਹਾਂ ਮੁਤਾਬਕ ਇਹ ਯੋਜਨਾ ਪਹਿਲਾਂ ਗਿਣੀ-ਮਿਥੀ ਗਈ ਸੀ।ਸਿੱਖ ਆਗੂਆਂ ਮੁਤਾਬਕ ਇਸ ਹਮਲੇ ਰਾਹੀਂ ਦੇਸ਼ ਦੀਆਂ ਕੁਝ ਸਿਆਸੀ ਧਿਰਾਂ ਮੁਲਕ ਵਿੱਚ ਫਿਰਕੂ ਧਰੁਵੀਕਰਨ ਕਰਕੇ ਆਪਣੇ ਸਿਆਸੀ ਹਿੱਤ ਪੂਰਨਾ ਚਾਹੁੰਦੀਆਂ ਸਨ। ਸਰਕਾਰੀ ਵ੍ਹਾਈਟ ਪੇਪਰ ਮੁਤਾਬਕ ਹਮਲੇ ‘ਚ 83 ਫੌਜੀ ਤੇ 493 ਆਮ ਲੋਕ ਮਾਰੇ ਗਏ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਹਮਲੇ ਦੇ ਮ੍ਰਿਤਕਾਂ ਦੀ ਸੂਚੀ ਵਿੱਚ 743 ਨਾਂ ਸ਼ਾਮਲ ਹਨ।