Sri Japji Sahib (Part 19th) : ਸ੍ਰੀ ਜਪੁਜੀ ਸਾਹਿਬ ਦੀਆਂ ਇਨ੍ਹਾਂ ਪਉੜੀਆਂ ਵਿੱਚ ਪਹਿਲੇ ਪਾਤਸ਼ਾਹ ਨੇ ਫਰਮਾਇਆ ਹੈ ਕਿ ਅਕਾਲ ਪੁਰਖ ਹੀ ਸਭ ਸਾਈਂ ਹੈ, ਉਸ ਦੀ ਰਜ਼ਾ ਵਿਚ ਜੀਵ ਇੱਥੇ ਆ ਇਕੱਠੇ ਹੁੰਦੇ ਹਨ ਤੇ ਰਜ਼ਾ ਵਿਚ ਹੀ ਇਥੋਂ ਤੁਰ ਪੈਂਦੇ ਹਨ। ਇਹ ਗਿਆਨ ਪੈਦਾ ਹੋਇਆ ਖਲਕਤ ਨਾਲ ਪਿਆਰ ਕਰਨ ਦੀ ਜਾਚ ਆਵੇਗੀ। ਜੋਗ-ਅਭਿਆਸ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਸਿੱਧੀਆਂ ਨੂੰ ਉੱਚਾ ਜੀਵਨ ਸਮਝ ਲੈਣਾ ਭੁੱਲ ਹੈ। ਇਹ ਤਾਂ ਸਗੋਂ ਕੁਰਾਹੇ ਲੈ ਜਾਂਦੀਆਂ ਹਨ। (ਇਹਨਾਂ ਦੀ ਸਹਾਇਤਾ ਨਾਲ ਜੋਗੀ ਲੋਕ ਆਮ ਜਨਤਾ ਉੱਤੇ ਦਬਾਉ ਪਾ ਕੇ ਉਹਨਾਂ ਨੂੰ ਇਨਸਾਨੀਅਤ ਤੋਂ ਡੇਗਦੇ ਹਨ)।
ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥
ਹੇ ਜੋਗੀ! ਜੇ ਅਕਾਲ ਪੁਰਖ ਦੀ ਸਰਬ-ਵਿਆਪਕਤਾ ਦਾ ਗਿਆਨ ਤੇਰੇ ਲਈ ਭੰਡਾਰਾ (ਚੂਰਮਾ) ਹੋਵੇ, ਦਇਆ ਇਸ (ਗਿਆਨ-ਰੂਪ) ਭੰਡਾਰੇ ਦੀ ਵਰਤਾਈ ਹੋਵੇ, ਹਰੇਕ ਜੀਵ ਦੇ ਅੰਦਰ ਜਿਹੜੀ (ਜ਼ਿੰਦਗੀ ਦੀ ਰੌ ਚੱਲ ਰਹੀ ਹੈ, (ਭੰਡਾਰਾ ਛਕਣ ਵੇਲੇ ਜੇ ਤੇਰੇ ਅੰਦਰ) ਇਹ ਨਾਦੀ ਵੱਜ ਰਹੀ ਹੋਵੇ, ਤੇਰਾ ਨਾਥ ਆਪ ਅਕਾਲ ਪੁਰਖ ਹੋਵੇ, ਜਿਸ ਦੇ ਵੱਸ ਵਿਚ ਸਾਰੀ ਸ੍ਰਿਸ਼ਟੀ ਹੈ, (ਤਾਂ ਕੂੜ ਦੀ ਕੰਧ ਤੇਰੇ ਅੰਦਰੋਂ ਟੁੱਟ ਕੇ ਪਰਮਾਤਮਾ ਨਾਲੋਂ ਤੇਰੀ ਵਿੱਥ ਮਿਟ ਸਕਦੀ ਹੈ। ਜੋਗ ਸਾਧਨਾਂ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਵਿਅਰਥ ਹਨ, ਇਹ) ਰਿੱਧੀਆਂ ਤੇ ਸਿੱਧੀਆਂ ਤਾਂ ਕਿਸੇ ਹੋਰ ਪਾਸੇ ਖੜਨ ਵਾਲੇ ਸੁਆਦ ਹਨ। ਅਕਾਲ ਪੁਰਖ ਦੀ “ਸੰਜੋਗ” ਸੱਤਾ ਤੇ “ਵਿਜੋਗ” ਸੱਤਾ ਦੋਵੇਂ (ਮਿਲ ਕੇ ਇਸ ਸੰਸਾਰ ਦੀ) ਕਾਰ ਨੂੰ ਚਲਾ ਰਹੀਆਂ ਹਨ (ਭਾਵ, ਪਿਛਲੇ ਸੰਜੋਗਾਂ ਕਰ ਕੇ ਇੱਕ ਪਰਿਵਾਰ ਵਿੱਚ ਜੀਵ ਇੱਥੇ ਆ ਇਕੱਠੇ ਹੁੰਦੇ ਹਨ। ਰਜ਼ਾ ਵਿਚ ਫਿਰ ਵਿਛੜ ਵਿਛੜ ਕੇ ਆਪੋ-ਆਪਣੀ ਵਾਰੀ ਇੱਥੋਂ ਤੁਰ ਜਾਂਦੇ ਹਨ) ਅਤੇ (ਸਭ ਜੀਵਾਂ ਦੇ ਕੀਤੇ ਕਰਮਾਂ ਦੇ) ਲੇਖ ਅਨੁਸਾਰ (ਦਰਜਾ-ਬ-ਦਰਜਾ ਸੁਖ ਦੁਖ ਦੇ) ਛਾਂਦੇ ਮਿਲ ਰਹੇ ਹਨ (ਜੇ ਇਹ ਯਕੀਨ ਬਣ ਜਾਏ ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਜਾਂਦੀ ਹੈ।)
ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥29॥
ਸੋ, ਕੂੜ ਦੀ ਕੰਧ ਦੂਰ ਕਰਨ ਲਈ ਕੇਵਲ ਉਸ ਅਕਾਲ ਪੁਰਖ ਨੂੰ ਪ੍ਰਣਾਮ ਕਰੋ, ਜੋ (ਸਭ ਦਾ) ਮੁੱਢ ਹੈ, ਜੋ ਸੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ) , ਜੋ ਨਾਸ ਰਹਿਤ ਹੈ ਅਤੇ ਜੋ ਸਦਾ ਇਕੋ ਜਿਹਾ ਰਹਿੰਦਾ ਹੈ।