Sri Japji Sahib (Part 12th) : ਸ੍ਰੀ ਜਪੁਜੀ ਸਾਹਿਬ ਦੀਆਂ ਇਨ੍ਹਾਂ ਪਉੜੀਆਂ ਵਿੱਚ ਸ੍ਰੀ ਗੁਰੂ ਨਾਨਕ ਪਾਤਸ਼ਾਹ ਫਰਮਾਉਂਦੇ ਹਨ ਕਿ ਪ੍ਰਭੂ ਬੇਅੰਤ ਗੁਣਾਂ ਦਾ ਮਾਲਕ ਹੈ, ਉਸ ਦੀ ਪੈਦਾ ਕੀਤੀ ਰਚਨਾ ਭੀ ਬੇਅੰਤ ਹੈ। ਜਿਉਂ ਜਿਉਂ ਉਸ ਦੇ ਗੁਣਾਂ ਵੱਲ ਧਿਆਨ ਮਾਰੀਏ, ਉਹ ਹੋਰ ਵੱਡਾ ਪ੍ਰਤੀਤ ਹੋਣ ਲੱਗ ਪੈਂਦਾ ਹੈ। ਜਗਤ ਵਿਚ ਨਾਹ ਕੋਈ ਉਸ ਪ੍ਰਭੂ ਜਿੱਡਾ ਵੱਡਾ ਹੈ ਹੀ, ਤੇ ਇਸ ਵਾਸਤੇ ਨਾਹ ਕੋਈ ਇਹ ਦੱਸ ਸਕਦਾ ਹੈ ਕਿ ਪ੍ਰਭੂ ਕਿਤਨਾ ਵੱਡਾ ਹੈ। ਉਸ ਅਕਾਲ ਪੁਰਖ ਦੀ ਬਖਸ਼ਿਸ਼ ਇੰਨੀ ਵੱਡੀ ਹੈ ਕਿ ਇਹ ਲਿਖੀ ਨਹੀਂ ਜਾ ਸਕਦੀ।
ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥
ਗੁਰੂ ਸਾਹਿਬ ਫਰਮਾਉਂਦੇ ਹਨ ਕਿ ਉਸ ਅਕਾਲ ਪੁਰਖ ਦੇ ਗੁਣਾਂ ਦਾ ਕੋਈ ਹੱਦ-ਬੰਨਾ (ਅੰਤ) ਨਹੀਂ ਹੈ, ਗਿਣਨ ਨਾਲ ਵੀ ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ਭਾਵ ਗਿਣੇ ਨਹੀਂ ਜਾ ਸਕਦੇ। ਅਕਾਲ ਪੁਰਖ ਦੀ ਰਚਨਾ ਤੇ ਦਾਤਾਂ ਦਾ ਅੰਤ ਨਹੀਂ ਪੈ ਸਕਦਾ। ਵੇਖਣ ਤੇ ਸੁਣਨ ਨਾਲ ਲੀ ਉਸ ਦੇ ਗੁਣਾਂ ਦਾ ਪਾਰ ਨਹੀਂ ਪਾਇਆ ਜਾ ਸਕਦਾ। ਉਸ ਅਕਾਲ ਪੁਰਖ ਦੇ ਮਨ ਵਿਚ ਕਿਹੜੀ ਸਲਾਹ ਹੈ-ਇਸ ਗੱਲ ਦਾ ਵੀ ਅੰਤ ਨਹੀਂ ਪਾਇਆ ਜਾ ਸਕਦਾ। ਅਕਾਲ ਪੁਰਖ ਨੇ ਇਹ ਜਗਤ ਬਣਾਇਆ ਹੈ, ਪਰ ਇਸ ਦਾ ਅਖ਼ੀਰ, ਇਸ ਦਾ ਉਰਲਾ ਤੇ ਪਾਰਲਾ ਬੰਨਾ ਕੋਈ ਨਹੀਂ ਦਿੱਸਦਾ। ਕਈ ਮਨੁੱਖ ਅਕਾਲ ਪੁਰਖ ਦਾ ਹੱਦ-ਬੰਨਾ ਲੱਭਣ ਲਈ ਤਰਲੈ ਲੈ ਰਹੇ ਸਨ, ਪਰ ਉਸ ਦੇ ਹੱਦ-ਬੰਨੇ ਲੱਭੇ ਨਹੀਂ ਜਾ ਸਕਦੇ।
ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥24॥
ਅਕਾਲ ਪੁਰਖ ਦੇ ਗੁਣਾਂ ਦਾ ਇਹ ਹੱਦ-ਬੰਨਾ (ਜਿਸ ਦੀ ਬੇਅੰਤ ਜੀਵ ਭਾਲ ਕਰ ਰਹੇ ਹਨ) ਕੋਈ ਮਨੁੱਖ ਨਹੀਂ ਪਾ ਸਕਦਾ। ਜਿਉਂ ਜਿਉਂ ਇਹ ਗੱਲ ਆਖੀ ਜਾਵੀਏ ਕਿ ਉਹ ਵੱਡਾ ਹੈ, ਤਿਉਂ ਤਿਉਂ ਉਹ ਹੋਰ ਵੱਡਾ, ਹੋਰ ਵੱਡਾ ਪਰਤੀਤ ਹੋਣ ਲੱਗ ਪੈਂਦਾ ਹੈ। ਅਕਾਲ ਪੁਰੱਖ ਵੱਡਾ ਹੈ, ਉਸ ਦਾ ਟਿਕਾਣਾ ਉੱਚਾ ਹੈ। ਉਸ ਦਾ ਨਾਮਣਾ ਭੀ ਉੱਚਾ ਹੈ। ਜੇ ਕੋਈ ਹੋਰ ਉਸ ਵਰਗਾ ਵੱਡਾ ਹੋਵੇ, ਉਹ ਹੀ ਉਸ ਉੱਚੇ ਅਕਾਲ ਪੁਰਖ ਨੂੰ ਸਮਝ ਸਕਦਾ ਹੈ। ਅਕਾਲ ਪੁਰਖ ਆਪ ਹੀ ਜਾਣਦਾ ਹੈ ਕਿ ਉਹ ਆਪ ਕਿੰਨਾ ਵੱਡਾ ਹੈ। ਹੇ ਨਾਨਕ! (ਹਰੇਕ) ਦਾਤ ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖ਼ਸ਼ਿਸ਼ ਨਾਲ ਮਿਲਦੀ ਹੈ।